- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
26 ਨਵੰਬਰ ਨੂੰ ਦਿੱਲੀ ਕਿਸਾਨ ਮੋਰਚੇ ਦੀ ਛੇਵੀਂ ਵਰ੍ਹੇਗੰਢ ਮੌਕੇ ਬਠਿੰਡਾ ਵਿਚ ਹੋਵੇਗੀ ਵਿਸ਼ਾਲ ਕਿਸਾਨ ਕਾਨਫਰੰਸ

ਡੀਸੀ ਦਫ਼ਤਰ ਬਠਿੰਡਾ ਅੱਗੇ ਪੰਜ ਜ਼ਿਲ੍ਹਿਆਂ ਦੇ ਕਿਸਾਨਾਂ ਤੇ ਮਜ਼ਦੂਰਾਂ ਦਾ ਹੋਵੇਗਾ ਵੱਡਾ ਇਕੱਠ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ
ਬਠਿੰਡਾ
ਸੰਯੁਕਤ ਕਿਸਾਨ ਮੋਰਚਾ ਬਠਿੰਡਾ ਵੱਲੋਂ 26 ਨਵੰਬਰ ਨੂੰ ਦਿੱਲੀ ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮਨਾਉਣ ਦੀਆਂ ਤਿਆਰੀਆਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਰਾਜ ਮਹਿੰਦਰ ਸਿੰਘ ਕੋਟਭਾਰਾ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਕਿਸਾਨੀ ਮਸਲਿਆਂ ਅਤੇ 26 ਨਵੰਬਰ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਜਾਣਕਾਰੀ ਦਿੰਦਿਆਂ ਬੀਕੇਯੂ ਏਕਤਾ ਡਕੌਂਦਾ ਧਨੇਰ ਦੇ ਜ਼ਿਲ੍ਹਾ ਆਗੂ ਅਮਰਜੀਤ ਹਨੀ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 26 ਨਵੰਬਰ ਨੂੰ ਡੀਸੀ ਦਫ਼ਤਰ ਬਠਿੰਡਾ ਦੇ ਸਾਹਮਣੇ ਵਿਸ਼ਾਲ ਕਿਸਾਨ ਕਾਨਫਰੰਸ ਕੀਤੀ ਜਾਵੇਗੀ। ਇਸ ਵਿਚ ਬਠਿੰਡਾ ਸਮੇਤ ਪੰਜ ਜ਼ਿਲ੍ਹਿਆਂ ਦੇ ਕਿਸਾਨ ਤੇ ਮਜ਼ਦੂਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਬਠਿੰਡਾ, ਪਟਿਆਲਾ, ਅੰਮ੍ਰਿਤਸਰ ਤੇ ਜਲੰਧਰ ਸਮੇਤ ਵੱਖ-ਵੱਖ ਥਾਵਾਂ 'ਤੇ ਕਿਸਾਨ ਇਕੱਠ ਕੀਤੇ ਜਾਣਗੇ।
ਆਗੂਆਂ ਨੇ ਕਿਹਾ ਕਿ ਦਿੱਲੀ ਕਿਸਾਨ ਅੰਦੋਲਨ ਨੇ ਦੇਸ਼ ਦੇ ਕਿਸਾਨਾਂ ਦੀ ਏਕਤਾ ਅਤੇ ਸੰਘਰਸ਼ ਦੀ ਤਾਕਤ ਨੂੰ ਪੂਰੀ ਦੁਨੀਆ ਸਾਹਮਣੇ ਉਜਾਗਰ ਕੀਤਾ ਸੀ। ਛੇਵੀਂ ਵਰ੍ਹੇਗੰਢ ਮੌਕੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ, ਸਾਰੀਆਂ ਫ਼ਸਲਾਂ ਦੀ ਐਮ.ਐਸ.ਪੀ. 'ਤੇ ਖਰੀਦ ਦੀ ਕਾਨੂੰਨੀ ਗਾਰੰਟੀ, ਅਮਰੀਕਾ ਨਾਲ ਚੱਲ ਰਹੀ ਮੁਕਤ ਵਪਾਰ ਸਮਝੌਤੇ ਦੀ ਗੱਲਬਾਤ ਰੱਦ ਕਰਨ ਅਤੇ ਕਿਸਾਨ ਅੰਦੋਲਨ ਦੌਰਾਨ ਦਰਜ ਪਰਾਲੀ ਸਾੜਨ ਨਾਲ ਸਬੰਧਤ ਪਰਚੇ ਰੱਦ ਕਰਨ ਵਰਗੇ ਮੁੱਦੇ ਪ੍ਰਮੁੱਖਤਾ ਨਾਲ ਉਠਾਏ ਜਾਣਗੇ।
ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਜਸਵੀਰ ਸਿੰਘ ਅਕਲੀਆ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 7 ਸਤੰਬਰ ਨੂੰ ਚੰਡੀਗੜ੍ਹ ਮੋਰਚੇ ਦੌਰਾਨ ਮੰਨੀਆਂ ਗਈਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ।
ਆਗੂਆਂ ਨੇ ਝੋਨੇ ਦੀ ਖਰੀਦ ਅਤੇ ਚੁਕਾਈ ਵਿਚ ਹੋ ਰਹੀ ਦੇਰੀ 'ਤੇ ਵੀ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਦੋ ਦਿਨਾਂ ਦੇ ਅੰਦਰ ਮੰਡੀਆਂ ਵਿੱਚ ਪਏ ਝੋਨੇ ਦੀ ਚੁਕਾਈ ਨਾ ਕੀਤੀ ਗਈ ਅਤੇ ਬਾਕੀ ਰਹਿੰਦੇ ਝੋਨੇ ਦੀ ਖਰੀਦ ਯਕੀਨੀ ਨਾ ਬਣਾਈ ਗਈ ਤਾਂ ਕਿਸਾਨ ਜਥੇਬੰਦੀਆਂ ਸੜਕਾਂ 'ਤੇ ਉਤਰਨ ਲਈ ਮਜਬੂਰ ਹੋਣਗੀਆਂ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਬੀਕੇਯੂ ਸਿੱਧੂਪੁਰ ਦੇ ਆਗੂ ਬੇਅੰਤ ਸਿੰਘ ਮਹਿਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਹਿਕਾਰੀ ਕਿਸਾਨ ਕਰਜ਼ਾ ਨੀਤੀ ਵਿੱਚ ਕੀਤੀਆਂ ਸੋਧਾਂ ਵਾਪਸ ਲੈਣ ਦਾ ਵਾਅਦਾ ਕਰਕੇ ਉਸ ਨੂੰ ਪੂਰਾ ਨਹੀਂ ਕੀਤਾ। ਉਨ੍ਹਾਂ ਮੰਗ ਕੀਤੀ ਕਿ ਇਹ ਸੋਧਾਂ ਤੁਰੰਤ ਵਾਪਸ ਲਈਆਂ ਜਾਣ ਅਤੇ ਵਧਾਈ ਗਈ ਕਰਜ਼ੇ ਦੀ ਹੱਦ ਨੂੰ ਤੁਰੰਤ ਲਾਗੂ ਕੀਤਾ ਜਾਵੇ।
ਮੀਟਿੰਗ ਵਿਚ ਬੀਕੇਯੂ ਸਿੱਧੂਪੁਰ ਦੇ ਸੂਬਾ ਸਕੱਤਰ ਬੇਅੰਤ ਸਿੰਘ, ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਰਾਮ ਸਿੰਘ, ਖ਼ਜ਼ਾਨਚੀ ਬਲਕਰਨ ਸਿੰਘ, ਬੀਕੇਯੂ ਮਾਲਵਾ ਹੀਰ ਕੇ ਦੇ ਸੂਬਾ ਜਨਰਲ ਸਕੱਤਰ ਗੁਰਤੇਜ ਸਿੰਘ ਬੱਲੋ, ਸਤਪਾਲ ਸਿੰਘ, ਅਮਨਦੀਪ ਸਿੰਘ, ਜਮਹੂਰੀ ਕਿਸਾਨ ਸਭਾ ਦੇ ਮਲਕੀਤ ਸਿੰਘ ਬਠਿੰਡਾ, ਕਿਰਤੀ ਕਿਸਾਨ ਯੂਨੀਅਨ ਦੇ ਬਖਸ਼ੀਸ਼ ਸਿੰਘ ਗੋਬਿੰਦਪੁਰਾ, ਬੀਕੇਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਸਕੱਤਰ ਗੁਰਨਾਮ ਸਿੰਘ ਮਹਿਰਾਜ, ਅਮਰਜੀਤ ਹਨੀ, ਕੁੱਲ ਹਿੰਦ ਕਿਸਾਨ ਸਭਾ ਦੇ ਜਸਵੀਰ ਸਿੰਘ ਅਕਲੀਆ, ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਕੋਟਭਾਰਾ, ਜਗਸੀਰ ਸਿੰਘ, ਲਖਵੀਰ ਸਿੰਘ, ਬੀਕੇਯੂ ਲੱਖੋਵਾਲ ਦੇ ਬਲਾਕ ਪ੍ਰਧਾਨ ਮੌੜ ਬਲਵਿੰਦਰ ਸਿੰਘ ਅਤੇ ਸ਼ਮਿੰਦਰ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।