ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਸਮਾਗਮ ਆਰੰਭ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਸਮਾਗਮ ਆਰੰਭ
Publish Date: Sat, 29 Aug 2026 04:43 PM (IST)
Updated Date: Sat, 29 Aug 2026 04:46 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋ ਗਈ। ਸਮਾਗਮਾਂ ਦੀ ਆਰੰਭਤਾ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਗਏ। ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਅਰਦਾਸ ਕੀਤੀ ਗਈ, ਉਪਰੰਤ ਗਿਆਨੀ ਆਲਮ ਸਿੰਘ ਨੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਇਨ੍ਹਾਂ ਇਤਿਹਾਸਕ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸਮਾਗਮਾਂ ਦੌਰਾਨ ਪੰਥ ਦੇ ਪ੍ਰਸਿੱਧ ਕਥਾਵਾਚਕ ਅਤੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 30 ਅਗਸਤ ਨੂੰ ਸਵੇਰੇ 6:15 ਤੋਂ 7:15 ਵਜੇ ਤੱਕ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਸ਼ੇਸ਼ ਤੌਰ ’ਤੇ ਤਖ਼ਤ ਸਾਹਿਬ ਵਿਖੇ ਹਾਜ਼ਰੀ ਭਰਨਗੇ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਅਤੇ ਪ੍ਰਦਰਸ਼ਨੀ ਲਗਾਈ ਜਾਵੇਗੀ। ਗੁਰਮਤਿ ਇੰਸਟੀਚਿਊਟ (ਗੁਰੂ ਕੀ ਕਾਂਸ਼ੀ) ਦੇ ਵਿਦਿਆਰਥੀ ਤੰਤੀ ਸਾਜ਼ਾਂ ਨਾਲ ਵਿਸ਼ੇਸ਼ ਕੀਰਤਨ ਦੀ ਹਾਜ਼ਰੀ ਭਰਨਗੇ। 30 ਅਗਸਤ ਨੂੰ ਦੁਪਹਿਰ 12 ਵਜੇ ਵਿਸ਼ੇਸ਼ ਅੰਮ੍ਰਿਤ ਸੰਚਾਰ ਵੀ ਹੋਵੇਗਾ। ਅੰਮ੍ਰਿਤ ਅਭਿਲਾਸ਼ੀ ਸੰਗਤਾਂ ਨੂੰ ਕੇਸੀ ਇਸ਼ਨਾਨ ਕਰਕੇ ਤਖ਼ਤ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਕੀਤੀ ਗਈ। ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਇਤਿਹਾਸ ਸਾਂਝਾ ਕਰਦਿਆਂ ਦੱਸਿਆ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਪਵਿੱਤਰ ਅਸਥਾਨ ਗੁਰੂ ਕੀ ਕਾਂਸ਼ੀ ਵਿਖੇ ਸ੍ਰੀ ਆਦਿ ਗ੍ਰੰਥ ਸਾਹਿਬ ਜੀ ਨੂੰ ਸੰਪੂਰਨਤਾ ਬਖ਼ਸ਼ੀ ਸੀ। ਉਨ੍ਹਾਂ ਕਿਹਾ ਕਿ ਇਹ ਮਹਾਨ ਇਤਿਹਾਸਕ ਦਿਹਾੜਾ ਸੰਗਤ ਲਈ ਪ੍ਰੇਰਨਾ ਦਾ ਸਰੋਤ ਹੈ। ਅੱਜ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 30 ਅਗਸਤ ਨੂੰ ਸਵੇਰੇ ਕਰੀਬ 9 ਵਜੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਪਾਏ ਜਾਣਗੇ, ਜਿਸ ਉਪਰੰਤ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਜਾਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਰਹੀ।