ਬਠਿੰਡਾ ਜ਼ਿਲ੍ਹੇ ਵਿਚ 2.67 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ, ਕਿਸਾਨਾਂ ਨੂੰ 565.49 ਕਰੋੜ ਦੀ ਅਦਾਇਗੀ ਬਠਿੰਡਾ ਜ਼ਿਲ੍ਹੇ ਵਿਚ 2.67 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ, ਕਿਸਾਨਾਂ ਨੂੰ 565.49 ਕਰੋੜ ਦੀ ਅਦਾਇਗੀ
Publish Date: Tue, 27 Oct 2026 04:59 PM (IST)
Updated Date: Tue, 27 Oct 2026 05:01 PM (IST)
ਸੀਨੀਅਰ ਰਿਪੋਰਟਰ ਬਠਿੰਡਾ, ਜ਼ਿਲ੍ਹਾ ਬਠਿੰਡਾ ਦੀਆਂ 260 ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ। 26 ਅਕਤੂਬਰ ਤੱਕ ਜ਼ਿਲ੍ਹੇ ਵਿਚ 3,17,872 ਮੀਟ੍ਰਿਕ ਟਨ ਝੋਨਾ ਮੰਡੀਆਂ ਵਿਚ ਪਹੁੰਚਿਆ, ਜਿਸ ਵਿਚੋਂ 2,67,616 ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਹੁਣ ਤੱਕ 565.49 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦਿੰਦਿਆਂ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ, ਲਿਫ਼ਟਿੰਗ ਅਤੇ ਮੰਡੀਆਂ ਵਿਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਸਬੰਧਤ ਵਿਭਾਗ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਖ਼ਰੀਦ ਏਜੰਸੀਆਂ ਵਿਚੋਂ ਪਨਗ੍ਰੇਨ ਵੱਲੋਂ 1,19,475 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 53,625 ਮੀਟ੍ਰਿਕ ਟਨ, ਪਨਸਪ ਵੱਲੋਂ 60,094 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 34,422 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਤਰ੍ਹਾਂ ਜ਼ਿਲ੍ਹੇ ਵਿਚ ਕੁੱਲ 2,67,616 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਰਜ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਪ ਮੰਡਲ ਮੈਜਿਸਟ੍ਰੇਟਾਂ ਵੱਲੋਂ ਆਪੋ-ਆਪਣੇ ਖੇਤਰਾਂ ਦੀਆਂ ਮੰਡੀਆਂ ਦਾ ਲਗਾਤਾਰ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸੇ ਤਹਿਤ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ ਨੇ ਬੁਲਾਡੇਵਾਲਾ, ਦਿਉਣ ਅਤੇ ਨਹੀਆਂਵਾਲਾ ਦੀਆਂ ਦਾਣਾ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਅਪੀਲ ਕੀਤੀ ਕਿ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਂਦਾ ਜਾਵੇ, ਤਾਂ ਜੋ ਖ਼ਰੀਦ ਦਾ ਕੰਮ ਬਿਨਾਂ ਕਿਸੇ ਰੁਕਾਵਟ ਦੇ ਨੇਪਰੇ ਚੜ੍ਹ ਸਕੇ।