ਮੌੜ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਮੌੜ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ
Publish Date: Tue, 08 Sep 2026 05:16 PM (IST)
Updated Date: Tue, 08 Sep 2026 05:19 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀਜਾਗਰਣ ਮੌੜ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਮੌੜ ਵਿਖੇ ਅਲੌਕਿਕ ਡਰੋਨ ਸ਼ੋਅ ਕਰਵਾਇਆ ਗਿਆ। ਸ਼ੋਅ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਇਲਾਕਾ ਵਾਸੀ ਪਹੁੰਚੇ, ਜਿਨ੍ਹਾਂ ਨੇ ਇਸ ਰੂਹਾਨੀ ਤੇ ਮਨਮੋਹਕ ਪੇਸ਼ਕਾਰੀ ਦਾ ਭਰਪੂਰ ਆਨੰਦ ਮਾਣਿਆ। ਡਰੋਨ ਸ਼ੋਅ ਦੌਰਾਨ ਆਕਾਸ਼ ਵਿੱਚ 500 ਡਰੋਨਾਂ ਦੀ ਮਦਦ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਸਬੰਧਤ ਵੱਖ-ਵੱਖ ਆਕਰਸ਼ਕ ਆਕ੍ਰਿਤੀਆਂ ਬਣਾਈਆਂ ਗਈਆਂ। ਰੌਸ਼ਨੀਆਂ ਨਾਲ ਸਜਿਆ ਆਕਾਸ਼ੀ ਨਜ਼ਾਰਾ ਦਰਸ਼ਕਾਂ ਨੂੰ ਮੰਤਰਮੁਗਧ ਕਰ ਗਿਆ। ਇਸ ਮੌਕੇ ਸੁਰਿੰਦਰ ਸਿੰਘ ਪਾਰਸ ਢਾਡੀ ਜਥੇ ਵੱਲੋਂ ਗੁਰੂ ਸਾਹਿਬ ਦੀ ਮਹਿਮਾ ਵਿੱਚ ਸ਼ਬਦ ਅਤੇ ਵਾਰਾਂ ਵੀ ਗਾਈਆਂ ਗਈਆਂ। ਸਮਾਗਮ ਵਿੱਚ ਹਲਕਾ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ, ਪੰਜਾਬ ਸ਼ੂਗਰਫੈਡ ਦੇ ਚੇਅਰਮੈਨ ਅਤੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਨਵਦੀਪ ਸਿੰਘ ਜੀਦਾ, ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਰੁਪਿੰਦਰ ਕੌਰ ਗਿੱਲ ਅਤੇ ਮਾਰਕੀਟ ਕਮੇਟੀ ਦੀ ਚੇਅਰਮੈਨ ਬਲਵਿੰਦਰ ਬੱਲ੍ਹੋ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਮਾਨਵਤਾ, ਸਮਾਨਤਾ ਅਤੇ ਭਾਈਚਾਰਕ ਸਾਂਝ ਦੇ ਮਾਰਗ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਡਰੋਨ ਸ਼ੋਅ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦਾ ਸੁਨੇਹਾ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।