ਖ਼ਾਲੀ ਪਲਾਟ ’ਚੋਂ ਮਿਲੀ ਪੰਜਾਬ ਪੁਲਿਸ ਦੇ ਬਰਖਾਸਤ ਮੁਲਾਜ਼ਮ ਦੀ ਗਲੀ-ਸੜੀ ਲਾਸ਼, ਪੁਲਿਸ ਜਾਂਚ ਸ਼ੁਰੂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿੰਬਲ ਚੌਂਕੀ ਦੇ ਇੰਚਾਰਜ ਸਬ-ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕਾਲਾ ਨੰਗਲ ਵਿਖੇ ਝਾੜੀਆਂ ’ਚੋਂ ਇੱਕ ਵਿਅਕਤੀ ਦੀ ਗਲੀ-ਸੜੀ ਲਾਸ਼ ਪਈ ਹੋਈ ਹੈ। ਉਨ੍ਹਾਂ ਦੱਸਿਆ ਕਿ ਮੌਕੇ ’ਤੇ ਪੁੱਜ ਕੇ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ।
Publish Date: Sun, 23 Aug 2026 12:08 PM (IST)
Updated Date: Sun, 23 Aug 2026 12:10 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ। ਬਟਾਲਾ ਦੇ ਕਾਲਾ ਨੰਗਲ ਵਿਖੇ ਖਾਲੀ ਪਲਾਟਾਂ ਅਤੇ ਝਾੜੀਆਂ ’ਚੋਂ ਇੱਕ ਵਿਅਕਤੀ ਦੀ ਗਲੀ-ਸੜੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਲਾਸ਼ ਮਿਲਣ ਦੀ ਸੂਚਨਾ ਮਿਲਦਿਆਂ ਹੀ ਇਲਾਕੇ ’ਚ ਸਨਸਨੀ ਫੈਲ ਗਈ। ਲਾਸ਼ ਦੀ ਪਛਾਣ ਪੰਜਾਬ ਪੁਲਿਸ ਦੇ ਬਰਖਾਸਤ ਮੁਲਾਜ਼ਮ ਗੁਰਪ੍ਰਤਾਪ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਜਫ਼ਰਵਾਲ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿੰਬਲ ਚੌਂਕੀ ਦੇ ਇੰਚਾਰਜ ਸਬ-ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕਾਲਾ ਨੰਗਲ ਵਿਖੇ ਝਾੜੀਆਂ ’ਚੋਂ ਇੱਕ ਵਿਅਕਤੀ ਦੀ ਗਲੀ-ਸੜੀ ਲਾਸ਼ ਪਈ ਹੋਈ ਹੈ। ਉਨ੍ਹਾਂ ਦੱਸਿਆ ਕਿ ਮੌਕੇ ’ਤੇ ਪੁੱਜ ਕੇ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ।
ਚੌਕੀ ਇੰਚਾਰਜ ਸਬ ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 32 ਸਾਲ ਹੈ ਅਤੇ ਉਹ ਪੰਜਾਬ ਪੁਲਿਸ ਦਾ ਮੁਲਾਜ਼ਮ ਸੀ ਅਤੇ ਉਸਨੂੰ ਪਿਛਲੇ ਸਮੇਂ ਤੋਂ ਵਿਭਾਗ ਵੱਲੋਂ ਬਰਖ਼ਾਸਤ ਕੀਤਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ।
ਸਬ-ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾਣਗੇ ਅਤੇ ਉਨ੍ਹਾਂ ਵੱਲੋਂ ਦਿੱਤੇ ਬਿਆਨਾਂ ਅਤੇ ਪੋਸਟਮਾਰਟਮ ਰਿਪੋਰਟ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।