ਪਵਨ ਤ੍ਰੇਹਨ, ਬਟਾਲਾ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਬਟਾਲਾ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਬਟਾਲਾ ਪੁਲਿਸ ਨੇ ਸੁਰੱਖਿਆ ਦਾ ਸਾਰਾ ਖਾਕਾ ਤਿਆਰ ਕਰ ਲਿਆ ਹੈ ਤੇ ਪੂਰੇ ਬਟਾਲਾ ਸ਼ਹਿਰ ਨੂੰ ਸੁਰੱਖਿਆ ਛਤਰੀ ਨਾਲ ਢੱਕ ਦਿੱਤਾ ਜਾਵੇਗਾ। ਐੱਸਐੱਸਪੀ ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਨੇ ਵਿਆਹ ਪੁਰਬ ਦੇ ਮੱਦੇਨਜ਼ਰ ਪੁਲਿਸ ਵੱਲੋਂ ਕੀਤੇ ਸੁਰੱਖਿਆ ਪ੍ਰਬੰਧਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਟਾਲਾ ਵਿੱਚ 1800 ਤੋਂ ਵੱਧ ਪੁਲਿਸ ਮੁਲਾਜਮਾਂ ਨੂੰ ਤਾਇਨਾਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੁਰੱਖਿਆ ਪ੍ਰਬੰਧਾਂ ਨੂੰ ਸਖਤ ਕਰਨ ਲਈ ਡਰੋਨ ਦਾ ਇਸਤੇਮਾਲ ਵੀ ਕੀਤਾ ਜਾਵੇਗਾ। ਐੱਸਐੱਸਪੀ ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਨੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਇਸ ਪਾਵਨ ਦਿਹਾੜੇ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਸੰਗਤਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਤੇ ਜੋ ਕੋਈ ਸ਼ਰਾਰਤੀ ਅਨਸਰ ਇਸ ਮੌਕੇ ਖੱਲੜ ਪਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਤੀਹਰੀ ਸਵਾਰੀ ਵਾਲੇ ਮੋਟਰਸਾਈਕਲ ਚਾਲਕਾਂ, ਬੁੱਲਟ ਮੋਟਰਸਾਈਕਲ ਰਾਹੀਂ ਪਟਾਕੇ ਮਾਰਨ ਵਾਲਿਆਂ ਅਤੇ ਟਰੈਕਟਰਾਂ 'ਤੇ ਉੱਚੀ ਅਵਾਜ਼ ਵਿੱਚ ਸਪੀਕਰ ਲਗਾ ਕੇ ਸੰਗਤਾਂ ਨੂੰ ਪਰੇਸ਼ਾਨ ਕਰਨ ਵਾਲੇ ਸ਼ਰਾਰਤੀਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਵਿਆਹ ਪੁਰਬ ਦੌਰਾਨ ਕਿਸੇ ਨੂੰ ਵੀ ਗੜਬੜ ਕਰਨ ਦਾ ਕੋਈ ਮੌਕਾ ਨਹੀਂ ਦਿੱਤਾ ਜਾਵੇਗਾ। ਐੱਸਐੱਸਪੀ ਬਟਾਲਾ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਟਰੈਕਟਰ ਟਰਾਲੀਆਂ ਸੜਕ ਦੇ ਕਿਨਾਰੇ ਇਸ ਢੰਗ ਨਾਲ ਲਗਾਉਣ ਕੇ ਆਵਾਜਾਈ ਵਿੱਚ ਕੋਈ ਰੁਕਾਵਟ ਨਾ ਆਵੇ। ਉਨ੍ਹਾਂ ਨਾਲ ਹੀ ਕਿਹਾ ਕਿ ਪਾਲਕੀ ਸਾਹਿਬ ਦੇ ਅੱਗੇ ਕੋਈ ਵੀ ਟਰੈਕਟਰ ਟਰਾਲੀ ਨਾ ਲਗਾਈ ਜਾਵੇ, ਟਰੈਕਟਰ ਟਰਾਲੀਆਂ ਅਤੇ ਹੋਰ ਵਾਹਨ ਕੇਵਲ ਪਾਲਕੀ ਸਾਹਿਬ ਦੇ ਪਿੱਛੇ ਹੀ ਲਗਾਏ ਜਾਣ। ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਉਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਬਟਾਲਾ ਪੁਲਿਸ ਸਮੇਤ 4 ਹੋਰ ਜ਼ਿਲਿਆਂ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਰੂਰਲ ਦੀ ਪੁਲਿਸ ਬਟਾਲਾ ਸ਼ਹਿਰ ਦੀ ਸੁਰੱਖਿਆ ਦਾ ਜਿੰਮਾ ਸੰਭਾਲ ਰਹੀ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸੁਰੱਖਿਆ ਲਈ ਬਟਾਲਾ ਵਿੱਚ 1800 ਤੋਂ ਵੱਧ ਪੁਲਿਸ ਮੁਲਾਜਮਾਂ ਨੂੰ ਤਾਇਨਾਤ ਕੀਤਾ ਜਾਵੇਗਾ। ਇਸ ਵਿੱਚ ਕੁੱਝ ਜਵਾਨ ਪੀਏਪੀ ਜਲੰਧਰ ਤੋਂ ਵੀ ਸ਼ਾਮਲ ਹੋਣਗੇ। ਘੁੰਮਣ ਨੇ ਦੱਸਿਆ ਕਿ ਸਾਰੇ ਸੁਰੱਖਿਆ ਪ੍ਰਬੰਧਾਂ ਦੀ ਕਮਾਂਡ ਉਹ ਖੁਦ ਕਰਨਗੇ ਅਤੇ ਉਨ੍ਹਾਂ ਦੇ ਨਾਲ 3 ਐੱਸਪੀ, 11 ਡੀਐੱਸਪੀ ਅਤੇ 42 ਇੰਸਪੈਕਟਰ ਪੱਧਰ ਦੇ ਅਧਿਕਾਰੀ ਤਾਇਨਾਤ ਰਹਿਣਗੇ। ਉਨ੍ਹਾਂ ਦੱਸਿਆ ਕਿ ਪੂਰੇ ਬਟਾਲਾ ਸ਼ਹਿਰ ਨੂੰ 7 ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਸੈਕਟਰ ਵਿੱਚ ਪੁਲਿਸ ਸਹਾਇਤਾ ਕੇਂਦਰ ਵੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ 4 ਅਤੇ 5 ਸਤੰਬਰ ਨੂੰ ਨਗਰ ਕੀਰਤਨ ਦੇ ਰੂਟ ਨੂੰ ਵੀ ਦੋ ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਐੱਸਐੱਸਪੀ ਬਟਾਲਾ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਪਵਿੱਤਰ ਪੁਰਬ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਉਂਦਿਆਂ ਪੁਲਿਸ ਤੇ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ।

Posted By: Amita Verma