ਬਟਾਲਾ ਪੁਲਿਸ ਦੀ ਵੱਡੀ ਕਾਰਵਾਈ: ਫਿਰੌਤੀ ਤੇ ਫਾਇਰਿੰਗ ਦਾ ਲੋੜੀਂਦਾ ਮੁਲਜ਼ਮ ਬਿੱਲਾ ਐਨਕਾਊਂਟਰ ’ਚ ਜ਼ਖ਼ਮੀ ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਗੈਂਗਸਟਰਾਂ, ਫਿਰੌਤੀ ਗਿਰੋਹਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਹੋਰ ਅਹਿਮ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਅਮਨ ਅੰਡਾ ਗੈਂਗ ਨਾਲ ਸਬੰਧਤ ਮਲਕੀਤ ਸਿੰਘ ਉਰਫ਼ ਬਿੱਲਾ ਚਿੱਚੜ ਨੂੰ ਹਥਿਆਰ ਦੀ ਬਰਾਮਦਗੀ ਲਈ ਲਿਜਾਣ ਦੌਰਾਨ ਉਸ ਨੇ ਪੁਲਿਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ।
Publish Date: Wed, 01 Jul 2026 09:37 AM (IST)
Updated Date: Wed, 01 Jul 2026 09:42 AM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ। ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਗੈਂਗਸਟਰਾਂ, ਫਿਰੌਤੀ ਗਿਰੋਹਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਹੋਰ ਅਹਿਮ ਕਾਰਵਾਈ ਕੀਤੀ ਗਈ ਹੈ।
ਪੁਲਿਸ ਨੇ ਦਾਅਵਾ ਕੀਤਾ ਹੈ ਕਿ ਅਮਨ ਅੰਡਾ ਗੈਂਗ ਨਾਲ ਸਬੰਧਤ ਮਲਕੀਤ ਸਿੰਘ ਉਰਫ਼ ਬਿੱਲਾ ਚਿੱਚੜ ਨੂੰ ਹਥਿਆਰ ਦੀ ਬਰਾਮਦਗੀ ਲਈ ਲਿਜਾਣ ਦੌਰਾਨ ਉਸ ਨੇ ਪੁਲਿਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰਕੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਐੱਸ.ਪੀ. (ਪੀਬੀਆਈ) ਰਮਨਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਵੱਖ-ਵੱਖ ਫਾਇਰਿੰਗ ਅਤੇ ਫਿਰੌਤੀ ਦੇ ਮਾਮਲਿਆਂ ’ਚ ਲੋੜੀਂਦੇ ਮਲਕੀਤ ਸਿੰਘ ਉਰਫ਼ ਬਿੱਲਾ ਚਿੱਚੜ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਕਿਹਾ ਕਿ ਡੀ.ਆਈ.ਜੀ. ਬਾਰਡਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ.ਐੱਸ.ਪੀ. ਡਾ. ਮਹਿਤਾਬ ਸਿੰਘ ਦੀ ਨਿਗਰਾਨੀ ਹੇਠ ਚੱਲ ਰਹੀ ਮੁਹਿੰਮ ਦੌਰਾਨ ਹੁਣ ਤੱਕ ਫਾਇਰਿੰਗ ਦੇ ਵੱਖ-ਵੱਖ ਮਾਮਲਿਆਂ ’ਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮਲਕੀਤ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਉਸ ਨੇ ਆਪਣਾ ਹਥਿਆਰ ਆਲੀਵਾਲ ਨਹਿਰ ਨੇੜੇ ਲੁਕਾ ਕੇ ਰੱਖਿਆ ਹੋਇਆ ਹੈ। ਇਸ ਸੂਚਨਾ ਦੇ ਆਧਾਰ ’ਤੇ ਥਾਣਾ ਸਿਵਲ ਲਾਈਨ ਦੀ ਪੁਲਿਸ ਉਸ ਨੂੰ ਹਥਿਆਰ ਦੀ ਬਰਾਮਦਗੀ ਲਈ ਮੌਕੇ ’ਤੇ ਲੈ ਕੇ ਗਈ। ਪੁਲਿਸ ਦਾ ਦਾਅਵਾ ਹੈ ਕਿ ਉੱਥੇ ਪਹੁੰਚਣ ਤੋਂ ਬਾਅਦ ਮੁਲਜ਼ਮ ਨੇ ਪੁਲਿਸ ਨੂੰ ਚਕਮਾ ਦੇ ਕੇ ਲੁਕਾਏ ਹੋਏ ਹਥਿਆਰ ਨਾਲ ਪੁਲਿਸ ਪਾਰਟੀ ’ਤੇ ਤਿੰਨ ਰਾਊਂਡ ਫਾਇਰ ਕਰ ਦਿੱਤੇ।
ਐੱਸ.ਪੀ. ਨੇ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਨੇ ਆਪਣੀ ਸੁਰੱਖਿਆ ਲਈ ਜਵਾਬੀ ਕਾਰਵਾਈ ਕਰਦਿਆਂ ਦੋ ਰਾਊਂਡ ਫਾਇਰ ਕੀਤੇ, ਜਿਨ੍ਹਾਂ ’ਚੋਂ ਇੱਕ ਗੋਲੀ ਮੁਲਜ਼ਮ ਦੀ ਲੱਤ ਵਿੱਚ ਲੱਗੀ। ਜ਼ਖ਼ਮੀ ਹੋਣ ਤੋਂ ਬਾਅਦ ਉਸ ਨੂੰ ਕਾਬੂ ਕਰਕੇ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਘਟਨਾ ਦੀ ਸੂਚਨਾ ਮਿਲਣ ਉਪਰੰਤ ਐੱਸਪੀ (ਪੀਬੀਆਈ) ਰਮਨਿੰਦਰ ਸਿੰਘ, ਡੀਐੱਸਪੀ ਸਿਟੀ ਸੁਖਇੰਦਰ ਸਿੰਘ, ਡੀਐੱਸਪੀ ਫਤਿਹਗੜ੍ਹ ਚੂੜੀਆਂ ਲਲਿਤ ਕੁਮਾਰ, ਥਾਣਾ ਸਿਵਲ ਲਾਈਨ ਦੇ ਐੱਸਐੱਚਓ ਗੁਰਮੀਤ ਸਿੰਘ, ਥਾਣਾ ਘਣੀਏ ਕੇ ਬਾਂਗਰ ਦੇ ਐੱਸਐੱਚਓ ਲਖਵਿੰਦਰ ਸਿੰਘ, ਅਰਬਨ ਐਸਟੇਟ ਚੌਂਕੀ ਇੰਚਾਰਜ ਬਿਕਰਮ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਫੋਰੈਂਸਿਕ ਟੀਮ ਨੇ ਵੀ ਮੌਕੇ ਤੋਂ ਸਬੂਤ ਇਕੱਠੇ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਐੱਸਪੀ ਰਮਨਿੰਦਰ ਸਿੰਘ ਨੇ ਦੱਸਿਆ ਕਿ ਮਲਕੀਤ ਸਿੰਘ ਉਰਫ਼ ਬਿੱਲਾ ਚਿੱਚੜ ਖ਼ਿਲਾਫ਼ ਕੁੱਲ 11 ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ’ਚੋਂ ਪੰਜ ਮਾਮਲੇ ਫਿਰੌਤੀ ਨਾਲ ਸਬੰਧਤ ਹਨ। ਪੁਲਿਸ ਅਨੁਸਾਰ ਉਹ ਅਮਨ ਅੰਡਾ ਗੈਂਗ ਲਈ ਕੰਮ ਕਰਦਾ ਸੀ ਅਤੇ ਗੈਂਗ ਦੇ ਕਹਿਣ ’ਤੇ ਵਪਾਰੀਆਂ ਤੋਂ ਫਿਰੌਤੀ ਦੀ ਮੰਗ ਕਰਦਾ ਸੀ। ਪੈਸੇ ਨਾ ਮਿਲਣ ਦੀ ਸੂਰਤ ਵਿੱਚ ਵਪਾਰਕ ਅਦਾਰਿਆਂ ’ਤੇ ਗੋਲੀਬਾਰੀ ਕਰਕੇ ਦਹਿਸ਼ਤ ਫੈਲਾਈ ਜਾਂਦੀ ਸੀ।
ਪੁਲਿਸ ਮੁਤਾਬਕ ਬਟਾਲਾ ਸ਼ਹਿਰ ’ਚ ਕੱਪੜਾ ਵਪਾਰੀ ਦੇ ਸ਼ੋਰੂਮ, ਫੈਸ਼ਨ ਲੰਡਨ, ਕਰਾਊਨ ਕਾਰ ਵਾਸ਼, ਚਾਵਲਾ ਚਿਕਨ ਅਤੇ ਰਾਈਫਲ ਰੈਸਟੋਰੈਂਟ ਸਮੇਤ ਹੋਰ ਥਾਵਾਂ ’ਤੇ ਹੋਈਆਂ ਗੋਲੀਬਾਰੀ ਦੀਆਂ ਵਾਰਦਾਤਾਂ ਦੀ ਜਾਂਚ ਦੌਰਾਨ ਵੀ ਇਸ ਗੈਂਗ ਦੇ ਮੈਂਬਰਾਂ ਦੀ ਭੂਮਿਕਾ ਸਾਹਮਣੇ ਆਈ ਹੈ। ਇਨ੍ਹਾਂ ਮਾਮਲਿਆਂ ’ਚ ਪੁਲਿਸ ਪਹਿਲਾਂ ਹੀ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ ਜਾਂਚ ਅਜੇ ਵੀ ਜਾਰੀ ਹੈ।
ਐੱਸਪੀ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਸੰਗਠਿਤ ਅਪਰਾਧ, ਫਿਰੌਤੀ ਗਿਰੋਹਾਂ ਅਤੇ ਗੈਂਗਸਟਰਾਂ ਖ਼ਿਲਾਫ਼ ਆਪਣੀ ਮੁਹਿੰਮ ਲਗਾਤਾਰ ਜਾਰੀ ਰੱਖੇਗੀ। ਕਾਨੂੰਨ-ਵਿਵਸਥਾ ਭੰਗ ਕਰਨ ਵਾਲੇ ਕਿਸੇ ਵੀ ਅਪਰਾਧੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।