ਬਟਾਲਾ ਪੁਲਿਸ ਦੀ ਵੱਡੀ ਕਾਰਵਾਈ, 8 ਪਿਸਤੌਲਾਂ ਤੇ 1.970 ਕਿਲੋ ਹੈਰੋਇਨ ਸਮੇਤ 3 ਮੁਲਜ਼ਮ ਗ੍ਰਿਫ਼ਤਾਰ ਬਟਾਲਾ ਪੁਲਿਸ ਵੱਲੋਂ ਸੰਗਠਿਤ ਅਪਰਾਧ, ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਕੁੱਲ 8 ਪਿਸਤੌਲ, 1 ਕਿਲੋ 970 ਗ੍ਰਾਮ ਹੈਰੋਇਨ, 63 ਜ਼ਿੰਦਾ ਕਾਰਤੂਸ, 6 ਮੈਗਜ਼ੀਨ ਅਤੇ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
Publish Date: Thu, 12 Nov 2026 04:58 PM (IST)
Updated Date: Thu, 12 Nov 2026 04:59 PM (IST)
ਸੁਖਦੇਵ ਸਿੰਘ/ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ - ਬਟਾਲਾ ਪੁਲਿਸ ਵੱਲੋਂ ਸੰਗਠਿਤ ਅਪਰਾਧ, ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਕੁੱਲ 8 ਪਿਸਤੌਲ, 1 ਕਿਲੋ 970 ਗ੍ਰਾਮ ਹੈਰੋਇਨ, 63 ਜ਼ਿੰਦਾ ਕਾਰਤੂਸ, 6 ਮੈਗਜ਼ੀਨ ਅਤੇ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸੰਬੰਧੀ ਪੁਲਿਸ ਲਾਈਨ ਬਟਾਲਾ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਆਈਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਤੇ ਐਸਐਸਪੀ ਬਟਾਲਾ ਡਾ ਮਹਿਤਾਬ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਿਆਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗਾਂਧੀ ਕੈਂਪ ਬਟਾਲਾ ਵਿਖੇ 19 ਸਤੰਬਰ 2026 ਨੂੰ ਰਾਤ ਕਰੀਬ 2:20 ਵਜੇ ਕੁਝ ਵਿਅਕਤੀਆਂ ਵਲੋਂ ਇੱਕ ਘਰ ਦੇ ਗੇਟ ’ਤੇ ਫਾਇਰਿੰਗ ਕੀਤੀ ਗਈ ਸੀ, ਜਿਸ ਵਿੱਚ ਇੱਕ ਔਰਤ ਜ਼ਖ਼ਮੀ ਹੋ ਗਈ ਸੀ।
ਘਟਨਾ ਤੋਂ ਬਾਅਦ ਗੋਲੀ ਚਲਾਉਣ ਵਾਲੇ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ ਸਨ। ਇਸ ਸਬੰਧੀ ਥਾਣਾ ਸਿਵਲ ਲਾਈਨ ਬਟਾਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਪੁਲਿਸ ਨੇ ਪਹਿਲਾਂ ਇਸ ਮਾਮਲੇ ਵਿੱਚ ਵਿਸ਼ਾਲ ਉਰਫ਼ ਸ਼ਾਲੂ ਨੂੰ ਗ੍ਰਿਫ਼ਤਾਰ ਕੀਤਾ ਸੀ।ਆਈਜੀ ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਇਸ ਤੋਂ ਬਾਅਦ 11 ਨਵੰਬਰ ਨੂੰ ਤਕਨੀਕੀ ਜਾਣਕਾਰੀ ਅਤੇ ਖੁਫੀਆ ਸੂਚਨਾਵਾਂ ਦੇ ਆਧਾਰ ’ਤੇ ਪੁਲਿਸ ਟੀਮ ਨੇ ਕਪੂਰਥਲਾ ਵਿਖੇ ਕਾਰਵਾਈ ਕਰਦਿਆਂ ਸਾਜਨ ਉਰਫ਼ ਲੌਂਡਾ, ਲਵ ਉਰਫ਼ ਬੀਂਡਾ ਅਤੇ ਸਾਵਰ ਉਰਫ਼ ਸਾਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਇਨ੍ਹਾਂ ਕੋਲੋਂ ਪੰਜ ਗੈਰ-ਕਾਨੂੰਨੀ ਪਿਸਤੌਲ ਅਤੇ 13 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਸ਼ਿਕਾਇਤਕਰਤਾ ਗਗਨਦੀਪ ਸਿੰਘ ਅਤੇ ਸਾਜਨ ਉਰਫ਼ ਲੌਂਡਾ ਵਿਚਕਾਰ ਲੰਬੇ ਸਮੇਂ ਤੋਂ ਨਿੱਜੀ ਰੰਜਿਸ਼ ਚੱਲ ਰਹੀ ਸੀ। ਸ਼ਿਕਾਇਤਕਰਤਾ ਦੇ ਜੀਜਾ ਰਾਹੁਲ ਦਾਤਾਰ ਨਾਲ ਵੀ ਸਾਜਨ ਦੀ ਰੰਜਿਸ਼ ਸੀ।ਇਸ ਤੋਂ ਇਲਾਵਾ ਦੀਵਾਲੀ ਵਾਲੀ ਰਾਤ 9 ਨਵੰਬਰ ਨੂੰ ਤੜਕਸਾਰ ਕਰੀਬ 3:20 ਵਜੇ ਸਾਜਨ ਅਤੇ ਲਵ ਉਰਫ਼ ਬੀਂਡਾ ਵੱਲੋਂ ਸ਼ਿਕਾਇਤਕਰਤਾ ਦੀ ਭੈਣ ਲਵਲੀ ਕੁਮਾਰੀ ਦੇ ਘਰ ਵਿੱਚ ਕਥਿਤ ਤੌਰ ’ਤੇ ਜ਼ਬਰਦਸਤੀ ਦਾਖ਼ਲ ਹੋ ਕੇ ਘਰੇਲੂ ਸਾਮਾਨ ਦੀ ਭੰਨਤੋੜ ਅਤੇ ਹਵਾਈ ਫਾਇਰਿੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਥਾਣਾ ਸਿਟੀ ਬਟਾਲਾ ਵਿਖੇ ਵੱਖਰਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਜਨ ਉਰਫ਼ ਲੌਂਡਾ ਖ਼ਿਲਾਫ਼ ਪਹਿਲਾਂ ਵੀ ਐੱਨ.ਡੀ.ਪੀ.ਐੱਸ ਐਕਟ, ਆਰਮਜ਼ ਐਕਟ ਅਤੇ ਹੋਰ ਅਪਰਾਧਿਕ ਧਾਰਾਵਾਂ ਤਹਿਤ 12 ਮਾਮਲੇ ਦਰਜ ਹਨ। ਲਵ ਉਰਫ਼ ਬੀਂਡਾ ਅਤੇ ਸਾਵਰ ਉਰਫ਼ ਸਾਬਰ ਸਕੇ ਭਰਾ ਹਨ ਅਤੇ ਦੋਵਾਂ ਖ਼ਿਲਾਫ਼ ਵੀ 6-6 ਅਪਰਾਧਿਕ ਮਾਮਲੇ ਦਰਜ ਹਨ।
ਡੇਰਾ ਬਾਬਾ ਨਾਨਕ ਵਿੱਚ ਡਰੋਨ ਰਾਹੀਂ ਆਈ ਹੈਰੋਇਨ ਤੇ ਹਥਿਆਰਾਂ ਦੀ ਖੇਪ ਬਰਾਮਦ : ਆਈ.ਜੀ ਭੁੱਲਰ ਆਈ.ਜੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਬਟਾਲਾ ਪੁਲਿਸ ਅਤੇ ਬੀ.ਐੱਸ.ਐੱਫ ਦੀਆਂ ਟੀਮਾਂ ਨੇ ਡੇਰਾ ਬਾਬਾ ਨਾਨਕ ਇਲਾਕੇ ਦੇ ਖੇਤਾਂ ਵਿੱਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ 1.970 ਕਿਲੋ ਹੈਰੋਇਨ, ਤਿੰਨ ਪਿਸਤੌਲ, ਛੇ ਮੈਗਜ਼ੀਨ, 50 ਜ਼ਿੰਦਾ ਕਾਰਤੂਸ ਅਤੇ ਬਿਨਾਂ ਨੰਬਰ ਵਾਲਾ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਖੇਪ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਸੁੱਟੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਵਿਖੇ 10 ਨਵੰਬਰ ਨੂੰ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਅਤੇ ਪੁਲਿਸ ਵੱਲੋਂ ਤਸਕਰੀ ਨੈੱਟਵਰਕ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਲਈ ਜਾਂਚ ਜਾਰੀ ਹੈ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ, ਐੱਸ.ਪੀ ਨਵਜੋਤ ਸਿੰਘ ਸੰਧੂ, ਡੀ.ਐੱਸ.ਪੀ ਸਿਟੀ ਸੁਖਇੰਦਰ ਸਿੰਘ, ਸੀ.ਆਈ.ਏ ਸਟਾਫ ਬਟਾਲਾ ਦੇ ਇੰਚਾਰਜ ਇੰਸਪੈਕਟਰ ਸੁਖਰਾਜ ਸਿੰਘ, ਐੱਸ.ਐੱਚ.ਓ ਲਖਵਿੰਦਰ ਸਿੰਘ ਤੇਸ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।