9 ਅਤੇ 10 ਸਤੰਬਰ ਨੂੰ ਸ਼ਤਾਬਦੀ ਸਮਾਗਮਾਂ ਸਬੰਧੀ ਹੋਵੇਗਾ ਵਿਸ਼ਾਲ ਡਰੋਨ ਸ਼ੋਅ : ਐੱਸਡੀਐੱਮ 9 ਅਤੇ 10 ਸਤੰਬਰ ਨੂੰ ਸ਼ਤਾਬਦੀ ਸਮਾਗਮਾਂ ਸਬੰਧੀ ਹੋਵੇਗਾ ਵਿਸ਼ਾਲ ਡਰੋਨ ਸ਼ੋਅ : ਐੱਸਡੀਐੱਮ
Publish Date: Sat, 05 Sep 2026 04:34 PM (IST)
Updated Date: Sat, 05 Sep 2026 04:37 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਵਿਸ਼ਾਲ ਡਰੋਨ ਸ਼ੋਅ 9 ਸਤੰਬਰ ਨੂੰ ਵਿਧਾਨ ਸਭਾ ਹਲਕਾ ਭੁੱਚੋ ਅਧੀਨ ਪਿੰਡ ਲਹਿਰਾ ਬੇਗਾ ਦੀ ਦਾਣਾ ਮੰਡੀ ਵਿਖੇ ਅਤੇ 10 ਸਤੰਬਰ ਨੂੰ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਦੇ ਬਹੁਮੰਤਵੀ ਖੇਡ ਸਟੇਡੀਅਮ ਬਠਿੰਡਾ ਵਿਖੇ ਕਰਵਾਇਆ ਜਾਵੇਗਾ। ਦੋਵੇਂ ਪ੍ਰੋਗਰਾਮ ਸ਼ਾਮ 6 ਵਜੇ ਸ਼ੁਰੂ ਹੋਣਗੇ। ਇਹ ਜਾਣਕਾਰੀ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ ਨੇ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਬੁਲਾਈ ਬੈਠਕ ਦੌਰਾਨ ਦਿੱਤੀ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਸੰਗਤਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ। ਐੱਸਡੀਐੱਮ ਨੇ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਇਲਾਕੇ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨ ਲਈ ਪ੍ਰਸਿੱਧ ਢਾਡੀ ਜੱਥਾ ਆਪਣੀਆਂ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ। ਉਨ੍ਹਾਂ ਕਿਹਾ ਕਿ ਸਮਾਗਮਾਂ ਵਿੱਚ ਪਹੁੰਚਣ ਵਾਲੀਆਂ ਸੰਗਤਾਂ ਲਈ ਬੈਠਣ, ਪੀਣ ਵਾਲੇ ਸਾਫ਼ ਪਾਣੀ, ਲਾਈਟਿੰਗ ਅਤੇ ਪਾਰਕਿੰਗ ਸਮੇਤ ਹੋਰ ਜ਼ਰੂਰੀ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।