ਅਕਾਲ ਯੂਨੀਵਰਸਿਟੀ ਵਿਖੇ ਸਿਹਤਮੰਦ ਤੇ ਪੌਸ਼ਟਿਕ ਭੋਜਨ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਅਕਾਲ ਯੂਨੀਵਰਸਿਟੀ ਵਿਖੇ ਸਿਹਤਮੰਦ ਅਤੇ ਪੌਸ਼ਟਿਕ ਭੋਜਨ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ
Publish Date: Tue, 10 Nov 2026 05:22 PM (IST)
Updated Date: Tue, 10 Nov 2026 05:24 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਤਲਵੰਡੀ ਸਾਬੋ ਅਕਾਲ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਤੇ ਐਨਐਸਐਸ ਯੂਨਿਟ ਵੱਲੋਂ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨਸ਼ੈਲੀ ਅਤੇ ਸੰਤੁਲਿਤ ਖੁਰਾਕ ਪ੍ਰਤੀ ਜਾਗਰੂਕ ਕਰਨ ਲਈ ‘ਸਿਹਤਮੰਦ ਅਤੇ ਪੌਸ਼ਟਿਕ ਭੋਜਨ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਵਿੱਚ ਵੱਖ-ਵੱਖ ਵਿਭਾਗਾਂ ਦੇ ਕਰੀਬ 190 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਅਸਿਸਟੈਂਟ ਡੀਨ ਸਟੂਡੈਂਟਸ ਵੈਲਫੇਅਰ ਅਕਾਸ਼ਬੀਰ ਸਿੰਘ ਵੱਲੋਂ ਮਹਿਮਾਨਾਂ ਅਤੇ ਵਿਦਿਆਰਥੀਆਂ ਦੇ ਸਵਾਗਤ ਨਾਲ ਕੀਤੀ ਗਈ। ਸਮਾਗਮ ਦੇ ਕੋਆਰਡੀਨੇਟਰ ਵਜੋਂ ਡਾ. ਜਨਪ੍ਰੀਤ ਸਿੰਘ ਅਤੇ ਅਕਾਸ਼ਬੀਰ ਸਿੰਘ ਨੇ ਜ਼ਿੰਮੇਵਾਰੀ ਨਿਭਾਈ। ਇਸ ਮੌਕੇ ਮੁੱਖ ਬੁਲਾਰੇ ਵਜੋਂ ਪਹੁੰਚੇ ਕਲੀਨਿਕਲ ਡਾਇਟੀਸ਼ੀਅਨ ਡਾ. ਗੁਰਲੀਨ ਕੌਰ ਨੇ ਵਿਦਿਆਰਥੀਆਂ ਨੂੰ ਸਹੀ ਖੁਰਾਕ ਦੀ ਚੋਣ ਅਤੇ ਇਸ ਦੇ ਸਰੀਰਕ ਤੇ ਮਾਨਸਿਕ ਸਿਹਤ ਉੱਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਖਾਧਾ ਜਾਣ ਵਾਲਾ ਭੋਜਨ ਸਾਡੀ ਊਰਜਾ, ਇਕਾਗਰਤਾ, ਮਾਨਸਿਕ ਸਥਿਤੀ ਅਤੇ ਪੜ੍ਹਾਈ ਵਿੱਚ ਪ੍ਰਦਰਸ਼ਨ ਨੂੰ ਸਿੱਧੇ ਤੌਰ ’ਤੇ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਪਾਚਨ ਤੰਤਰ ਅਤੇ ਦਿਮਾਗ ਦੇ ਆਪਸੀ ਸਬੰਧਾਂ ਬਾਰੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਰੁਝੇਵਿਆਂ ਭਰੀ ਪੜ੍ਹਾਈ ਦੌਰਾਨ ਵੀ ਸਮੇਂ ਸਿਰ ਭੋਜਨ ਖਾਣ ਅਤੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਸੈਸ਼ਨ ਦੌਰਾਨ ਵਿਦਿਆਰਥੀਆਂ ਨੇ ਮਾਹਿਰ ਨਾਲ ਸਵਾਲ-ਜਵਾਬ ਕਰਦਿਆਂ ਖੁਰਾਕ ਸਬੰਧੀ ਆਪਣੀਆਂ ਸਮੱਸਿਆਵਾਂ ਅਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਡਾ. ਰਮਨਦੀਪ ਕੌਰ, ਡਾ. ਰੁਪਿੰਦਰ ਕੌਰ ਅਤੇ ਰਾਹੁਲ ਕੁਮਾਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਸਿਹਤਮੰਦ ਭੋਜਨ ਸਬੰਧੀ ਪ੍ਰਾਪਤ ਜਾਣਕਾਰੀ ਆਪਣੇ ਪਰਿਵਾਰਾਂ ਅਤੇ ਸਮਾਜ ਦੇ ਹੋਰ ਲੋਕਾਂ ਤੱਕ ਵੀ ਪਹੁੰਚਾਉਣ, ਤਾਂ ਜੋ ਜੀਵਨਸ਼ੈਲੀ ਨਾਲ ਜੁੜੀਆਂ ਬਿਮਾਰੀਆਂ ਪ੍ਰਤੀ ਜਾਗਰੂਕਤਾ ਵਧਾਈ ਜਾ ਸਕੇ। ਅੰਤ ਵਿੱਚ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਡਾ. ਕੋਮਲਪ੍ਰੀਤ ਕੌਰ ਨੇ ਮਹਿਮਾਨਾਂ, ਪ੍ਰਬੰਧਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਨਰੋਏ ਸਮਾਜ ਦੀ ਸਿਰਜਣਾ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।