- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਟਾਲਾ ਪੁਲਿਸ ਵਲੋਂ ਪਿਛਲੇ ਦੋ ਦਿਨਾਂ ਤੋਂ ਚਲਾਏ ਜਾ ਰਹੇ ਆਪ੍ਰੇਸ਼ਨ ਪ੍ਰਹਾਰ-4 ਤਹਿਤ ਵੱਖ-ਵੱਖ ਇਲਾਕਿਆਂ ’ਚ ਛਾਪੇਮਾਰੀ ਅਤੇ ਕਾਸ਼ੋ ਆਪ੍ਰੇਸ਼ਨ ਦੌਰਾਨ ਵੱਖ-ਵੱਖ ਮਾਮਲਿਆਂ ’ਚ 300 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਨੇ 400 ਗ੍ਰਾਮ ਹੈਰੋਇਨ ਅਤੇ 2 ਪਿਸਤੌਲ ਵੀ ਬਰਾਮਦ ਕੀਤੇ ਹਨ।

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ: ਬਟਾਲਾ ਪੁਲਿਸ ਵਲੋਂ ਪਿਛਲੇ ਦੋ ਦਿਨਾਂ ਤੋਂ ਚਲਾਏ ਜਾ ਰਹੇ ਆਪ੍ਰੇਸ਼ਨ ਪ੍ਰਹਾਰ-4 ਤਹਿਤ ਵੱਖ-ਵੱਖ ਇਲਾਕਿਆਂ ’ਚ ਛਾਪੇਮਾਰੀ ਅਤੇ ਕਾਸ਼ੋ ਆਪ੍ਰੇਸ਼ਨ ਦੌਰਾਨ ਵੱਖ-ਵੱਖ ਮਾਮਲਿਆਂ ’ਚ 300 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਨੇ 400 ਗ੍ਰਾਮ ਹੈਰੋਇਨ ਅਤੇ 2 ਪਿਸਤੌਲ ਵੀ ਬਰਾਮਦ ਕੀਤੇ ਹਨ।
ਇਸ ਸੰਬੰਧੀ ਸਥਾਨਕ ਗਾਂਧੀ ਚੌਕ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਡੀਆਈਬੀ ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਟਾਲਾ ਪੁਲਿਸ ਵਲੋਂ ਬਟਾਲਾ, ਸ਼੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ, ਫਤਿਹਗੜ੍ਹ ਚੂੜੀਆਂ ਅਤੇ ਡੇਰਾ ਬਾਬਾ ਨਾਨਕ ਵਿਖੇ ਆਪ੍ਰੇਸ਼ਨ ਪ੍ਰਹਾਰ-4 ਚਲਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਬਟਾਲਾ ਪੁਲਿਸ ਨੇ ਪਿਛਲੇ 2 ਦਿਨਾਂ ’ਚ ਵੱਖ-ਵੱਖ ਇਲਾਕਿਆਂ ’ਚੋਂ ਛਾਪੇਮਾਰੀ ਕੀਤੀ ਅਤੇ ਕਾਸ਼ੋ ਆਪ੍ਰੇਸ਼ਨ ਵੀ ਚਲਾਏ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਵਾਈਆਂ ਦੇ ਦੌਰਾਨ ਪੁਲਸ ਨੇ 400 ਦੇ ਕਰੀਬ ਵਿਅਕਤੀਆਂ ਨੂੰ ਰਾਊਂਡਅਪ ਕੀਤਾ ਸੀ ਜਿਨ੍ਹਾਂ ਵਿਚੋਂ ਪੁਲਿਸ ਨੇ 300 ਵਿਅਕਤੀਆਂ ਨੂੰ ਵੱਖ-ਵੱਖ ਮਾਮਲਿਆਂ ’ਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚੋਂ 90 ਵਿਅਕਤੀ ਪੁਰਾਣੇ ਕੇਸਾਂ ’ਚ ਲੋੜੀਂਦੇ ਸਨ ਜਦਕਿ 60 ਵਿਅਕਤੀਆਂ ਨੂੰ ਐੱਨਡੀਪੀਐੱਸ ਐਕਟ ਕੇਸ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੁਲਸ ਵਲੋਂ ਐੱਨਡੀਪੀਐੱਸ ਐਕਟ ਤਹਿਤ ਨਸ਼ੀਲੇ ਪਦਾਰਥਾਂ ਦੀ ਰਿਕਵਰੀ ਵੀ ਕੀਤੀ ਗਈ ਹੈ ਜਿਸ ਵਿਚੋਂ ਥਾਣਾ ਸ਼੍ਰੀ ਹਰਗੋਬਿੰਦਪੁਰ ਦੀ ਪੁਲਸ ਵਲੋਂ ਕਰੀਬ 400 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ 2 ਪਿਸਤੌਲ ਵੀ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਅੱਜ ਪੁਲਸ ਵਲੋਂ ਵੱਖ-ਵੱਖ ਇਲਾਕਿਆਂ ’ਚ ਵਿਸ਼ੇਸ਼ ਨਾਕਾਬੰਦੀ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਟਾਲਾ ਪੁਲਸ ਵਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਭਵਿੱਖ ’ਚ ਵੀ ਇਹ ਕਾਰਵਾਈ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਸ਼ਹਿਰ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ ਅਤੇ ਪੁਲਸ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਪ੍ਰਹਾਰ-4 ਤਹਿਤ ਇਕ ਹਜ਼ਾਰ ਦੇ ਕਰੀਬ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਸੀ । ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ ਅਤੇ ਸ਼ਹਿਰ ਵਾਸੀਆਂ ਨੂੰ ਵੀ ਪੁਲਸ ਪ੍ਰਸ਼ਾਸਨ ਦਾ ਸਾਥ ਦਿੰਦੇ ਹੋਏ ਸ਼ਹਿਰ ’ਚ ਅਮਨ ਸ਼ਾਂਤੀ ਬਹਾਲ ਰੱਖਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨਾਲ ਐੱਸਪੀਡੀ ਸੰਦੀਪ ਵਡੇਹਰਾ, ਡੀਐੱਸਪੀ ਤੇਜਿੰਦਰਪਾਲ ਸਿੰਘ ਗੋਰਾਇਆ ਅਤੇ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।