ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਹੋਏ ਸੰਪੰਨ ਬੱਚਿਆਂ ਦੀ ਪ੍ਰਤਿਭਾ ਨੂੰ ਮਿਲਿਆ ਮੰਚ, ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਸੰਪੰਨ
Publish Date: Fri, 20 Nov 2026 04:55 PM (IST)
Updated Date: Fri, 20 Nov 2026 04:58 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਤਲਵੰਡੀ ਸਾਬੋ/ ਬਠਿੰਡਾ : ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ਤਹਿਤ ਗੋਨਿਆਣਾ ਮੰਡੀ ਬਲਾਕ ਦੇ ਮੁਕਾਬਲੇ ਸੈਂਟਰ ਹਰਰਾਏਪੁਰ ਵਿਖੇ ਬੜੇ ਉਤਸ਼ਾਹ ਅਤੇ ਉਮੰਗ ਨਾਲ ਸਫਲਤਾਪੂਰਵਕ ਸੰਪੰਨ ਹੋਏ। ਇਹ ਮੁਕਾਬਲੇ ਜ਼ਿਲ੍ਹਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਸੀਰ ਸਿੰਘ ਬੇਗਾ ਅਤੇ ਬਲਾਕ ਸਿੱਖਿਆ ਅਫ਼ਸਰ ਭਰਪੂਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਗਵਾਈ ਹੇਠ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਬਲਾਕ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ਦੌਰਾਨ ਪੜ੍ਹਨ, ਸੁੰਦਰ ਲਿਖਾਈ, ਚਿੱਤਰਕਲਾ, ਕਵਿਤਾ ਉਚਾਰਨ, ਭਾਸ਼ਣ, ਕਹਾਣੀ ਸੁਣਾਉਣ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ, ਕਲਾਤਮਕ ਸੋਚ, ਰਚਨਾਤਮਕਤਾ ਅਤੇ ਆਤਮ-ਵਿਸ਼ਵਾਸ ਦਾ ਬਾਖੂਬੀ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਨੇ ਵੀ ਸੁੰਦਰ ਲਿਖਾਈ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਬਲਾਕ ਦੇ ਵੱਖ-ਵੱਖ ਸੈਂਟਰ ਹੈੱਡ ਟੀਚਰਾਂ, ਅਧਿਆਪਕਾਂ ਅਤੇ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਵਿੱਦਿਅਕ ਮੁਕਾਬਲੇ ਬੱਚਿਆਂ ਦੇ ਸਰਬਪੱਖੀ ਵਿਕਾਸ, ਭਾਸ਼ਾਈ ਕੁਸ਼ਲਤਾਵਾਂ, ਕਲਾਤਮਕ ਰੁਚੀਆਂ ਅਤੇ ਆਤਮ-ਵਿਸ਼ਵਾਸ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸੁਮਨ ਲਾਤਾ, ਗੁਰਪ੍ਰੀਤ ਕੌਰ ਤੋਂ ਇਲਾਵਾ ਅਧਿਆਪਕ ਹਾਜ਼ਰ ਸਨ।