- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਟਾਲਾ ਦੇ ਨਜ਼ਦੀਕੀ ਪਿੰਡ ਅਲੀਵਾਲ ਵਿਖੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਸਾਈਕਲ ਸਵਾਰ ਸੋਨੂ ਪੁੱਤਰ ਕਸਤੂਰੀ ਲਾਲ, ਵਾਸੀ ਅਲੀਵਾਲ ਆਰੀਆ, ਦੀ ਮੌਤ ਹੋ ਗਈ।

ਰਾਜਨ ਤਰੇਨ, ਪੰਜਾਬੀ ਜਾਗਰਣ, ਬਟਾਲਾ : ਬਟਾਲਾ ਦੇ ਨਜ਼ਦੀਕੀ ਪਿੰਡ ਅਲੀਵਾਲ ਵਿਖੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਸਾਈਕਲ ਸਵਾਰ ਸੋਨੂ ਪੁੱਤਰ ਕਸਤੂਰੀ ਲਾਲ, ਵਾਸੀ ਅਲੀਵਾਲ ਆਰੀਆ, ਦੀ ਮੌਤ ਹੋ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਘਣੀਏ ਕੇ ਬਾਂਗਰ ਦੇ ਐਸਐਚਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਆਪਣੇ ਸਾਈਕਲ 'ਤੇ ਜਾ ਰਿਹਾ ਸੀ। ਇਸ ਦੌਰਾਨ ਅਲੀਵਾਲ ਵਿਖੇ ਇੱਕ ਬੱਸ ਦੀ ਲਪੇਟ ਵਿੱਚ ਆਉਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਤੁਰੰਤ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖ਼ਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਐਸਐਚਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਦੇ ਡੈੱਡ ਹਾਊਸ ਵਿੱਚ ਰਖਵਾ ਦਿੱਤਾ ਗਿਆ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਖ਼ਬਰ ਲਿਖੇ ਜਾਣ ਤੱਕ ਪੁਲਿਸ ਵੱਲੋਂ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਜਾਰੀ ਸੀ।