1 ਕਿਲੋ 250 ਗ੍ਰਾਮ ਅਫੀਮ ਸਮੇਤ 28 ਸਾਲਾ ਨੌਜਵਾਨ ਗ੍ਰਿਫ਼ਤਾਰ 1 ਕਿਲੋ 250 ਗ੍ਰਾਮ ਅਫੀਮ ਸਮੇਤ 28 ਸਾਲਾ ਨੌਜਵਾਨ ਗ੍ਰਿਫ਼ਤਾਰ
Publish Date: Mon, 23 Nov 2026 03:51 PM (IST)
Updated Date: Mon, 23 Nov 2026 03:55 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਵਿਚ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਬਠਿੰਡਾ ਪੁਲਿਸ ਵੱਲੋਂ ਕਾਰਵਾਈ ਕਰਦਿਆਂ 1 ਕਿਲੋ 250 ਗ੍ਰਾਮ ਅਫੀਮ ਸਮੇਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਮਨੋਜ ਗੋਰਸੀ ਅਤੇ ਉਪ ਕਪਤਾਨ ਪੁਲਿਸ ਰਾਮਪੁਰਾ ਫੂਲ ਮਨੋਜ ਕੁਮਾਰ ਦੀ ਅਗਵਾਈ ਵਿੱਚ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਪਾਰਟੀ ਵੱਲੋਂ ਇਹ ਕਾਰਵਾਈ ਕੀਤੀ ਗਈ। ਜਾਣਕਾਰੀ ਅਨੁਸਾਰ 22 ਨਵੰਬਰ 2026 ਨੂੰ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਨਵੇਂ ਮੋਬਾਈਲ ਰੈਸਟੋਰੈਂਟ, ਰਾਮਪੁਰਾ ਨੇੜੇ ਪਹੁੰਚੀ ਤਾਂ ਉੱਥੇ ਇਕ ਵਿਅਕਤੀ ਸ਼ੱਕੀ ਹਾਲਤ ਵਿਚ ਦਿਖਾਈ ਦਿੱਤਾ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿੱਚੋਂ 1 ਕਿਲੋ 250 ਗ੍ਰਾਮ ਅਫੀਮ ਬਰਾਮਦ ਹੋਈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਆਤਮਾ ਰਾਮ ਪੁੱਤਰ ਦੇਸ ਰਾਜ, ਵਾਸੀ ਗਲੀ ਨੰਬਰ 12, ਗਾਂਧੀ ਨਗਰ, ਰਾਮਪੁਰਾ, ਉਮਰ ਕਰੀਬ 28 ਸਾਲ ਵਜੋਂ ਹੋਈ ਹੈ। ਥਾਣਾ ਸਿਟੀ ਰਾਮਪੁਰਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਬਾਕਸ ਅਫੀਮ ਕਿੱਥੋਂ ਲਿਆਂਦੀ ਤੇ ਅੱਗੇ ਕਿਸ ਨੂੰ ਕਰਨੀ ਸੀ ਸਪਲਾਈ, ਪੁਲਿਸ ਕਰੇਗੀ ਪੁੱਛਗਿੱਛ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਪੁੱਛਗਿੱਛ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਮੁਲਜ਼ਮ ਅਫੀਮ ਕਿੱਥੋਂ ਲੈ ਕੇ ਆਇਆ ਸੀ ਅਤੇ ਇਸ ਦੀ ਸਪਲਾਈ ਅੱਗੇ ਕਿਸ ਨੂੰ ਕੀਤੀ ਜਾਣੀ ਸੀ। ਇਸ ਦੇ ਨਾਲ ਹੀ ਨਸ਼ਾ ਤਸਕਰੀ ਦੇ ਕਾਰੋਬਾਰ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਬਠਿੰਡਾ ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਖ਼ਤਮ ਕਰਨ ਲਈ ਸਖ਼ਤ ਕਦਮ ਚੁੱਕੇ ਜਾਣਗੇ।