ਪੰਜਾਬ ਸਿਆਸਤ 'ਚ ਭਖਿਆ ਮਾਹੌਲ, CBI ਕਾਰਵਾਈ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੂਕਿਆ ਪੁਤਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਦਫ਼ਤਰ ਨਾਲ ਜੁੜੇ ਮਾਮਲੇ ਵਿੱਚ ਸੀ.ਬੀ.ਆਈ ਵੱਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਸੂਬੇ ਦੀ ਸਿਆਸਤ ਗਰਮਾ ਗਈ ਹੈ। ਇਸੇ ਦੇ ਚਲਦਿਆਂ ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਦੀ ਅਗਵਾਈ ਹੇਠ ਬਟਾਲਾ ਦੇ ਗਾਂਧੀ ਚੌਂਕ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਮੁਕੇਰੀਆਂ ਤੋਂ ਭਾਜਪਾ ਵਿਧਾਇਕ ਜੰਗੀ ਲਾਲ ਮਹਾਜਨ ਸਮੇਤ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਭਾਜਪਾ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ
Publish Date: Wed, 07 Oct 2026 02:23 PM (IST)
Updated Date: Wed, 07 Oct 2026 02:24 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਦਫ਼ਤਰ ਨਾਲ ਜੁੜੇ ਮਾਮਲੇ ਵਿੱਚ ਸੀ.ਬੀ.ਆਈ ਵੱਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਸੂਬੇ ਦੀ ਸਿਆਸਤ ਗਰਮਾ ਗਈ ਹੈ। ਇਸੇ ਦੇ ਚਲਦਿਆਂ ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਦੀ ਅਗਵਾਈ ਹੇਠ ਬਟਾਲਾ ਦੇ ਗਾਂਧੀ ਚੌਂਕ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਮੁਕੇਰੀਆਂ ਤੋਂ ਭਾਜਪਾ ਵਿਧਾਇਕ ਜੰਗੀ ਲਾਲ ਮਹਾਜਨ ਸਮੇਤ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਭਾਜਪਾ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ।
ਇਸ ਮੌਕੇ ਵਿਧਾਇਕ ਜੰਗੀ ਲਾਲ ਮਹਾਜਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਗਏ ਕਈ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਜੰਗੀ ਲਾਲ ਮਹਾਜਨ ਨੇ ਕਿਹਾ ਕਿ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਨਾਲ ਜੁੜੇ ਮਾਮਲੇ ਵਿੱਚ ਸੀ.ਬੀ.ਆਈ ਦੀ ਕਾਰਵਾਈ ਨੇ ਕਈ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਮਾਮਲੇ ਸਬੰਧੀ ਲੋਕਾਂ ਦੇ ਸਾਹਮਣੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।
ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਹਰਸਿਮਰਨਜੀਤ ਸਿੰਘ ‘ਹੀਰਾ ਵਾਲੀਆ’ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸੂਬੇ ਦੇ ਮੌਜੂਦਾ ਹਾਲਾਤ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਆਪਣੇ ਕਾਰਜਕਾਲ ਦੌਰਾਨ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਹੀਰਾ ਵਾਲੀਆ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਖ਼ਿਲਾਫ਼ ਲੋਕਾਂ ਦੀ ਆਵਾਜ਼ ਉਠਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਮੁੱਦਿਆਂ ਸਬੰਧੀ ਸਰਕਾਰ ਤੋਂ ਜਵਾਬਦੇਹੀ ਮੰਗਣੀ ਚਾਹੀਦੀ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਰੋਸ ਪ੍ਰਦਰਸ਼ਨ ਦੇ ਅੰਤ ਵਿੱਚ ਭਾਜਪਾ ਵਰਕਰਾਂ ਨੇ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਆਪਣਾ ਰੋਸ ਦਰਜ ਕਰਵਾਇਆ।