ਗੁਰਤੇਜ ਸਿੰਘ ਸਿੱਧੂ, ਬਠਿੰਡਾ- ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕ ਤੇ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਪ੍ਰੋ. ਬਲਜਿੰਦਰ ਕੌਰ ਦੀ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਰਾਜ ਸਿੰਘ ਬੱਲ ਨਾਲ ਮੰਗਣੀ ਹੋ ਗਈ ਹੈ। ਬਠਿੰਡਾ ਦੇ ਇਕ ਪੈਲੇਸ ਵਿਚ ਦੋਵਾਂ ਪਰਿਵਾਰਾਂ ਨੇ ਜੋੜੀ ਨੂੰ ਅਸ਼ੀਰਵਾਦ ਦਿੱਤਾ। ਦੋਵਾਂ ਦੀ ਮੰਗਣੀ ਮੌਕੇ ਆਮ ਆਦਮੀ ਪਾਰਟੀ ਦੇ ਇਕ ਦਰਜਨ ਵਿਧਾਇਕ ਹਾਜ਼ਰ ਸਨ। ਪ੍ਰੋ. ਬਲਜਿੰਦਰ ਕੌਰ ਤਲਵੰਡੀ ਸਾਬੋ ਹਲਕੇ ਦੇ ਪਿੰਡ ਜਗ੍ਹਾ ਰਾਮ ਤੀਰਥ ਦੀ ਰਹਿਣ ਵਾਲੀ ਹੈ। ਉਹ ਪਹਿਲੀ ਵਾਰ ਵਿਧਾਇਕ ਬਣੀ ਹੈ। ਉਸ ਦੇ ਪਿਤਾ ਦਰਸ਼ਨ ਸਿੰਘ ਜਗ੍ਹਾ ਰਾਮ ਤੀਰਥ ਗਰਮ ਖਿਆਲੀ ਆਗੂ ਵਜੋਂ ਜਾਣੇ ਜਾਂਦੇ ਹਨ। ਮੰਗਣੀ ਤੋਂ ਬਾਅਦ ਵਿਧਾਇਕ ਪ੍ਰੋ. ਬਲਜਿੰਦਰ ਕੌਰ ਦਾ ਕਹਿਣਾ ਸੀ ਕਿ ਉਨ੍ਹਾਂ ਦਿੱਲੀ ਦੀ ਲੀਡਰਸ਼ਿਪ ਨੂੰ ਸੱਦਾ ਪੱਤਰ ਨਹੀਂ ਦਿੱਤਾ ਸੀ ਜਦੋਂ ਕਿ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਮੌਜੂੁਦ ਰਹੀ। ਉਨ੍ਹਾਂ ਦੱਸਿਆ ਕਿ ਅਜੇ ਵਿਆਹ ਦੀ ਤਰੀਕ ਨਹੀਂ ਰੱਖੀ ਗਈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਅਮਨ ਅਰੋੜਾ, ਵਿਧਾਇਕ ਪ੍ਰੋ. ਰੁਪਿੰਦਰ ਕੌਰ ਰੂਬੀ, ਵਿਧਾਇਕ ਮੀਤ ਹੇਅਰ, ਵਿਧਾਇਕ ਕੁਲਵੰਤ ਸੰਧਵਾਂ, ਖਹਿਰਾ ਧੜ੍ਹੇ ਨਾਲ ਸਬੰਧਿਤ ਵਿਧਾਇਕ ਜਗਦੇਵ ਸਿੰਘ ਕਮਾਲੂ, ਵਿਧਾਇਕ ਨਾਜ਼ਰ ਸਿੰਘ ਮਾਨਸਾਹੀਆ ਤੋਂ ਇਲਾਵਾ ਪਰਿਵਾਰਕ ਮੈਂਬਰ ਹਾਜ਼ਰ ਸਨ।

Posted By: Amita Verma