ਜੇਐੱਨਐੱਨ, ਬਟਾਲਾ : ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਮਸਾਣਿਆ ’ਚ ਅਨੁਸੂਚਿਤ ਜਾਤੀ ਦੇ ਤੀਸਰੇ ਹਿੱਸੇ ਦੀ ਜ਼ਮੀਨ ਦੀ ਡਮੀ ਬੋਲੀ ਨੂੰ ਰੱਦ ਕਰਵਾਉਣ ਨੂੰ ਲੈ ਕੇ ਲਗਾਏ ਗਏ ਪੱਕੇ ਮੋਰਚੇ ’ਤੇ ਸ਼ੁੱਕਰਵਾਰ ਨੂੰ ਪਿੰਡ ਦੇ ਹੀ ਡਮੀ ਬੋਲੀ ਦੇਣ ਵਾਲਿਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ’ਚ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜਕੁਮਾਰ ਪੰਡੋਰੀ, ਸਥਾਨਕ ਨੇਤਾ ਇਕਬਾਲ ਮਸਾਣਿਆ, ਬਬਰੇਜ ਸਿੰਘ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਇਸਤੋਂ ਇਲਾਵਾ ਲਗਪਗ ਦਰਜਨ ਦੇ ਕਰੀਬ ਮਜ਼ਦੂਰਾਂ ਨੂੰ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ।

ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਨੇਤਾ ਮੇਜਰ ਸਿੰਘ ਕੋਟ ਟੋਡਰ ਮਲ ਅਤੇ ਜ਼ਿਲ੍ਹਾ ਸਕੱਤਰ ਜਰਨੈਲ ਸਿੰਘ ਝਬਕਰਾ ਨੇ ਕਿਹਾ ਕਿ ਇਹ ਸਾਰਾ ਕੁਝ ਪੁਲਿਸ ਤੇ ਸਿਵਲ ਪ੍ਰਸ਼ਾਸਨ ਕਾਰਨ ਹੋਇਆ ਹੈ। ਉਹ ਵਾਰ-ਵਾਰ ਡਮੀ ਰੱਦ ਕਰਵਾਉਣ ਲਈ ਅਧਿਕਾਰੀਆਂ ਨਾਲ ਮਿਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਇਕ ਪਾਸੇ ਅਨੁਸੂਚਿਤ ਜਾਕੀ ਦਾ ਮੁੱਖ ਮੰਤਰੀ ਬਣਾ ਰਹੀ ਹੈ ਤਾਂ ਦੂਸਰੇ ਪਾਸੇ ਹੱਕ ਮੰਗ ਰਹੇ ਅਨੁਸੂਚਿਤ ਜਾਤੀ ਦੇ ਲੋਕਾਂ ’ਤੇ ਜਾਨਲੇਵਾ ਹਮਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਨੇਤਾਵਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਇਹ ਹਮਲਾ ਸਿਰਫ਼ ਮੋਰਚੇ ’ਤੇ ਨਹੀਂ ਸਮੁੱਚੀ ਜੱਥੇਬੰਦੀ ’ਤੇ ਹੋਇਆ ਹੈ। ਇਸਦਾ ਮੂੰਹਤੋੜ ਜਵਾਬ ਦਿੱਤਾ ਜਾਵੇਗਾ।

ਸਿਵਲ ਹਸਪਤਾਲ ਦੇ ਬਾਹਰ ਪੇਂਡੂ ਮਜ਼ਦੂਰ ਯੂਨੀਅਨ ਦੀ ਨਾਅਰੇਬਾਜ਼ੀ

ਪੇਂਡੂ ਮਜ਼ਦੂਰ ਯੂਨੀਅਨ ਦੇ ਮੈਂਬਰਾਂ ਨੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਪ੍ਰਸ਼ਾਸਨ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਹਮਲਾਵਰਾਂ ਖ਼ਿਲਾਫ਼ ਜਲਦ ਤੋਂ ਜਲਦ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਸਬੰਧੀ ਡੀਐੱਸਪੀ ਸਿਟੀ ਲਲਿਤ ਸ਼ਰਮਾ ਨੇ ਕਿਹਾ ਕਿ ਸੂਚਨਾ ਪ੍ਰਾਪਤ ਹੁੰਦੇ ਹੀ ਉਹ ਪੁਲਿਸ ਟੀਮ ਦੇ ਨਾਲ ਮੌਕੇ ’ਤੇ ਪਹੁੰਚੇ ਸਨ ਅਤੇ ਸਥਿਤੀ ਦਾ ਜਾਇਜ਼ਾ ਲਿਆ ਸੀ। ਜ਼ਖ਼ਮੀਆਂ ਦੇ ਬਿਆਨ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ, ਹਾਲੇ ਜਾਂਚ ਚੱਲ ਰਹੀ ਹੈ।

Posted By: Ramanjit Kaur