- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜਵੰਤ ਕੌਰ ਪਤਨੀ ਬਿਕਰਮਜੀਤ ਸਿੰਘ ਵਾਸੀ ਕਾਸਤੀਵਾਲ, ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਗੁਲਾਬ ਸਿੰਘ ਅਤੇ ਪਿੰਡ ਵਾਸੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਬਿਕਰਮਜੀਤ ਸਿੰਘ (50) ਰੋਜ਼ਾਨਾ ਸਵੇਰੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਜਾਂਦੇ ਸਨ। ਉਨ੍ਹਾਂ ਕਿਹਾ ਕਿ ਅੱਜ ਵੀ ਬਿਕਰਮਜੀਤ ਸਿੰਘ ਸਵੇਰੇ 3:30 ਵਜੇ ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਲਈ ਗਏ ਸਨ ਪਰ ਉਹ ਗੁਰਦੁਆਰਾ ਸਾਹਿਬ ਨਹੀਂ ਪਹੁੰਚੇ।

ਸ਼ਾਮ ਤਿਵਾੜੀ, ਬਟਾਲਾ ਪੰਜਾਬੀ ਜਾਗਰਣ : ਥਾਣਾ ਘਣੀਏ ਕੇ ਬਾਂਗਰ ਦੇ ਅਧੀਨ ਆਉਂਦੇ ਪਿੰਡ ਕਾਸ਼ਤੀਵਾਲ ਵਿਖੇ ਅੱਜ ਸਵੇਰੇ 3:30 ਵਜੇ ਘਰ ਤੋਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਗਏ ਇਕ ਵਿਅਕਤੀ ਦੇ ਭੇਦਭਰੇ ਹਾਲਾਤਾਂ ’ਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਪਤਾ ਹੋਏ ਵਿਅਕਤੀ ਦਾ ਪਰਨਾ ਅਤੇ ਚੱਪਲਾਂ ਗੁਰਦੁਆਰਾ ਸਾਹਿਬ ਦੇ ਬਾਹਰੋਂ ਮਿਲੀਆਂ ਹਨ ਅਤੇ ਪਰਿਵਾਰ ਵਲੋ ਵਿਅਕਤੀ ਨੂੰ ਅਗਵਾਹ ਕਰਨ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਰਾਜਵੰਤ ਕੌਰ ਪਤਨੀ ਬਿਕਰਮਜੀਤ ਸਿੰਘ ਵਾਸੀ ਕਾਸਤੀਵਾਲ, ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਗੁਲਾਬ ਸਿੰਘ ਅਤੇ ਪਿੰਡ ਵਾਸੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਬਿਕਰਮਜੀਤ ਸਿੰਘ (50) ਰੋਜ਼ਾਨਾ ਸਵੇਰੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਜਾਂਦੇ ਸਨ। ਉਨ੍ਹਾਂ ਕਿਹਾ ਕਿ ਅੱਜ ਵੀ ਬਿਕਰਮਜੀਤ ਸਿੰਘ ਸਵੇਰੇ 3:30 ਵਜੇ ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਲਈ ਗਏ ਸਨ ਪਰ ਉਹ ਗੁਰਦੁਆਰਾ ਸਾਹਿਬ ਨਹੀਂ ਪਹੁੰਚੇ। ਉਨ੍ਹਾਂ ਕਿਹਾ ਕਿ ਜਦ ਉਨ੍ਹਾਂ ਬਿਕਰਮਜੀਤ ਸਿੰਘ ਦੀ ਭਾਲ ਸ਼ੁਰੂ ਕੀਤੀ ਤਾਂ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਬਾਹਰੋਂ ਬਿਕਰਮਜੀਤ ਸਿੰਘ ਦਾ ਪਰਨਾ ਅਤੇ ਚੱਪਲਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਕਿਸੇ ਵਿਅਕਤੀ ਨੇ ਬਿਕਰਮਜੀਤ ਸਿੰਘ ਨੂੰ ਅਗਵਾਹ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਇਸ ਸੰਬੰਧੀ ਥਾਣਾ ਘਣੀਏ ਕੇ ਬਾਂਗਰ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਘਣੀਏ ਕੇ ਬਾਂਗਰ ਦੇ ਐੱਸ.ਐੱਚ.ਓ ਲਖਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਉਨਾਂ ਵਲੋਂ ਘਟਨਾ ਦਾ ਜਾਇਜਾ ਲਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਆਸ ਪਾਸ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।