ਹਰ ਹਫ਼ਤੇ 100 ਕਿਲੋਮੀਟਰ ਸੜਕਾਂ ਦੀ ਹੋਵੇਗੀ ਮਕੈਨੀਕਲ ਸਵੀਪਿੰਗ ਬਠਿੰਡਾ ਵਿੱਚ ਹੁਣ ਹਰ ਹਫ਼ਤੇ 100 ਕਿਲੋਮੀਟਰ ਸੜਕਾਂ ਦੀ ਹੋਵੇਗੀ ਮਕੈਨੀਕਲ ਸਵੀਪਿੰਗ
Publish Date: Thu, 10 Sep 2026 09:01 PM (IST)
Updated Date: Fri, 11 Sep 2026 04:11 AM (IST)
ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਘਨਸ਼ਿਆਮ ਥੋਰੀ ਨੇ ਸਫ਼ਾਈ ਪ੍ਰਾਜੈਕਟ ਦਾ ਲਿਆ ਜਾਇਜ਼ਾ 630 ਕਿਲੋਮੀਟਰ ਹਫ਼ਤਾਵਾਰੀ ਸਫ਼ਾਈ ਸ਼ੁਰੂ ਕਰਨ ਦੇ ਨਿਰਦੇਸ਼ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਨਗਰ ਨਿਗਮ ਵੱਲੋਂ ਸ਼ੁਰੂ ਕੀਤੇ ਗਏ ਮਕੈਨੀਕਲ ਸਵੀਪਿੰਗ ਅਤੇ ਡੀਪ ਕਲੀਨਿੰਗ ਪ੍ਰਾਜੈਕਟ ਦਾ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਘਨਸ਼ਿਆਮ ਥੋਰੀ ਨੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਵਿੱਚ ਚੱਲ ਰਹੀ ਮਕੈਨੀਕਲ ਸਵੀਪਿੰਗ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕੀਤਾ ਅਤੇ ਸਫ਼ਾਈ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਨਿਰੀਖਣ ਦੌਰਾਨ ਨਗਰ ਨਿਗਮ ਕਮਿਸ਼ਨਰ ਲਵਜੀਤ ਕਲਸੀ ਸਮੇਤ ਨਿਗਮ ਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਮੌਜੂਦਾ ਸਮੇਂ ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਲਗਭਗ 100 ਕਿਲੋਮੀਟਰ ਸੜਕਾਂ ਦੀ ਹਰ ਹਫ਼ਤੇ ਮਕੈਨੀਕਲ ਸਵੀਪਿੰਗ ਕੀਤੀ ਜਾ ਰਹੀ ਹੈ। ਘਨਸ਼ਿਆਮ ਥੋਰੀ ਨੇ ਮਸ਼ੀਨਾਂ ਰਾਹੀਂ ਕੀਤੀ ਜਾ ਰਹੀ ਸਫ਼ਾਈ ਦੀ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਤੋਂ ਪ੍ਰਾਜੈਕਟ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਆਧੁਨਿਕ ਮਸ਼ੀਨਰੀ ਦੀ ਵਰਤੋਂ ਨਾਲ ਸ਼ਹਿਰ ਦੀਆਂ ਸੜਕਾਂ ਦੀ ਸਫ਼ਾਈ ਵਿਵਸਥਾ ਵਿੱਚ ਵੱਡਾ ਸੁਧਾਰ ਲਿਆਂਦਾ ਜਾ ਸਕਦਾ ਹੈ। ਮਕੈਨੀਕਲ ਸਵੀਪਿੰਗ ਨਾਲ ਨਾ ਸਿਰਫ਼ ਸੜਕਾਂ ਤੋਂ ਧੂੜ ਅਤੇ ਕੂੜਾ ਹਟਾਉਣ ਵਿੱਚ ਮਦਦ ਮਿਲੇਗੀ, ਸਗੋਂ ਸ਼ਹਿਰ ਦੀ ਦਿੱਖ ਅਤੇ ਸੁੰਦਰਤਾ ਵਿੱਚ ਵੀ ਸੁਧਾਰ ਹੋਵੇਗਾ। ਬਾਕਸ ਅੰਦਰੂਨੀ ਸੜਕਾਂ ਦੀ ਸਫ਼ਾਈ ’ਤੇ ਦਿੱਤਾ ਜ਼ੋਰ ਸਕੱਤਰ ਘਨਸ਼ਿਆਮ ਥੋਰੀ ਨੇ ਸ਼ਹਿਰ ਦੀਆਂ ਅੰਦਰੂਨੀ ਸੜਕਾਂ ਦੀ ਸਫ਼ਾਈ ’ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਇਨ੍ਹਾਂ ਇਲਾਕਿਆਂ ਵਿੱਚ ਵੀ ਮਕੈਨੀਕਲ ਸਵੀਪਿੰਗ ਅਤੇ ਡੀਪ ਕਲੀਨਿੰਗ ਦਾ ਕੰਮ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਅੰਦਰੂਨੀ ਸੜਕਾਂ ਦੀ ਲਗਭਗ 630 ਕਿਲੋਮੀਟਰ ਹਫ਼ਤਾਵਾਰੀ ਮਕੈਨੀਕਲ ਸਵੀਪਿੰਗ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇ। ਇਸ ਲਈ ਲੋੜੀਂਦੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਪੂਰਾ ਕਰਨ ਲਈ ਵੀ ਕਿਹਾ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਸਫ਼ਾਈ ਵਿਵਸਥਾ ਸਿਰਫ਼ ਮੁੱਖ ਸੜਕਾਂ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ। ਸ਼ਹਿਰ ਦੀਆਂ ਅੰਦਰੂਨੀ ਸੜਕਾਂ, ਜਨਤਕ ਥਾਵਾਂ ਅਤੇ ਹੋਰ ਪ੍ਰਮੁੱਖ ਸਥਾਨਾਂ ’ਤੇ ਵੀ ਨਿਯਮਿਤ ਸਫ਼ਾਈ ਯਕੀਨੀ ਬਣਾਉਣੀ ਲਾਜ਼ਮੀ ਹੈ। ਬਾਕਸ 164 ਕਿਲੋਮੀਟਰ ਮੁੱਖ ਸੜਕਾਂ ਦੇ ਟੈਂਡਰ ਜਲਦ ਨਿਪਟਾਉਣ ਦੇ ਨਿਰਦੇਸ਼ ਮੁੱਖ ਸੜਕਾਂ ਦੀ ਸਫ਼ਾਈ ਨਾਲ ਸਬੰਧਤ ਲਗਭਗ 164 ਕਿਲੋਮੀਟਰ ਦੇ ਲੰਬਿਤ ਟੈਂਡਰਾਂ ਨੂੰ ਵੀ ਜਲਦ ਨਿਪਟਾਉਣ ਦੇ ਨਿਰਦੇਸ਼ ਦਿੱਤੇ ਗਏ। ਅਧਿਕਾਰੀਆਂ ਨੂੰ ਕਿਹਾ ਗਿਆ ਕਿ ਟੈਂਡਰ ਪ੍ਰਕਿਰਿਆ ਵਿੱਚ ਬੇਲੋੜੀ ਦੇਰੀ ਨਾ ਕੀਤੀ ਜਾਵੇ ਅਤੇ ਨਿਰਧਾਰਤ ਪ੍ਰਕਿਰਿਆ ਪੂਰੀ ਕਰਕੇ ਕੰਮ ਨੂੰ ਜ਼ਮੀਨੀ ਪੱਧਰ ’ਤੇ ਸ਼ੁਰੂ ਕਰਵਾਇਆ ਜਾਵੇ। ਘਨਸ਼ਿਆਮ ਥੋਰੀ ਨੇ ਸਫ਼ਾਈ ਪ੍ਰਾਜੈਕਟ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਮਕੈਨੀਕਲ ਸਵੀਪਿੰਗ ਦੇ ਕੰਮ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵੀ ਅਧਿਕਾਰੀਆਂ ਨੂੰ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਅਸਲ ਲਾਭ ਤਾਂ ਹੀ ਲੋਕਾਂ ਤੱਕ ਪਹੁੰਚੇਗਾ, ਜਦੋਂ ਉਨ੍ਹਾਂ ਦਾ ਪ੍ਰਭਾਵ ਜ਼ਮੀਨੀ ਪੱਧਰ ’ਤੇ ਸਪੱਸ਼ਟ ਤੌਰ ’ਤੇ ਦਿਖਾਈ ਦੇਵੇਗਾ। ਬਾਕਸ ਲੋਕਾਂ ਦੀ ਭਾਗੀਦਾਰੀ ਵੀ ਜ਼ਰੂਰੀ ਸਕੱਤਰ ਨੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਲੋਕਾਂ ਦੀ ਭਾਗੀਦਾਰੀ ਨੂੰ ਵੀ ਅਹਿਮ ਦੱਸਿਆ। ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਸਫ਼ਾਈ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ, ਜਨਤਕ ਥਾਵਾਂ ਅਤੇ ਆਪਣੇ ਆਲੇ-ਦੁਆਲੇ ਗੰਦਗੀ ਨਾ ਫੈਲਾਉਣ ਅਤੇ ਬਠਿੰਡਾ ਨੂੰ ਸਾਫ਼-ਸੁਥਰਾ ਬਣਾਉਣ ’ਚ ਨਗਰ ਨਿਗਮ ਦਾ ਸਹਿਯੋਗ ਕਰਨ।