- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੱਡੀ ਗਿਣਤੀ ਵਿੱਚ ਲੋਕ ਸਮਾਗਮ ਵਿੱਚ ਸ਼ਾਮਲ ਹੋਏ ਅਤੇ ਮੁੱਖ ਮੰਤਰੀ ਦੇ ਸੰਬੋਧਨ ਨੂੰ ਸੁਣਨ ਲਈ ਇਕੱਠੇ ਹੋਏ। ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਮਾਨ ਨੇ ਕਾਦੀਆਂ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਕਾਦੀਆਂ ਨੂੰ ਸਬ-ਡਵੀਜ਼ਨ ਬਣਾਉਣ ਦਾ ਐਲਾਨ ਕੀਤਾ।

ਸ਼ਾਮ ਤਿਵਾੜੀ\ਤਾਰਿਕ ਅਹਿਮਦ, ਬਟਾਲਾ\ਕਾਦੀਆਂ: ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸੀਨੀਅਰ ਆਗੂ ਗੁਰਇਕਬਾਲ ਸਿੰਘ ਮਾਹਲ ਵਲੋਂ ਕਾਦੀਆਂ ਦੇ ਵਿਕਟੋਰੀਆ ਗਾਰਡਨ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਕਾਦੀਆਂ ਪਹੁੰਚੇ, ਜਿੱਥੇ ਉਨ੍ਹਾਂ ਦਾ ਬਾਪੂ ਜਰਨੈਲ ਸਿੰਘ ਮਾਹਲ ਤੇ ਗੁਰਇਕਬਾਲ ਸਿੰਘ ਮਾਹਲ ਸਮੇਤ ਸਥਾਨਕ ਲੋਕਾਂ, ਪਾਰਟੀ ਵਰਕਰਾਂ ਅਤੇ ਆਗੂਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਵੱਡੀ ਗਿਣਤੀ ਵਿੱਚ ਲੋਕ ਸਮਾਗਮ ਵਿੱਚ ਸ਼ਾਮਲ ਹੋਏ ਅਤੇ ਮੁੱਖ ਮੰਤਰੀ ਦੇ ਸੰਬੋਧਨ ਨੂੰ ਸੁਣਨ ਲਈ ਇਕੱਠੇ ਹੋਏ। ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਮਾਨ ਨੇ ਕਾਦੀਆਂ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਕਾਦੀਆਂ ਨੂੰ ਸਬ-ਡਵੀਜ਼ਨ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਕਾਦੀਆਂ ਅਤੇ ਆਲੇ-ਦੁਆਲੇ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਪ੍ਰਸ਼ਾਸਨਿਕ ਕੰਮਾਂ ਲਈ ਦੂਰ-ਦੁਰਾਡੇ ਨਹੀਂ ਜਾਣਾ ਪਵੇਗਾ।
ਮਾਲ ਵਿਭਾਗ, ਪ੍ਰਸ਼ਾਸਨ ਅਤੇ ਹੋਰ ਸਰਕਾਰੀ ਸੇਵਾਵਾਂ ਸਥਾਨਕ ਪੱਧਰ 'ਤੇ ਉਪਲਬਧ ਹੋਣ ਕਾਰਨ ਲੋਕਾਂ ਦਾ ਸਮਾਂ ਅਤੇ ਖਰਚਾ ਦੋਵੇਂ ਬਚਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਦਾ ਸੰਤੁਲਿਤ ਵਿਕਾਸ ਕਰਨ ਲਈ ਵਚਨਬੱਧ ਹੈ ਅਤੇ ਕਾਦੀਆਂ ਨੂੰ ਸਬ-ਡਵੀਜ਼ਨ ਬਣਾਉਣ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਸਰਕਾਰ ਨੇ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਪ੍ਰਸ਼ਾਸਨ ਨੂੰ ਲੋਕਾਂ ਦੇ ਘਰਾਂ ਤੱਕ ਲੈ ਕੇ ਜਾਣਾ ਹੈ ਤਾਂ ਜੋ ਹਰ ਨਾਗਰਿਕ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਆਸਾਨੀ ਨਾਲ ਮਿਲ ਸਕੇ।
ਇਸ ਮੌਕੇ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੀਨੀਅਰ ਆਗੂ ਗੁਰਇਕਬਾਲ ਸਿੰਘ ਮਾਹਲ ਨੂੰ ਜਲਦੀ ਹੀ ਸਰਕਾਰ ਵਿੱਚ ਇੱਕ ਅਹਿਮ ਅਤੇ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ। ਇਸ ਐਲਾਨ ਤੋਂ ਬਾਅਦ ਸਮਾਗਮ ਵਿੱਚ ਮੌਜੂਦ ਲੋਕਾਂ ਅਤੇ ਪਾਰਟੀ ਵਰਕਰਾਂ ਨੇ ਜ਼ੋਰਦਾਰ ਤਾਲੀਆਂ ਨਾਲ ਸਵਾਗਤ ਕੀਤਾ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਦ੍ਰਿੜ੍ਹ ਸੰਕਲਪਿਤ ਹੈ।
ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਸੜਕਾਂ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਕਾਦੀਆਂ ਹਲਕੇ ਨੂੰ ਹੋਰ ਵਿਕਾਸੀ ਪ੍ਰੋਜੈਕਟ ਦਿੱਤੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਦੀਆਂ ਲੋੜਾਂ ਅਤੇ ਮੰਗਾਂ ਲਿਖਤੀ ਰੂਪ ਵਿੱਚ ਦੇਣ, ਤਾਂ ਜੋ ਉਨ੍ਹਾਂ 'ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ।
ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਸੰਬੰਧਿਤ ਯੋਜਨਾਵਾਂ ਲਈ ਅਜੇ ਤੱਕ ਫਾਰਮ ਨਹੀਂ ਭਰੇ, ਉਹ ਜਲਦੀ ਫਾਰਮ ਭਰਨ। ਮੁੱਖ ਮੰਤਰੀ ਨੇ ਗੁਰਇਕਬਾਲ ਸਿੰਘ ਮਾਹਲ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਸਹੀ ਸਮੇਂ ਸਹੀ ਫ਼ੈਸਲਾ ਲਿਆ ਹੈ।
ਉਨ੍ਹਾਂ ਭਰੋਸਾ ਦਿਵਾਇਆ ਕਿ ਕਾਦੀਆਂ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਸਮਾਗਮ ਦੌਰਾਨ ਵਿਧਾਇਕ, ਪਾਰਟੀ ਦੇ ਸੀਨੀਅਰ ਆਗੂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਰਹੇ।
ਮੁੱਖ ਮੰਤਰੀ ਦੇ ਐਲਾਨਾਂ ਨੂੰ ਕਾਦੀਆਂ ਦੇ ਵਿਕਾਸ ਵੱਲ ਇੱਕ ਇਤਿਹਾਸਕ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਇਲਾਕਾ ਵਾਸੀਆਂ ਨੇ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਉਮੀਦ ਜਤਾਈ ਕਿ ਸਬ-ਡਵੀਜ਼ਨ ਬਣਨ ਨਾਲ ਪ੍ਰਸ਼ਾਸਨਿਕ ਕੰਮਕਾਜ ਵਿੱਚ ਤੇਜ਼ੀ ਆਵੇਗੀ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।