ਜੇਐਨਐਨ, ਬਟਾਲਾ : ਪਟਾਕਾ ਫੈਕਟਰੀ ਧਮਾਕੇ ਨੂੰ ਲੈ ਕੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਲੈ ਕੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਗੁਰਦਾਸਪੁਰ ਦੇ ਸੰਸਦ ਮੈਂਬਰ ਸੰਨੀ ਦਿਓਲ ਨੇ ਦੁੱਖ ਦਾ ਇਜ਼ਹਾਰ ਕੀਤਾ। ਦੁਰਘਟਨਾ ਦੀ ਸੂਚਨਾ ਮਿਲਦੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਸ਼ਹਿਰ ਦੇ ਹਾਲਤ ਦਾ ਜਾਇਜ਼ਾ ਲੈਣ ਲਈ ਪਹੁੰਚਣਗੇ। ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਹਰ ਹਾਲਾਤ 'ਤੇ ਪੈਨੀ ਨਜ਼ਰ ਰੱਖਣ ਦੀ ਡਿਊਟੀ ਲਗਾਈ ਹੈ ਅਤੇ ਉਨ੍ਹਾਂ ਨੂੰ ਪਲ ਪਲ ਦੀ ਇਤਲਾਹ ਦੇਣ ਬਾਰੇ ਕਿਹਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਲੋਕਾਂ ਦੀ ਮਦਦ ਲਈ ਹੈਲਪਲਾਈਨ ਨੰਬਰ 01871-240144 ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਬਾਬੇ ਨਾਨਕ ਦੇ ਵਿਆਹ ਪੁਰਬ ਦੀ ਖੁਸ਼ੀ ਮਨਾਉਣ ਲਈ ਉਕਤ ਲੋਕ ਫੈਕਟਰੀ ਵਿਚੋਂ ਪਟਾਕੇ ਲੈਣ ਆਏ ਸਨ। ਫੈਕਟਰੀ ਵਿਚ ਅਚਾਨਕ ਹੋਏ ਜਬਰਦਸਤ ਧਮਾਕੇ ਦੌਰਾਨ 22 ਲੋਕਾਂ ਦੀ ਮੌਤ ਅਤੇ 27 ਜ਼ਖ਼ਮੀ ਹੋਣ ਦੀ ਅਧਿਕਾਰਤ ਪੁਸ਼ਟੀ ਹੋਈ ਹੈ। ਪੂਰੀ ਸਥਿਤੀ ਨੂੰ ਦੇਖਦੇ ਹੋਏ ਰਾਸ਼ਟਰਪਤੀ ਨੇ ਹਮਦਰਦੀ ਪ੍ਰਗਟਾਉਂਦਿਆਂ ਹਰ ਸੰਭਵ ਮਦਦ ਦਾ ਭਰੋਸਾ ਦਿਤਾ। ਘਟਨਾ ਦੀ ਜਾਣਕਾਰੀ ਮਿਲਦੇ ਹੀ ਕੈਬਨਿਟ ਮੰਤਰੀ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਬਟਾਲਾ ਦੇ ਸਿਵਲ ਹਸਪਤਾਲ ਪੁੱਜੇ। ਉਨ੍ਹਾਂ ਸਿਵਲ ਸਰਜਨ ਡਾ. ਕੇਵਲ ਕ੍ਰਿਸ਼ਨ ਤੇ ਐਸਐਮਓ ਡਾ. ਸੰਜੀਵ ਭੱਲਾ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਖ਼ਮੀਆਂ ਦੇ ਇਲਾਜ ਵਿਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਹਾਦਸੇ ਦੇ ਗੁਨਾਹਗਾਰ ਬਖ਼ਸ਼ੇ ਨਹੀਂ ਜਾਣਗੇ।


ਨਹੀਂ ਚੱਲੇਗੀ ਆਤਿਸ਼ਬਾਜ਼ੀ

ਘਟਨਾ ਸਥਾਨ 'ਤੇ ਜਾਇਜ਼ਾ ਲੈਣ ਪਹੁੰਚੇ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੇ ਪੀੜ੍ਹਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਹਰ ਮੁਸ਼ਕਲ ਘੜੀ ਵਿਚ ਉਨ੍ਹਾਂ ਨਾਲ ਹਨ। ਇਸ ਤੋਂ ਇਲਾਵਾ ਗੁਰਦੁਆਰਾ ਕੰਧ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਬਾਬੇ ਨਾਨਕ ਦੇ ਵਿਆਹ ਮੌਕੇ ਕੀਤੀ ਜਾਣ ਵਾਲੀ ਆਤਿਸ਼ਬਾਜ਼ੀ ਨਾ ਕਰਨ ਦੇ ਹੁਕਮ ਦਿਤੇ ਹਨ।

ਐਸਐਸਪੀ ਅਧੀਨ ਕਮੇਟੀ ਗਠਿਤ

ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਇਸ ਮਾਮਲੇ ਦੇ ਸਬੰਧ ਵਿਚ ਐਸਐਸਪੀ ਬਟਾਲਾ ਅਧੀਨ ਇਕ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਵਿਚ ਮੁੱਖ ਅਧਿਕਾਰੀ ਐਸਐਸਪੀ ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਹੋਣਗੇ। ਉਨ੍ਹਾਂ ਨਾਲ ਐਸਪੀ ਅਤੇ ਸਪੈਸ਼ਲ ਡੀਐਸਪੀ ਤਾਇਨਾਤ ਕੀਤੇ ਗਏ ਹਨ। ਡੀਜੀਪੀ ਨੇ ਇਕ ਹਫ਼ਤੇ ਵਿਚ ਜਾਂਚ ਰਿਪੋਰਟ ਭੇਜਣ ਨੂੰ ਕਿਹਾ ਹੈ।

Posted By: Amita Verma