ਸੁਖਦੇਵ ਸਿੰਘ, ਬਟਾਲਾ : ਨਸ਼ੇ ਦਾ ਰੁਝਾਨ ਬਹੁਤ ਜ਼ਿਆਦਾ ਵਧ ਚੁੱਕਾ ਹੈ ਤੇ ਹਰ ਰੋਜ਼ ਨਸ਼ੇ ਦੀ ਓਵਰਡੋਜ਼ ਨਾਲ ਮਰਨ ਵਾਲਿਆਂ ਦੀਆਂ ਖ਼ਬਰਾਂ ਅਖ਼ਬਾਰਾਂ ਦੀਆਂ ਸੁਰਖੀਆਂ ਬਣ ਰਹੀਆਂ ਹਨ। ਇਸੇ ਤਰ੍ਹਾਂ ਹੀ ਨਜ਼ਦੀਕੀ ਪਿੰਡ ਹਰਧਾਨ ਦਾ ਇਕ ਨੌਜਵਾਨ ਨਸ਼ੇ ਦੀ ਓਵਰਡੋਜ਼ ਨਾਲ ਮੌਤ ਦੇ ਮੂੰਹ 'ਚ ਜਾ ਡਿੱਗਾ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਬੀਰ ਸਿੰਘ (19ਸਾਲ)ਪੁੱਤਰ ਬਲਕਾਰ ਸਿੰਘ ਵਜੋਂ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਸੁਖਬੀਰ ਸਿੰਘ ਦੀ ਮਾਤਾ ਬਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਪੁੱਤਰ ਸੁਖਬੀਰ ਸਿੰਘ ਜੋ ਪਿਛਲੇ ਇਕ ਸਾਲ ਤੋਂ ਨਸ਼ਾ ਕਰਦਾ ਆ ਰਿਹਾ ਸੀ ਤੇ ਉਸ ਦੇ ਨਸ਼ੇ ਕਰਨ ਦਾ ਪਤਾ ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਹੀ ਲੱਗਾ। ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਸ਼ਨਿਚਰਵਾਰ ਸਵੇਰ ਨੂੰ ਉਸ ਦਾ ਪੁੱਤਰ ਸੁਖਬੀਰ ਘਰੋਂ ਚਾਹ ਪੀ ਕੇ ਬਾਹਰ ਚਲਾ ਗਿਆ ਤੇ ਕੁਝ ਸਮੇਂ ਬਾਅਦ ਜਦੋਂ ਘਰ ਵਾਪਸ ਆਇਆ ਤਾਂ ਉਸ ਦੇ ਮੂੰਹ ਚੋਂ ਜ਼ਹਿਰੀਲੀ ਝੱਗ ਨਿਕਲਣੀ ਸ਼ੁਰੂ ਹੋ ਗਈ ਸੀ, ਜਿਸ 'ਤੇ ਉਨ੍ਹਾਂ ਨੇ ਜਦ ਉਸ ਨੂੰ ਹਸਪਤਾਲ ਲੈ ਜਾਣਾ ਚਾਹਿਆ ਤਾਂ ਕੁਝ ਸਮੇਂ ਬਾਅਦ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਬਲਕਾਰ ਸਿੰਘ ਤੇ ਸਾਬਕਾ ਸਰਪੰਚ ਗੁਰਦੀਪ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਕੁਝ ਲੋਕ ਨਸ਼ੇ ਦਾ ਕਾਰੋਬਾਰ ਕਰਦੇ ਆ ਰਹੇ ਹਨ ਤੇ ਉਕਤ ਵਿਅਕਤੀਆਂ ਨੇ ਕਈ ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ੇ ਦੇ ਵਪਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪਿੰਡ ਹਰਦਾਨ ਦੇ ਦੋ ਦਰਜਨ ਤੋਂ ਵਧੇਰੇ ਲੋਕਾਂ ਨੇ ਹਲਕਾ ਵਿਧਾਇਕ ਨੂੰ ਮਿਲ ਕੇ ਪਿੰਡ ਦੇ 'ਚ ਵਿਕ ਰਹੇ ਨਸ਼ੇ ਬਾਰੇ ਜਾਣੂ ਕਰਵਾਇਆ ਸੀ।

ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ : ਚੌਕੀ ਇੰਚਾਰਜ

ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ ਦੇ ਸੰਬੰਧ ਜਦ ਥਾਣਾ ਰੰਗੜ ਨੰਗਲ ਦੇ ਅਧੀਨ ਆਉਂਦੀ ਪੁਲਿਸ ਚੌਕੀ ਪੰਜਗਰਾਈਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਸੁਖਬੀਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਤੇ ਪਰਿਵਾਰ ਦੇ ਮੈਂਬਰਾਂ ਦੇ ਬਿਆਨ ਤੋਂ ਬਾਅਦ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਚ ਜੋ ਵੀ ਨਤੀਜਾ ਸਾਹਮਣੇ ਆਵੇਗਾ, ਉਸ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Posted By: Sarabjeet Kaur