ਬਟਾਲਾ 'ਚ ਦਹਿਸ਼ਤ: ਕਾਲੋਨੀ ’ਚ ਦੇਰ ਰਾਤ ਚੱਲੀਆਂ ਅੰਨ੍ਹੇਵਾਹ ਗੋਲੀਆਂ, ਗੈਂਗਸਟਰ ਵੱਲੋਂ ਫਿਰੌਤੀ ਮੰਗਣ ਦੇ ਦੋਸ਼
ਬਟਾਲਾ ਦੇ ਨਿਊ ਟਾਪ ਸਿਟੀ ਕਾਲੋਨੀ ਵਿੱਚ ਦੇਰ ਰਾਤ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਣਪਛਾਤੇ ਹਮਲਾਵਰਾਂ ਨੇ ਇੱਕ ਕੋਠੀ ਦੇ ਗੇਟ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ ਮੁਤਾਬਕ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਕਰੀਬ 2 ਵਜੇ ਮੌਕੇ ’ਤੇ ਪਹੁੰਚੇ ਅਤੇ ਛੇ ਰਾਊਂਡ ਫਾਇਰ ਕਰਕੇ ਫਰਾਰ ਹੋ ਗਏ।
Publish Date: Mon, 22 Jun 2026 10:44 AM (IST)
Updated Date: Mon, 22 Jun 2026 10:49 AM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ। ਬਟਾਲਾ ਦੇ ਨਿਊ ਟਾਪ ਸਿਟੀ ਕਾਲੋਨੀ ਵਿੱਚ ਦੇਰ ਰਾਤ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਣਪਛਾਤੇ ਹਮਲਾਵਰਾਂ ਨੇ ਇੱਕ ਕੋਠੀ ਦੇ ਗੇਟ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ ਮੁਤਾਬਕ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਕਰੀਬ 2 ਵਜੇ ਮੌਕੇ ’ਤੇ ਪਹੁੰਚੇ ਅਤੇ ਛੇ ਰਾਊਂਡ ਫਾਇਰ ਕਰਕੇ ਫਰਾਰ ਹੋ ਗਏ।
ਹਾਲਾਂਕਿ ਜਿਸ ਘਰ ’ਤੇ ਗੋਲੀਆਂ ਚਲਾਈਆਂ ਗਈਆਂ, ਉਸ ਪਰਿਵਾਰ ਨੂੰ ਪਹਿਲਾਂ ਕਿਸੇ ਤਰ੍ਹਾਂ ਦੀ ਕੋਈ ਧਮਕੀ ਨਹੀਂ ਮਿਲੀ ਸੀ ਪਰ ਨਾਲ ਲੱਗਦੇ ਘਰ ’ਚ ਰਹਿੰਦੇ ਕਾਰੋਬਾਰੀ ਵਰਿੰਦਰ ਸਿੰਘ ਨੂੰ ਪਿਛਲੇ ਕਾਫੀ ਸਮੇਂ ਤੋਂ ਧਮਕੀ ਭਰੀਆਂ ਕਾਲਾਂ ਅਤੇ ਵੌਇਸ ਮੈਸੇਜ ਆ ਰਹੇ ਸਨ।
ਪੀੜਤ ਵਰਿੰਦਰ ਸਿੰਘ ਨੇ ਦੱਸਿਆ ਕਿ ਗੈਂਗਸਟਰ ਅਮਨ ਅੰਡਾ ਉਸ ਤੋਂ 10 ਲੱਖ ਰੁਪਏ ਦੀ ਫਿਰੌਤੀ ਮੰਗ ਰਿਹਾ ਸੀ ਅਤੇ ਲਗਾਤਾਰ ਧਮਕੀਆਂ ਦੇ ਰਿਹਾ ਸੀ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਤੋਂ ਬਾਅਦ ਵੀ ਇੱਕ ਮੈਸੇਜ ਆਇਆ ਜਿਸ ਵਿੱਚ ਲਿਖਿਆ ਸੀ, “ਗਿਫਟ ਮਿਲ ਗਿਆ ਹੈ।”
ਵਰਿੰਦਰ ਸਿੰਘ ਮੁਤਾਬਕ ਇਸ ਤੋਂ ਪਹਿਲਾਂ ਵੀ ਉਸ ’ਤੇ ਹਮਲੇ ਦੀ ਕੋਸ਼ਿਸ਼ ਹੋ ਚੁੱਕੀ ਹੈ ਅਤੇ ਦੋ ਦਿਨ ਪਹਿਲਾਂ ਹੀ ਉਸ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ।
ਉੱਧਰ ਗੁਰਇਕਬਾਲ ਸਿੰਘ, ਜਿਨ੍ਹਾਂ ਦੇ ਘਰ ਦੇ ਗੇਟ ’ਤੇ ਗੋਲੀਆਂ ਚਲਾਈਆਂ ਗਈਆਂ, ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੂੰ ਕਿਸੇ ਕਿਸਮ ਦੀ ਧਮਕੀ ਮਿਲੀ ਸੀ। ਉਨ੍ਹਾਂ ਦਾ ਮੰਨਣਾ ਹੈ ਕਿ ਇਹ ਹਮਲਾ ਗੁਆਂਢੀ ਵਰਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਨਾਲ ਜੁੜਿਆ ਹੋ ਸਕਦਾ ਹੈ।
ਉਨ੍ਹਾਂ ਕਿਹਾ ਕਿ ਕਾਲੋਨੀ ’ਚ ਛੋਟੇ ਬੱਚੇ ਖੇਡਦੇ ਰਹਿੰਦੇ ਹਨ ਅਤੇ ਅਜਿਹੀਆਂ ਘਟਨਾਵਾਂ ਕਾਰਨ ਇਲਾਕੇ ਦੇ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਲਾਕੇ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ।
ਦੂਜੇ ਪਾਸੇ ਚੌਂਕੀ ਅਰਬਨ ਇਸਟੇਟ ਦੇ ਏ.ਐੱਸ.ਆਈ. ਵਿਕਰਮ ਨੇ ਦੱਸਿਆ ਕਿ ਪੁਲਿਸ ਵੱਲੋਂ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਸੀ.ਸੀ.ਟੀ.ਵੀ. ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਦਾਅਵਾ ਹੈ ਕਿ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।