- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਹਰਗੋਬਿੰਦਪੁਰ-ਕਾਹਨੂੰਵਾਨ ਮਾਰਗ ’ਤੇ ਪੈਂਦੇ ਪਿੰਡ ਵੜੈਚ ਨੇੜੇ ਐਤਵਾਰ ਦੁਪਹਿਰ ਸਮੇਂ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਮੌਕੇ ’ਤੇ ਚੀਕ-ਚਿਹਾੜਾ ਮਚ ਗਿਆ ਅਤੇ ਸੜਕ ’ਤੇ ਲੰਮਾ ਜਾਮ ਲੱਗ ਗਿਆ।

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਸ੍ਰੀ ਹਰਗੋਬਿੰਦਪੁਰ-ਕਾਹਨੂੰਵਾਨ ਮਾਰਗ ’ਤੇ ਪੈਂਦੇ ਪਿੰਡ ਵੜੈਚ ਨੇੜੇ ਐਤਵਾਰ ਦੁਪਹਿਰ ਸਮੇਂ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਮੌਕੇ ’ਤੇ ਚੀਕ-ਚਿਹਾੜਾ ਮਚ ਗਿਆ ਅਤੇ ਸੜਕ ’ਤੇ ਲੰਮਾ ਜਾਮ ਲੱਗ ਗਿਆ।
ਜਾਣਕਾਰੀ ਅਨੁਸਾਰ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਸੁਖਪਿੰਦਰ ਸਿੰਘ ਪੁੱਤਰ ਮਕੰਦ ਸਿੰਘ ਵਾਸੀ ਨੈਣੇਕੋਟ, ਹਾਲ ਵਾਸੀ ਕਾਹਨੂੰਵਾਨ ਅਤੇ ਅਰਸ਼ਦੀਪ ਸਿੰਘ ਪੁੱਤਰ ਵਰਿੰਦਰ ਸਿੰਘ ਵਾਸੀ ਕੀੜੀ ਅਫਗਾਨਾ ਕੋਟ ਟੋਡਰ ਮੱਲ ਤੋਂ ਸਠਿਆਲੀ ਵੱਲ ਜਾ ਰਹੇ ਸਨ। ਜਦੋਂ ਉਹ ਪਿੰਡ ਵੜੈਚ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਬਲੈਰੋ ਪਿਕਅੱਪ ਨਾਲ ਉਨ੍ਹਾਂ ਦੀ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਸੁਖਪਿੰਦਰ ਸਿੰਘ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ, ਜਦਕਿ ਅਰਸ਼ਦੀਪ ਸਿੰਘ ਨੂੰ ਗੰਭੀਰ ਹਾਲਤ ਵਿੱਚ ਐਂਬੂਲੈਂਸ ਰਾਹੀਂ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਕਾਹਨੂੰਵਾਨ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਹਾਲਾਤ ਨੂੰ ਕਾਬੂ ਕਰਦੇ ਹੋਏ ਆਵਾਜਾਈ ਨੂੰ ਸੁਚਾਰੂ ਬਣਾਇਆ। ਇਸ ਸਬੰਧੀ ਡਿਊਟੀ ਅਫ਼ਸਰ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਜ਼ਖ਼ਮੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਹਾਦਸੇ ਦੀ ਖ਼ਬਰ ਮਿਲਣ ’ਤੇ ਹਲਕਾ ਕਾਦੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਵੀ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਅਜਿਹੇ ਹਾਦਸੇ ਪਲਾਂ ਵਿੱਚ ਪਰਿਵਾਰਾਂ ਦੀਆਂ ਖੁਸ਼ੀਆਂ ਉਜਾੜ ਦਿੰਦੇ ਹਨ। ਉਨ੍ਹਾਂ ਨੇ ਜ਼ਖ਼ਮੀ ਨੌਜਵਾਨ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ।