ਪੱਤਰ ਪੇ੍ਰਕ, ਬਠਿੰਡਾ : ਬਿਮਾਰੀ ਤੋਂ ਪਰੇਸ਼ਾਨ ਵਿਅਕਤੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਇਹ ਵਿਅਕਤੀ ਪਿਛਲੇ ਲੰਬੇ ਸਮੇਂ ਤੋਂ ਇਕ ਬਿਮਾਰੀ ਤੋਂ ਪੀੜਤ ਸੀ। ਮ੍ਰਿਤਕ ਦੀ ਪਛਾਣ ਦਰਸ਼ਨ ਸਿੰਘ ਵਾਸੀ ਪਿੰਡ ਗੋਨਿਆਣਾ ਖ਼ੁਰਦ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਧਾਰਾ 174 ਦੀ ਕਾਰਵਾਈ ਕੀਤੀ ਹੈ।

ਜਾਣਕਾਰੀ ਅਨੁਸਾਰ ਦਰਸ਼ਨ ਸਿੰਘ ਪਿਛਲੇ ਲੰਬੇ ਸਮੇਂ ਤੋਂ ਸ਼ੂਗਰ ਦੀ ਬਿਮਾਰੀ ਨਾਲ ਪੀੜਤ ਸੀ ਤੇ ਪਰੇਸ਼ਾਨ ਸੀ। ਉਸ ਨੇ ਸੋਮਵਾਰ ਸਵੇਰੇ 12 ਬੋਰ ਦੀ ਲਾਇਸੰਸੀ ਬੰਦੂਕ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਕਤ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਰਕਾਰੀ ਹਸਪਤਾਲ ਗੋਨਿਆਣਾ ਮੰਡੀ ਵਿਚ ਦਾਖ਼ਲ ਕਰਵਾਇਆ ਸੀ, ਜਿੱਥੇ ਉਸ ਦੀ ਗੰਭੀਰ ਹਾਲਤ ਦੇ ਮੱਦੇਨਜ਼ਰ ਨਿੱਜੀ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ। ਉਸ ਨੇ ਜ਼ਖ਼ਮਾਂ ਦੀ ਤਾਬ ਨਾ ਝਲਦਿਆਂ ਹੋਇਆਂ ਇਲਾਜ ਦੌਰਾਨ ਦਮ ਤੋੜ ਦਿੱਤਾ।