ਗੋਲੀ ਲੱਗਣ ਕਾਰਨ ਜ਼ਖਮੀ ਹੋਏ ਵਿਅਕਤੀ ਨੇ ਤੋੜਿਆ ਦਮ, ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ
ਬੀਤੀ ਦੇਰ ਰਾਤ ਬਟਾਲਾ ਦੇ ਨਜ਼ਦੀਕੀ ਪਿੰਡ ਸੀੜਾ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਤੋਂ ਬਾਅਦ ਇਕ ਵਿਅਕਤੀ ਵਲੋਂ ਮਨਪਿੰਦਰ ਸਿੰਘ ਵਾਸੀ ਸੀੜਾ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ ਜਿਸ ਦੌਰਾਨ ਮਨਪਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ ਸੀ।
Publish Date: Sat, 11 Jul 2026 04:34 PM (IST)
Updated Date: Sat, 11 Jul 2026 04:39 PM (IST)
ਸ਼ਾਮ ਤਿਵਾੜੀ, ਬਟਾਲਾ, ਪੰਜਾਬੀ ਜਾਗਰਣ। ਬੀਤੀ ਦੇਰ ਰਾਤ ਬਟਾਲਾ ਦੇ ਨਜ਼ਦੀਕੀ ਪਿੰਡ ਸੀੜਾ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਤੋਂ ਬਾਅਦ ਇਕ ਵਿਅਕਤੀ ਵਲੋਂ ਮਨਪਿੰਦਰ ਸਿੰਘ ਵਾਸੀ ਸੀੜਾ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ ਜਿਸ ਦੌਰਾਨ ਮਨਪਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ ਸੀ।
ਬੀਤੀ ਦੇਰ ਰਾਤ ਅੰਮ੍ਰਿਤਸਰ ਦੇ ਇਕ ਹਸਪਤਾਲ ’ਚ ਇਲਾਜ ਦੌਰਾਨ ਮਨਪਿੰਦਰ ਸਿੰਘ ਦੀ ਮੌਤ ਹੋ ਗਈ ਹੈ। ਇਸ ਸੰਬੰਧੀ ਪੁਲਸ ਨੇ ਕਾਰਵਾਈ ਕਰਦੇ ਹੋਏ ਗੋਲੀਆਂ ਚਲਾਉਣ ਵਾਲੇ ਵਿਅਕਤੀ ਅਤੇ ਉਸਦੀ ਪਤਨੀ ਨੂੰ ਕੁਝ ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰ ਲਿਆ ਹੈ।
ਇਸ ਸੰਬੰਧੀ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਫਤਿਹਗੜ੍ਹ ਚੂੜੀਆਂ ਲਲਿਤ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਪਿੰਡ ਸੀੜਾ ਵਿਖੇ ਦੋ ਧਿਰਾਂ ਦੇ ਵਿਚਕਾਰ ਪੁਰਾਣੀ ਰੰਜਿਸ਼ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਇਕ ਵਿਅਕਤੀ ਵਲੋਂ ਆਪਣੇ ਪਿਸਤੌਲ ਨਾਲ ਮਨਪਿੰਦਰ ਸਿੰਘ ਮੰਨਾ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਸੀੜਾ ਦੇ ਕਰੀਬ 5 ਰਾਊਂਡ ਫਾਇਰ ਕੀਤੇ ਗਏ।
ਉਨ੍ਹਾਂ ਕਿਹਾ ਕਿ ਗੋਲੀਆਂ ਲੱਗਣ ਕਾਰਨ ਮਨਪਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸਨੂੰ ਪਰਿਵਾਰਿਕ ਮੈਂਬਰਾਂ ਵਲੋਂ ਬਟਾਲਾ ਦੇ ਇਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਸਦੀ ਹਾਲਤ ਗੰਭੀਰ ਦੇਖਦੇ ਹੋਏ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਦੇਰ ਰਾਤ ਮਨਪਿੰਦਰ ਸਿੰਘ ਦੀ ਅੰਮ੍ਰਿਤਸਰ ਦੇ ਇਕ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਪੁਲਸ ਪਾਰਟੀ ਸਮੇਤ ਘਟਨਾਸਥਲ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਮੌਕੇ ਉਨ੍ਹਾਂ ਨਾਲ ਥਾਣਾ ਘਣੀਏ ਕੇ ਬਾਂਗਰ ਦੇ ਐੱਸ.ਐੱਚ.ਓ ਲਖਵਿੰਦਰ ਸਿੰਘ ਹਾਜ਼ਰ ਸਨ।