ਪੰਜਾਬ ਬੰਦ ਦੌਰਾਨ ਸਖ਼ਤ ਸੁਰੱਖਿਆ, 500 ਪੁਲਿਸ ਮੁਲਾਜ਼ਮਾਂ ਦੀ ਨਿਗਰਾਨੀ ਹੇਠ ਬਟਾਲਾ ਸਟੇਸ਼ਨ ਤੋਂ ਰਵਾਨਾ ਹੋਈ ਟਰੇਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਬਟਾਲਾ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਬੰਦ ਦੇ ਸੱਦੇ ਤਹਿਤ ਹਾਈਵੇ, ਸੜਕਾਂ ਅਤੇ ਰੇਲ ਮਾਰਗ ਨੂੰ ਵੀ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਚਲਦਿਆਂ ਬਟਾਲਾ ਰੇਲਵੇ ਸਟੇਸ਼ਨ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚ ਪੁਲਿਸ ਦੀ ਭਾਰੀ ਤਾਇਨਾਤੀ ਕੀਤੀ ਗਈ।
Publish Date: Fri, 21 Aug 2026 11:48 AM (IST)
Updated Date: Fri, 21 Aug 2026 11:49 AM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਬਟਾਲਾ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਬੰਦ ਦੇ ਸੱਦੇ ਤਹਿਤ ਹਾਈਵੇ, ਸੜਕਾਂ ਅਤੇ ਰੇਲ ਮਾਰਗ ਨੂੰ ਵੀ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਚਲਦਿਆਂ ਬਟਾਲਾ ਰੇਲਵੇ ਸਟੇਸ਼ਨ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚ ਪੁਲਿਸ ਦੀ ਭਾਰੀ ਤਾਇਨਾਤੀ ਕੀਤੀ ਗਈ।
ਰੇਲਵੇ ਸਟੇਸ਼ਨ ਅਤੇ ਇਸ ਦੇ ਆਸ-ਪਾਸ ਕਰੀਬ 500 ਪੁਲਿਸ ਮੁਲਾਜ਼ਮਾਂ ਦੀ ਫੋਰਸ ਤਾਇਨਾਤ ਰਹੀ। ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਲਈ ਡੀਐਸਪੀ ਆਪਰੇਸ਼ਨ ਕਸਤੂਰੀ ਲਾਲ ਅਤੇ ਡੀਐਸਪੀ ਡੀ. ਤਜਿੰਦਰ ਪਾਲ ਸਿੰਘ ਗੁਰਾਇਆ ਸਮੇਤ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਮੌਜੂਦ ਰਹੇ। ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਫਾਇਰ ਬ੍ਰਿਗੇਡ ਦੀ ਗੱਡੀ ਵੀ ਰੇਲਵੇ ਸਟੇਸ਼ਨ ’ਤੇ ਤਿਆਰ ਰੱਖੀ ਗਈ। ਐਸਪੀ ਮੈਡਮ ਖੁਸ਼ਬੀਰ ਕੌਰ ਦੀ ਨਿਗਰਾਨੀ ਹੇਠ ਪੁਲਿਸ ਵੱਲੋਂ ਰੇਲਵੇ ਸਟੇਸ਼ਨ ਅਤੇ ਆਲੇ-ਦੁਆਲੇ ਦੇ ਖੇਤਰ ਵਿੱਚ ਸਖ਼ਤ ਚੌਕਸੀ ਵਰਤੀ ਗਈ। ਪੁਲਿਸ ਵੱਲੋਂ ਕਿਸੇ ਵੀ ਧਰਨਾਕਾਰੀ ਨੂੰ ਰੇਲਵੇ ਸਟੇਸ਼ਨ ਵੱਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਸਟੇਸ਼ਨ ਨੂੰ ਜਾਣ ਵਾਲੀ ਸੜਕ ਅਤੇ ਜੀਟੀ ਰੋਡ ’ਤੇ ਪਹਿਲਾਂ ਹੀ ਬੈਰੀਕੇਡ ਲਗਾ ਦਿੱਤੇ ਗਏ ਸਨ।
ਇਸ ਤੋਂ ਇਲਾਵਾ ਰੇਲਵੇ ਫਾਟਕ, ਕੁਰਾਹੀ ਅਤੇ ਰੇਲਵੇ ਟਰੈਕ ਵੱਲ ਜਾਣ ਵਾਲੇ ਵੱਖ-ਵੱਖ ਰਸਤਿਆਂ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਨਾਕਾਬੰਦੀ ਕੀਤੀ ਗਈ। ਪੁਲਿਸ ਵੱਲੋਂ ਆਉਣ-ਜਾਣ ਵਾਲੇ ਲੋਕਾਂ ’ਤੇ ਵੀ ਨਜ਼ਰ ਰੱਖੀ ਗਈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ ਅਤੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣੀ ਰਹੇ। ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਚਲਦਿਆਂ ਬਟਾਲਾ ਰੇਲਵੇ ਸਟੇਸ਼ਨ ਤੋਂ ਟਰੇਨ ਨੂੰ ਬਿਨਾਂ ਕਿਸੇ ਰੁਕਾਵਟ ਦੇ ਰਵਾਨਾ ਕਰ ਦਿੱਤਾ ਗਿਆ। ਪੁਲਿਸ ਵੱਲੋਂ ਇਹ ਯਕੀਨੀ ਬਣਾਇਆ ਗਿਆ ਕਿ ਰੇਲ ਆਵਾਜਾਈ ਵਿੱਚ ਕਿਸੇ ਕਿਸਮ ਦਾ ਵਿਘਨ ਨਾ ਪਵੇ ਅਤੇ ਯਾਤਰੀਆਂ ਨੂੰ ਵੀ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਦੌਰਾਨ ਸਿਟੀ ਐਸਐਚਓ ਗੁਰਇਕਬਾਲ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲਗਾਤਾਰ ਗਸ਼ਤ ਕੀਤੀ ਗਈ। ਡੀਐਸਪੀ ਸਿਟੀ ਵੱਲੋਂ ਵੀ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਪੁਲਿਸ ਪ੍ਰਸ਼ਾਸਨ ਵੱਲੋਂ ਪੰਜਾਬ ਬੰਦ ਦੇ ਮੱਦੇਨਜ਼ਰ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੂਰੀ ਚੌਕਸੀ ਵਰਤੀ ਗਈ। ਰੇਲਵੇ ਸਟੇਸ਼ਨ ਸਮੇਤ ਸ਼ਹਿਰ ਦੇ ਸੰਵੇਦਨਸ਼ੀਲ ਸਥਾਨਾਂ ’ਤੇ ਪੁਲਿਸ ਦੀ ਤਾਇਨਾਤੀ ਕਰਕੇ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਗਈ।