ਮੌੜ ਹਲਕੇ ਵਿਚ ‘ਆਪ’ ਦੇ ਪ੍ਰਚਾਰ ਲਈ 100 ਫੁੱਟ ਉੱਚਾ ਗੁਬਾਰਾ ਚੜ੍ਹਾਇਆ ਮੌੜ ਹਲਕੇ ਵਿਚ ‘ਆਪ’ ਦੇ ਪ੍ਰਚਾਰ ਲਈ 100 ਫੁੱਟ ਉੱਚਾ ਗੁਬਾਰਾ ਚੜ੍ਹਾਇਆ
Publish Date: Thu, 05 Nov 2026 04:34 PM (IST)
Updated Date: Thu, 05 Nov 2026 04:35 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਮੌੜ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੰਭਾਵੀ ਉਮੀਦਵਾਰ ਅਤੇ ਸ਼ੂਗਰਫੈੱਡ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ ਵੱਲੋਂ ਪਾਰਟੀ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਹੋਰ ਤੇਜ਼ ਕਰਨ ਦੇ ਮਕਸਦ ਨਾਲ 100 ਫੁੱਟ ਉੱਚਾ ਗੁਬਾਰਾ ਚੜ੍ਹਾਇਆ ਗਿਆ। ਇਸ ਗੁਬਾਰੇ ਰਾਹੀਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪਾਰਟੀ ਦੀ ਲੀਡਰਸ਼ਿਪ ਦਾ ਪ੍ਰਚਾਰ ਕੀਤਾ ਜਾਵੇਗਾ। ਇਸ ਮੌਕੇ ਐਡਵੋਕੇਟ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਇਸ ਗੁਬਾਰੇ ਨੂੰ ਚੜ੍ਹਾਉਣ ਦਾ ਮੁੱਖ ਮਕਸਦ ਪਾਰਟੀ ਦੇ ਵਲੰਟੀਅਰਾਂ ਦਾ ਹੌਸਲਾ ਵਧਾਉਣਾ ਅਤੇ ਆਮ ਆਦਮੀ ਪਾਰਟੀ ਦੇ ਪ੍ਰਚਾਰ ਨੂੰ ਨਵੀਂ ਦਿੱਖ ਦੇਣਾ ਹੈ। ਉਨ੍ਹਾਂ ਕਿਹਾ ਕਿ 100 ਫੁੱਟ ਉੱਚਾ ਇਹ ਗੁਬਾਰਾ ਪਾਰਟੀ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਕਾਫ਼ੀ ਹੱਦ ਤੱਕ ਸਹਾਈ ਹੋਵੇਗਾ। ਉਨ੍ਹਾਂ ਦੱਸਿਆ ਕਿ ਮੌੜ ਵਿਧਾਨ ਸਭਾ ਹਲਕੇ ਵਿੱਚ ਇਸ ਤਰ੍ਹਾਂ ਦੇ ਦੋ-ਤਿੰਨ ਹੋਰ ਗੁਬਾਰੇ ਵੀ ਚੜ੍ਹਾਏ ਜਾਣਗੇ। ਗੁਬਾਰੇ ਦੇ ਇੱਕ ਪਾਸੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਐਡਵੋਕੇਟ ਨਵਦੀਪ ਸਿੰਘ ਜੀਦਾ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ, ਜਦਕਿ ਦੂਜੇ ਪਾਸੇ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਉਕਰਿਆ ਹੋਇਆ ਹੈ। ਇਸ ਮੌਕੇ ਜੀਦਾ ਨੇ ਦਾਅਵਾ ਕੀਤਾ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੁੜ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਮੌੜ ਵਿਧਾਨ ਸਭਾ ਹਲਕੇ ਤੋਂ ਵੀ ਪਾਰਟੀ ਵੱਡੇ ਫਰਕ ਨਾਲ ਜਿੱਤ ਦਰਜ ਕਰਕੇ ਇਹ ਸੀਟ ਪਾਰਟੀ ਦੀ ਹਾਈਕਮਾਂਡ ਦੀ ਝੋਲੀ ਵਿੱਚ ਪਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰ ਅਤੇ ਵਲੰਟੀਅਰ ਪੂਰੇ ਉਤਸ਼ਾਹ ਨਾਲ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਲਈ ਕੰਮ ਕਰ ਰਹੇ ਹਨ।