ਗੁਰਤੇਜ ਸਿੰਘ ਸਿੱਧੂ, ਬਠਿੰਡਾ : ਜ਼ਿਲ੍ਹੇ ਦੇ ਪਿੰਡ ਬਾਠ ਦੀ ਵਿਧਵਾ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਏਐੱਸਆਈ ਨੇ ਪੁਲਿਸ ਹਿਰਾਸਤ ਦੌਰਾਨ ਖੁਦਕੁਸ਼ੀ ਦਾ ਯਤਨ ਕੀਤਾ ਹੈ। ਜਾਣਕਾਰੀ ਅਨੁਸਾਰ ਜਦੋਂ ਉਕਤ ਏਐੱਸਆਈ ਨੂੰ ਆਪਣੇ ਖ਼ਿਲਾਫ਼ ਜਬਰ ਜਨਾਹ ਦੀਆਂ ਧਰਾਵਾਂ ਅਧੀਨ ਦਰਜ ਹੋਏ ਮਾਮਲੇ ਦਾ ਪਤਾ ਲੱਗਾ ਤਾਂ ਉਸ ਨੇ ਥਾਣੇ 'ਚ ਕਿਸੇ ਤਿੱਖੀ ਚੀਜ਼ ਨਾਲ ਆਪਣੀ ਬਾਂਹ ਤੇ ਗਰਦਨ 'ਤੇ ਵਾਰ ਕੀਤੇ ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਨਥਾਣਾ ਥਾਣੇ ਦੇ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ। ਖ਼ੁਦਕੁਸ਼ੀ ਦੇ ਯਤਨ ਤੋਂ ਬਾਅਦ ਪੁਲਿਸ ਨੇ ਉਸ ਦਾ ਸਿਵਲ ਹਸਪਤਾਲ 'ਚੋਂ ਮੈਡੀਕਲ ਚੈਕਅੱਪ ਵੀ ਕਰਵਾਇਆ ਹੈ। ਇਸ ਮਾਮਲੇ ਸਬੰਧੀ ਥਾਣਾ ਨਥਾਣਾ ਦੇ ਐੱਸਐੱਚਓ ਨਰਿੰਦਰ ਕੁਮਾਰ ਨੇ ਦੱਸਿਆ ਕਿ ਏਐੱਸਆਈ ਗੁਰਵਿੰਦਰ ਸਿੰਘ ਵਾਸੀ ਮਤੀ ਦਾਸ ਨਗਰ ਬਠਿੰਡਾ ਨੇ ਥਾਣੇ ਅੰਦਰ ਪੁੱਛਗਿੱਛ ਦੌਰਾਨ ਉਸ ਨੇ ਗਰਦਨ ਤੇ ਬੱਖੀ 'ਚ ਬਲੇਡ ਮਾਰ ਲਿਆ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖਿਲਾਫ਼ ਖੁਦਕੁਸ਼ੀ ਦਾ ਯਤਨ ਕਰਨ ਦੇ ਦੋਸ਼ ਹੇਠ ਇਕ ਹੋਰ ਮੁਕੱਦਮਾ ਦਰਜ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਸੀਆਈਏ ਸਟਾਫ ਇੱਕ ਦੇ ਏਐੱਸਆਈ ਗੁਰਵਿੰਦਰ ਸਿੰਘ ਨੇ ਇੱਕ ਵਿਧਵਾ ਔਰਤ ਨਾਲ ਉਸ ਦੇ ਘਰ ਪਹੁੰਚ ਕੇ ਜਬਰ ਜਨਾਹ ਕੀਤਾ ਜਿਸ ਨੂੰ ਪੀੜਤ ਔਰਤ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਰੰਗੇ ਹੱਥੀਂ ਕਾਬੂ ਕਰ ਕੇ ਨਥਾਣਾ ਪੁਲਿਸ ਦੇ ਹਵਾਲੇ ਕੀਤਾ ਸੀ।

17 ਤਕ ਸਟੇਟਸ ਰਿਪੋਰਟ ਭੇਜਣ ਦੇ ਆਦੇਸ਼

ਸੀਆਈਏ ਸਟਾਫ਼ ਇਕ ਬਠਿੰਡਾ ਦੇ ਏਐੱਸਆਈ ਗੁਰਵਿੰਦਰ ਸਿੰਘ ਵੱਲੋਂ ਜ਼ਿਲ੍ਹੇ ਦੇ ਪਿੰਡ ਬਾਠ ਦੀ ਵਿਧਵਾ ਔਰਤ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਸੋ ਮੋਟੋ ਨੋਟਿਸ ਲਿਆ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਐੱਸਐੱਸਪੀ ਬਠਿੰਡਾ ਨੂੰ ਆਦੇਸ਼ ਦਿੱਤੇ ਹਨ ਕਿ ਉਹ ਇਸ ਮਾਮਲੇ ਦੀ ਪੜਤਾਲ 'ਤੇ ਕਥਿਤ ਦੋਸ਼ੀ ਖਿਲਾਫ਼ ਕਾਰਵਾਈ ਕਿਸੇ ਸੀਨੀਅਰ ਪੁਲਿਸ ਅਧਿਕਾਰੀ ਤੋਂ ਕਰਵਾਈ ਜਾਵੇ। ਉਨ੍ਹਾਂ ਏਐੱਸਆਈ ਖਿਲਾਫ਼ ਕੀਤੀ ਗਈ ਕਾਰਵਾਈ ਦੀ ਰਿਪੋਰਟ 17 ਮਈ ਤਕ ਈ ਮੇਲ ’ਤੇ ਭੇਜਣ ਦੇ ਆਦੇਸ਼ ਦਿੱਤੇ ਹਨ। ਕਮਿਸ਼ਨ ਨੇ ਕਿਹਾ ਹੈ ਕਿ ਪੁਲਿਸ ਵੱਲੋਂ ਭੇਜੀ ਗਈ ਰਿਪੋਰਟ ਬਾਅਦ ਹੀ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Posted By: Amita Verma