ਤਲਵੰਡੀ ਸਾਬੋ ਤੋਂ ਪ੍ਰੋ. ਬਲਜਿੰਦਰ ਕੌਰ ਨੂੰ ਚੌਥੀ ਵਾਰ ਟਿਕਟ ਮਿਲਣ ’ਤੇ ‘ਆਪ’ ਵਰਕਰਾਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ ਤਲਵੰਡੀ ਸਾਬੋ ਤੋਂ ਪ੍ਰੋ. ਬਲਜਿੰਦਰ ਕੌਰ ਨੂੰ ਚੌਥੀ ਵਾਰ ਟਿਕਟ ਮਿਲਣ ’ਤੇ ‘ਆਪ’ ਵਰਕਰਾਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ
Publish Date: Sat, 31 Oct 2026 05:10 PM (IST)
Updated Date: Sat, 31 Oct 2026 05:13 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਦਿਆਂ ਹਲਕਾ ਤਲਵੰਡੀ ਸਾਬੋ ਤੋਂ ਮੌਜੂਦਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੂੰ ਮੁੜ ਉਮੀਦਵਾਰ ਐਲਾਨਿਆ ਗਿਆ ਹੈ। ਪਾਰਟੀ ਵੱਲੋਂ ਉਨ੍ਹਾਂ ’ਤੇ ਚੌਥੀ ਵਾਰ ਭਰੋਸਾ ਜਤਾਉਂਦਿਆਂ ਟਿਕਟ ਦੇਣ ਦੇ ਐਲਾਨ ਤੋਂ ਬਾਅਦ ਹਲਕੇ ਦੇ ਪਾਰਟੀ ਵਰਕਰਾਂ ਅਤੇ ਆਗੂਆਂ ਵਿਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਇਸ ਸਬੰਧੀ ਅੱਜ ਤਲਵੰਡੀ ਸਾਬੋ ਦੇ ਖੰਡਾ ਚੌਕ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਇਕੱਠੇ ਹੋ ਕੇ ਲੱਡੂ ਵੰਡੇ ਗਏ ਅਤੇ ਪਾਰਟੀ ਦੇ ਹੱਕ ਵਿਚ ਨਾਅਰੇ ਲਗਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਵਰਕਰਾਂ ਨੇ ਪ੍ਰੋ. ਬਲਜਿੰਦਰ ਕੌਰ ਨੂੰ ਮੁੜ ਟਿਕਟ ਮਿਲਣ ’ਤੇ ਵਧਾਈ ਦਿੰਦਿਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਦੀ ਜਿੱਤ ਦਾ ਭਰੋਸਾ ਜਤਾਇਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਤਲਵੰਡੀ ਸਾਬੋ ਨਗਰ ਕੌਂਸਲ ਦੀ ਪ੍ਰਧਾਨ ਕੁਲਬੀਰ ਕੌਰ ਸਰਾਂ ਦੇ ਪੁੱਤਰ ਹਰਜੀਤ ਸਿੰਘ ਸਰਾਂ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਇਕ ਵਾਰ ਫਿਰ ਪ੍ਰੋ. ਬਲਜਿੰਦਰ ਕੌਰ ’ਤੇ ਭਰੋਸਾ ਜਤਾਉਂਦਿਆਂ ਉਨ੍ਹਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ, ਜਿਸ ਨਾਲ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਬਲਜਿੰਦਰ ਕੌਰ ਦਾ ਸੁਭਾਅ ਮਿਲਣਸਾਰ ਹੈ ਅਤੇ ਉਹ ਹਲਕੇ ਦੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਯਤਨਸ਼ੀਲ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਵਿਚ ਹੋਏ ਵਿਕਾਸ ਕਾਰਜਾਂ ਦੇ ਆਧਾਰ ’ਤੇ ਲੋਕ ਮੁੜ ਉਨ੍ਹਾਂ ਦਾ ਸਮਰਥਨ ਕਰਨਗੇ ਅਤੇ 2027 ਦੀਆਂ ਚੋਣਾਂ ਵਿਚ ਵੱਡੀ ਜਿੱਤ ਦਿਵਾਉਣਗੇ। ਇਸ ਮੌਕੇ ਪੰਜਾਬ ਮਹਿਲਾ ਕਮਿਸ਼ਨ ਦੀ ਮੈਂਬਰ ਜਸਵਿੰਦਰ ਕੌਰ ਨੇ ਕਿਹਾ ਕਿ ਬਠਿੰਡਾ ਜ਼ਿਲ੍ਹੇ ਵਿਚੋਂ ਤਲਵੰਡੀ ਸਾਬੋ ਹਲਕੇ ਲਈ ਪ੍ਰੋ. ਬਲਜਿੰਦਰ ਕੌਰ ਨੂੰ ਮੁੜ ਉਮੀਦਵਾਰ ਬਣਾਏ ਜਾਣ ਨਾਲ ਪਾਰਟੀ ਵਰਕਰਾਂ ਵਿਚ ਖੁਸ਼ੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਪੂਰਾ ਭਰੋਸਾ ਹੈ ਕਿ ਹਲਕੇ ਦੇ ਲੋਕ ਆਉਣ ਵਾਲੀਆਂ ਚੋਣਾਂ ਵਿਚ ਉਨ੍ਹਾਂ ਦਾ ਸਾਥ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਸਮੇਂ ਦੌਰਾਨ ਹਲਕੇ ਦੇ ਲੋਕਾਂ ਨਾਲ ਜੁੜੇ ਜਿਹੜੇ ਕੰਮ ਕੀਤੇ ਗਏ ਹਨ ਅਤੇ ਜਿਹੜੇ ਕੰਮ ਅਜੇ ਬਾਕੀ ਹਨ, ਉਨ੍ਹਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਮਾਰਕੀਟ ਕਮੇਟੀ ਤਲਵੰਡੀ ਸਾਬੋ ਦੇ ਚੇਅਰਮੈਨ ਲਛਮਣ ਸਿੰਘ ਫਲੜ, ਮਾਰਕੀਟ ਕਮੇਟੀ ਰਾਮਾ ਮੰਡੀ ਦੀ ਚੇਅਰਪਰਸਨ ਗੁਰਪ੍ਰੀਤ ਕੌਰ, ਬਲਵਿੰਦਰ ਸਿੰਘ ਗਿੱਲ, ਕੁਲਵੰਤ ਸਿੰਘ ਸੀਂਗੋ, ਤਰਸੇਮ ਕੁਮਾਰ ਸਿੰਘ ਚੇਅਰਮੈਨ, ਅਮਰਦੀਪ ਸਿੰਘ ਡਿੱਖ, ਗੁਰਜੰਟ ਸਿੰਘ, ਯੂਥ ਆਗੂ ਚਮਕੌਰ ਸਿੰਘ ਗੋਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਵੱਖ-ਵੱਖ ਪਿੰਡਾਂ ਦੇ ਆਗੂ ਹਾਜ਼ਰ ਸਨ।