
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਟਾਲਾ ਦੇ ਜਲੰਧਰ ਰੋਡ ਸਥਿਤ ਓਮ ਮੈਡੀਕਲ ਸਟੋਰ ’ਤੇ ਐਤਵਾਰ ਨੂੰ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਬਾਈਕ ਸਵਾਰ ਦੋ ਨੌਜਵਾਨ ਦਿਨ ਦਿਹਾੜੇ ਮੈਡੀਕਲ ਸਟੋਰ ’ਤੇ ਪਹੁੰਚੇ ਅਤੇ ਕਥਿਤ ਤੌਰ ’ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਗਨੀਮਤ ਰਹੀ ਕਿ ਪਿਸਤੌਲ ਚ ਗੋਲੀ ਫਸ ਜਾਣ ਕਾਰਨ ਗੋਲੀ ਨਹੀਂ ਚੱਲੀ ਅਤੇ ਵੱਡਾ ਘਟਨਾ ਹੋਣ ਤੋਂ ਬਚਾਅ ਹੋ ਗਿਆ।

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਬਟਾਲਾ ਦੇ ਜਲੰਧਰ ਰੋਡ ਸਥਿਤ ਓਮ ਮੈਡੀਕਲ ਸਟੋਰ ’ਤੇ ਐਤਵਾਰ ਨੂੰ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਬਾਈਕ ਸਵਾਰ ਦੋ ਨੌਜਵਾਨ ਦਿਨ ਦਿਹਾੜੇ ਮੈਡੀਕਲ ਸਟੋਰ ’ਤੇ ਪਹੁੰਚੇ ਅਤੇ ਕਥਿਤ ਤੌਰ ’ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਗਨੀਮਤ ਰਹੀ ਕਿ ਪਿਸਤੌਲ ਚ ਗੋਲੀ ਫਸ ਜਾਣ ਕਾਰਨ ਗੋਲੀ ਨਹੀਂ ਚੱਲੀ ਅਤੇ ਵੱਡਾ ਘਟਨਾ ਹੋਣ ਤੋਂ ਬਚਾਅ ਹੋ ਗਿਆ।
ਮੈਡੀਕਲ ਸਟੋਰ ਦੇ ਮਾਲਕ ਸੰਦੀਪ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਕਾਫੀ ਸਮੇਂ ਤੋਂ ਵੱਖ-ਵੱਖ ਵਿਅਕਤੀਆਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਮੁਤਾਬਕ ਅੱਜ ਦਿਨ ਦਿਹਾੜੇ ਦੋ ਨੌਜਵਾਨ ਮੋਟਰਸਾਈਕਲ ’ਤੇ ਆਏ ਅਤੇ ਮੈਡੀਕਲ ਸਟੋਰ ’ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ।
ਸੰਦੀਪ ਸ਼ਰਮਾ ਨੇ ਦੱਸਿਆ ਕਿ ਜੇਕਰ ਪਿਸਤੌਲ ਤੋਂ ਗੋਲੀ ਚੱਲ ਜਾਂਦੀ ਤਾਂ ਜਾਨੀ ਨੁਕਸਾਨ ਵੀ ਹੋ ਸਕਦਾ ਸੀ। ਉਨ੍ਹਾਂ ਕਿਹਾ ਕਿ ਘਟਨਾ ਨੇ ਬਟਾਲਾ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ ਹਨ, ਕਿਉਂਕਿ ਹਮਲਾਵਰ ਦਿਨ ਦਿਹਾੜੇ ਬਿਨਾਂ ਕਿਸੇ ਡਰ ਦੇ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਦੀ ਸੁਰੱਖਿਆ ਲਈ ਇੱਕ ਪੁਲਿਸ ਜਵਾਨ ਤਾਇਨਾਤ ਕੀਤਾ ਗਿਆ ਹੈ ਅਤੇ ਇੱਕ ਪ੍ਰਾਈਵੇਟ ਗਨਮੈਨ ਵੀ ਮੌਜੂਦ ਸੀ। ਉਨ੍ਹਾਂ ਕਿਹਾ ਕਿ ਗਨਮੈਨ ਅਤੇ ਪੁਲਿਸ ਮੁਲਾਜ਼ਮ ਦੀ ਮੁਸਤੈਦੀ ਕਾਰਨ ਹਮਲਾਵਰ ਮੌਕੇ ਤੋਂ ਭੱਜਣ ਲਈ ਮਜਬੂਰ ਹੋ ਗਏ।
ਸੰਦੀਪ ਸ਼ਰਮਾ ਨੇ ਇਹ ਵੀ ਦੱਸਿਆ ਕਿ ਫਿਰੌਤੀ ਸਬੰਧੀ ਪਹਿਲਾਂ ਹੀ ਪੁਲਿਸ ਕੋਲ ਮਾਮਲਾ ਦਰਜ ਹੈ। ਉਨ੍ਹਾਂ ਦੇ ਕਹਿਣ ਮੁਤਾਬਕ ਵਿਦੇਸ਼ੀ ਨੰਬਰਾਂ ਤੋਂ ਲਗਾਤਾਰ ਵੱਡੀ ਰਕਮ ਦੀ ਮੰਗ ਕੀਤੀ ਜਾਂਦੀ ਰਹੀ ਹੈ ਅਤੇ ਰਕਮ ਨਾ ਦੇਣ ਦੀ ਸੂਰਤ ਵਿੱਚ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ।
ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮੈਡੀਕਲ ਸਟੋਰ ਮਾਲਕ ਨੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਧਮਕੀਆਂ ਦੇਣ ਵਾਲੇ ਅਤੇ ਕਥਿਤ ਤੌਰ ’ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਅਤੇ ਹੋਰ ਤੱਥਾਂ ਦੇ ਆਧਾਰ ’ਤੇ ਹਮਲਾਵਰਾਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਮਾਮਲੇ ਵਿੱਚ ਪੁਲਿਸ ਦੀ ਅਗਲੀ ਜਾਂਚ ਤੋਂ ਬਾਅਦ ਹੋਰ ਤੱਥ ਸਾਹਮਣੇ ਆਉਣ ਦੀ ਉਮੀਦ ਹੈ।