- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਰਮਾ ਕਾਰ ਸ਼ਿੰਗਾਰ ਦੇ ਮਾਲਕ ਨਰੇਸ਼ ਕੁਮਾਰ ਪੁੱਤਰ ਜਸਵਿੰਦਰ ਮੋਹਨ, ਵਾਸੀ ਬਟਾਲਾ, ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਰੋਜ਼ਾਨਾ ਦੀ ਤਰ੍ਹਾਂ ਦੁਕਾਨ ਦੇ ਕਾਊਂਟਰ ’ਤੇ ਬੈਠੇ ਹੋਏ ਸਨ। ਇਸ ਦੌਰਾਨ ਦੁਕਾਨ ’ਤੇ ਪੁਲਿਸ ਦੀ ਇੱਕ ਪਾਇਲਟ ਗੱਡੀ ਦੀ ਮੁਰੰਮਤ ਦਾ ਕੰਮ ਵੀ ਚੱਲ ਰਿਹਾ ਸੀ।

ਸੁਖਦੇਵ ਸਿੰਘ/ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਬਟਾਲਾ ਸ਼ਹਿਰ ਵਿੱਚ ਫਾਇਰਿੰਗ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸੇ ਤਰ੍ਹਾਂ ਦਾ ਇੱਕ ਤਾਜ਼ਾ ਮਾਮਲਾ ਜਲੰਧਰ ਰੋਡ ’ਤੇ ਸਾਹਮਣੇ ਆਇਆ ਹੈ, ਜਿੱਥੇ ਦਿਨ-ਦਿਹਾੜੇ ਸਕੂਟਰੀ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਇੱਕ ਕਾਰ ਸ਼ਿੰਗਾਰ ਦੀ ਦੁਕਾਨ ’ਤੇ ਫਾਇਰਿੰਗ ਕਰ ਦਿੱਤੀ। ਇਸ ਘਟਨਾ ਦੌਰਾਨ ਦੁਕਾਨ ਮਾਲਕ ਦੇ ਪਿਤਾ ਵਾਲ-ਵਾਲ ਬਚ ਗਏ, ਜਦਕਿ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਰਮਾ ਕਾਰ ਸ਼ਿੰਗਾਰ ਦੇ ਮਾਲਕ ਨਰੇਸ਼ ਕੁਮਾਰ ਪੁੱਤਰ ਜਸਵਿੰਦਰ ਮੋਹਨ, ਵਾਸੀ ਬਟਾਲਾ, ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਰੋਜ਼ਾਨਾ ਦੀ ਤਰ੍ਹਾਂ ਦੁਕਾਨ ਦੇ ਕਾਊਂਟਰ ’ਤੇ ਬੈਠੇ ਹੋਏ ਸਨ। ਇਸ ਦੌਰਾਨ ਦੁਕਾਨ ’ਤੇ ਪੁਲਿਸ ਦੀ ਇੱਕ ਪਾਇਲਟ ਗੱਡੀ ਦੀ ਮੁਰੰਮਤ ਦਾ ਕੰਮ ਵੀ ਚੱਲ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਸਕੂਟਰੀ ’ਤੇ ਸਵਾਰ ਦੋ ਅਣਪਛਾਤੇ ਨੌਜਵਾਨ ਦੁਕਾਨ ਦੇ ਬਾਹਰ ਆਏ ਅਤੇ ਫਾਇਰਿੰਗ ਕਰਕੇ ਮੌਕੇ ਤੋਂ ਫ਼ਰਾਰ ਹੋ ਗਏ। ਉਨ੍ਹਾਂ ਵੱਲੋਂ ਚਲਾਈ ਗਈ ਗੋਲੀ ਉਨ੍ਹਾਂ ਦੇ ਪਿਤਾ ਦੇ ਬਿਲਕੁਲ ਨੇੜਿਓਂ ਲੰਘਦੀ ਹੋਈ ਦੁਕਾਨ ਦੇ ਸ਼ੀਸ਼ੇ ਵਿੱਚ ਜਾ ਲੱਗੀ। ਇਸ ਕਾਰਨ ਉਨ੍ਹਾਂ ਦੇ ਪਿਤਾ ਦੀ ਜਾਨ ਖ਼ਤਰੇ ਵਿੱਚ ਪੈ ਗਈ ਸੀ, ਪਰ ਖੁਸ਼ਕਿਸਮਤੀ ਨਾਲ ਉਹ ਸੁਰੱਖਿਅਤ ਬਚ ਗਏ।
ਨਰੇਸ਼ ਕੁਮਾਰ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਕਈ ਦਿਨਾਂ ਤੋਂ ਵਿਦੇਸ਼ੀ ਨੰਬਰਾਂ ਰਾਹੀਂ ਫਿਰੌਤੀ ਦੀ ਮੰਗ ਸਬੰਧੀ ਫੋਨ ਆ ਰਹੇ ਸਨ। ਉਨ੍ਹਾਂ ਦੇ ਦਾਅਵੇ ਅਨੁਸਾਰ, ਫੋਨ ਕਰਨ ਵਾਲੇ ਵਿਅਕਤੀਆਂ ਵੱਲੋਂ 50 ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਹਾਲਾਂਕਿ, ਫਿਰੌਤੀ ਦੀਆਂ ਕਾਲਾਂ ਅਤੇ ਫਾਇਰਿੰਗ ਵਿਚਕਾਰ ਸਬੰਧ ਦੀ ਪੁਲਿਸ ਜਾਂਚ ਤੋਂ ਬਾਅਦ ਹੀ ਪੁਸ਼ਟੀ ਹੋ ਸਕੇਗੀ।
ਪੁਲਿਸ ਦੀ ਪਾਇਲਟ ਗੱਡੀ ਵੀ ਦੁਕਾਨ ’ਤੇ ਸੀ ਮੌਜੂਦ
ਦੁਕਾਨ ਮਾਲਕ ਨੇ ਇੱਕ ਹੋਰ ਅਹਿਮ ਗੱਲ ਦੱਸਦਿਆਂ ਕਿਹਾ ਕਿ ਘਟਨਾ ਸਮੇਂ ਬਟਾਲਾ ਪੁਲਿਸ ਦੀ ਇੱਕ ਪਾਇਲਟ ਗੱਡੀ ਵੀ ਦੁਕਾਨ ’ਤੇ ਖੜ੍ਹੀ ਸੀ ਅਤੇ ਉਸ ਦਾ ਕੰਮ ਚੱਲ ਰਿਹਾ ਸੀ। ਉਨ੍ਹਾਂ ਮੁਤਾਬਕ, ਉਸ ਸਮੇਂ ਪੁਲਿਸ ਮੁਲਾਜ਼ਮ ਵੀ ਮੌਜੂਦ ਸਨ। ਇਸ ਦੇ ਬਾਵਜੂਦ ਹਮਲਾਵਰਾਂ ਵੱਲੋਂ ਫਾਇਰਿੰਗ ਕਰਨਾ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਦੂਜੇ ਪਾਸੇ, ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ.ਐੱਸ.ਪੀ ਸਿਟੀ ਸੁਖਇੰਦਰ ਸਿੰਘ, ਮੇਅਰ ਭੁਪਿੰਦਰ ਸਿੰਘ ਬਾਜਵਾ, ਥਾਣਾ ਸਿਟੀ ਦੇ ਐੱਸਐੱਚਓ ਗੁਰਇਕਬਾਲ ਸਿੰਘ ਅਤੇ ਥਾਣਾ ਸਿਵਲ ਲਾਈਨ ਦੇ ਐੱਸਐੱਚਓ ਲਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਸੁਖਇੰਦਰ ਸਿੰਘ ਅਤੇ ਐੱਸਐੱਚਓ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਘਟਨਾ ਸਬੰਧੀ ਸੁਰਾਗ ਹਾਸਲ ਕਰਨ ਲਈ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫਾਇਰਿੰਗ ਕਰਨ ਵਾਲੇ ਨੌਜਵਾਨਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।