ਸੂਬੇ 'ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ : ਮਾਨ ਸੂਬੇ 'ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ-ਮਾਨ
Publish Date: Tue, 25 Aug 2026 04:49 PM (IST)
Updated Date: Tue, 25 Aug 2026 04:52 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ- ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਰਾਮੂਵਾਲਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦਾ ਇਕੋ ਨਾਅਰਾ ਭਗਵੰਤ ਮਾਨ ਦੁਬਾਰਾ ਮੁਹਿੰਮ ਤਹਿਤ ਕਰਵਾਈ ਗਈ ਲੋਕ ਮਿਲਣੀ ਵੱਡੀ ਗਿਣਤੀ ਵਿਚ ਲੋਕ ਪਹੁੰਚੇ। ਪਿੰਡ ਦੀ ਸਮੂਹ ਗ੍ਰਾਮ ਪੰਚਾਇਤ, ਆਪ ਵਰਕਰਾਂ ਅਤੇ ਨਗਰ ਨਿਵਾਸੀਆਂ ਵੱਲੋਂ ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈੱਡ ਪੰਜਾਬ ਅਤੇ ਸੂਬਾ ਸਕੱਤਰ ਆਮ ਆਦਮੀ ਪਾਰਟੀ ਦਾ ਭਰਵਾਂ ਸਵਾਗਤ ਕੀਤਾ ਗਿਆ। ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਮਾਨ ਨੇ ਦਾਅਵਾ ਕੀਤਾ ਕਿ ਲੋਕ ਮਿਲਣੀਆਂ ਵਿਚ ਹੋ ਰਹੇ ਇਕੱਠ ਸਾਬਿਤ ਕਰਦੇ ਹਨ ਕਿ ਪੰਜਾਬ ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਹਲਕਾ ਰਾਮਪੁਰਾ ਫੂਲ ਦੇ ਲੋਕਾਂ ਵੱਲੋਂ ਮਿਲ ਰਿਹਾ ਪਿਆਰ, ਸਤਿਕਾਰ ਅਤੇ ਭਰੋਸਾ ਹੀ ਉਨ੍ਹਾਂ ਨੂੰ ਲਗਾਤਾਰ ਲੋਕਾਂ ਵਿਚ ਵਿਚਰਨ ਲਈ ਹੌਸਲਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ, ਖੇਤੀਬਾੜੀ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਕਈ ਅਹਿਮ ਕੰਮ ਕੀਤੇ ਹਨ। ਪੰਜਾਬ ਦੇ ਨੌਜਵਾਨਾਂ ਨੂੰ 75 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 600 ਯੂਨਿਟ ਮੁਫ਼ਤ ਬਿਜਲੀ, ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਸੁਧਾਰ, ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਅਤੇ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ਵਰਗੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਕਈ ਅਜਿਹੇ ਕੰਮ ਵੀ ਕੀਤੇ ਹਨ, ਜਿਨ੍ਹਾਂ ਦਾ ਚੋਣਾਂ ਤੋਂ ਪਹਿਲਾਂ ਕੋਈ ਵਾਅਦਾ ਜਾਂ ਗਾਰੰਟੀ ਨਹੀਂ ਦਿੱਤੀ ਗਈ ਸੀ। ਚੇਅਰਮੈਨ ਮਾਨ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਦੇ ਆਧਾਰ ’ਤੇ ਵੋਟ ਪਾਉਣੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੋਟ ਪਾਉਣ ਸਮੇਂ ਇਹ ਜ਼ਰੂਰ ਯਾਦ ਰੱਖਿਆ ਜਾਵੇ ਕਿ ਕਿਸ ਸਰਕਾਰ ਨੇ ਇਮਾਨਦਾਰੀ ਅਤੇ ਲੋਕ ਹਿੱਤ ਵਿਚ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਹਲਕਾ ਰਾਮਪੁਰਾ ਫੂਲ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ ਹਰ ਦੁੱਖ-ਸੁੱਖ ਵਿੱਚ ਆਪਣੇ ਪਰਿਵਾਰ ਵਾਂਗ ਲੋਕਾਂ ਦੇ ਨਾਲ ਖੜ੍ਹੇ ਰਹਿਣਗੇ ਅਤੇ ਹਲਕੇ ਨੂੰ ਪੰਜਾਬ ਦਾ ਸਭ ਤੋਂ ਵੱਧ ਵਿਕਸਤ ਹਲਕਾ ਬਣਾਉਣ ਲਈ ਲਗਾਤਾਰ ਯਤਨਸ਼ੀਲ ਰਹਿਣਗੇ। ਲੋਕ ਮਿਲਣੀ ਦੌਰਾਨ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਪਿੰਡ ਵਾਸੀਆਂ ਨਾਲ ਸਿੱਧਾ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਵੀ ਸੁਣੀਆਂ। ਉਨ੍ਹਾਂ ਕਈ ਮਾਮਲਿਆਂ ਸਬੰਧੀ ਮੌਕੇ ’ਤੇ ਹੀ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਪਿੰਡ ਰਾਮੂਵਾਲਾ ਦੀ ਸਮੂਹ ਗ੍ਰਾਮ ਪੰਚਾਇਤ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।