ਮਲੂਕਾ ਤੋਂ 13 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਮਲੂਕਾ ਤੋਂ 13 ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ
Publish Date: Mon, 02 Nov 2026 04:09 PM (IST)
Updated Date: Mon, 02 Nov 2026 04:11 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਪਿੰਡ ਮਲੂਕਾ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ ਜਦੋਂ ਅਜੈਬ ਸਿੰਘ ਸਮੇਤ ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ 13 ਪਰਿਵਾਰਾਂ ਨੇ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਰਾਮਪੁਰਾ ਫੂਲ ਦੇ ਮੁੱਖ ਸੇਵਾਦਾਰ ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਮੂਹ ਪਰਿਵਾਰਾਂ ਦਾ ਸਵਾਗਤ ਕੀਤਾ। ਇਸ ਸਮੇਂ ਮਲੂਕਾ ਨੇ ਕਿਹਾ ਕਿ ਆਪ ਸਰਕਾਰ ਦੀਆਂ ਨਾਕਾਮੀਆਂ ਤੋਂ ਨਿਰਾਸ਼ ਲੋਕ ਅਕਾਲੀ ਦਲ ਨਾਲ ਜੁੜ ਰਹੇ ਹਨ ਕਿਉ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਬਣਨ ਤੋਂ ਬਾਅਦ ਇਹ ਵਾਅਦੇ ਪੂਰੇ ਕਰਨ ਵਿਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਮੱਠੀ ਪੈ ਗਈ ਹੈ, ਕਿਸਾਨ, ਮਜ਼ਦੂਰ, ਵਪਾਰੀ ਤੇ ਮੁਲਾਜ਼ਮ ਵਰਗ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਪ੍ਰੇਸ਼ਾਨ ਹਨ। ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਵੀ ਹਕੀਕਤ ਵਿੱਚ ਪੂਰੇ ਹੁੰਦੇ ਦਿਖਾਈ ਨਹੀਂ ਦੇ ਰਹੇ। ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਤੋਂ ਲੋਕਾਂ ਵਿਚ ਨਿਰਾਸ਼ਾ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰ ਦੇ ਦਾਅਵਿਆਂ ਤੇ ਜ਼ਮੀਨੀ ਹਕੀਕਤ ਵਿਚਲੇ ਫ਼ਰਕ ਨੂੰ ਸਮਝ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ, ਸੜਕਾਂ, ਬਿਜਲੀ, ਸਿੱਖਿਆ ਤੇ ਸਿਹਤ ਸਹੂਲਤਾਂ ਦੇ ਖੇਤਰ ਵਿਚ ਕੀਤੇ ਕੰਮ ਅੱਜ ਵੀ ਲੋਕਾਂ ਨੂੰ ਯਾਦ ਹਨ। ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਪਹਿਰੇਦਾਰੀ ਕਰਨ ਵਾਲੀ ਪਾਰਟੀ ਰਹੀ ਹੈ। ਲੋਕਾਂ ਦਾ ਪਾਰਟੀ ਨਾਲ ਮੁੜ ਜੁੜਨਾ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਮਜ਼ਬੂਤ ਖੇਤਰੀ ਪਾਰਟੀ ਨੂੰ ਅੱਗੇ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਨੇ ਪਾਰਟੀ ਵਿਚ ਸ਼ਾਮਲ ਹੋਏ 13 ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰੇ ਵਰਕਰਾਂ ਨੂੰ ਨਾਲ ਲੈ ਕੇ ਹਲਕੇ ਦੇ ਵਿਕਾਸ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਜਾਵੇਗਾ।