ਪਰਾਲੀ ਪ੍ਰਬੰਧਨ ਲਈ ਪ੍ਰਸ਼ਾਸਨ ਵੱਲੋਂ ਕਿਸਾਨਾਂ ਨਾਲ ਖੇਤਾਂ ’ਚ ਜਾ ਕੇ ਰਾਬਤਾ ਜਾਰੀ ਪਰਾਲੀ ਪ੍ਰਬੰਧਨ ਲਈ ਪ੍ਰਸ਼ਾਸਨ ਵੱਲੋਂ ਕਿਸਾਨਾਂ ਨਾਲ ਖੇਤਾਂ ਵਿੱਚ ਜਾ ਕੇ ਰਾਬਤਾ ਜਾਰੀ
Publish Date: Sun, 15 Nov 2026 04:53 PM (IST)
Updated Date: Sun, 15 Nov 2026 04:54 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ ਝੋਨੇ ਦੀ ਵਾਢੀ ਦੇ ਮੱਦੇਨਜ਼ਰ ਬਠਿੰਡਾ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਨੂੰ ਲੈ ਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਅਧਿਕਾਰੀਆਂ ਵੱਲੋਂ ਕਿਸਾਨਾਂ ਦੇ ਖੇਤਾਂ ਵਿੱਚ ਪਹੁੰਚ ਕੇ ਉਨ੍ਹਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਅਤੇ ਪਰਾਲੀ ਦੀ ਸੁਚੱਜੀ ਸੰਭਾਲ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਨਾਲ-ਨਾਲ ਪਰਾਲੀ ਦੀ ਸੰਭਾਲ ਲਈ ਉਨ੍ਹਾਂ ਵੱਲੋਂ ਅਪਣਾਏ ਜਾ ਰਹੇ ਵੱਖ-ਵੱਖ ਤਰੀਕਿਆਂ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਬਸਿਡੀ ਤੇ ਮੁਹੱਈਆ ਕਰਵਾਈ ਗਈ ਸੁਪਰ ਸੀਡਰ, ਹੈਪੀ ਸੀਡਰ, ਬੇਲਰ ਅਤੇ ਮਲਚਰ ਵਰਗੀ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਕੇ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਤੋਂ ਬਚ ਰਹੇ ਹਨ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਇਸੇ ਮੁਹਿੰਮ ਤਹਿਤ ਅਧਿਕਾਰੀਆਂ ਵੱਲੋਂ ਅੱਜ ਪਿੰਡ ਗੁਰਥੜੀ, ਸ਼ੇਰਗੜ੍ਹ, ਗਿਆਨਾ, ਭਾਗੀ ਬਾਂਦਰ, ਗਾਟਵਾਲੀ, ਚਨਾਰਥਲ, ਰਾਮਨਗਰ, ਸਵੈਚ ਅਤੇ ਗੋਬਿੰਦਪੁਰਾ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਖੇਤਾਂ ਵਿੱਚ ਹੀ ਵਾਹ ਕੇ ਜ਼ਮੀਨ ਵਿੱਚ ਮਿਲਾਉਣ ਜਾਂ ਇਸ ਦੀਆਂ ਗੱਠਾਂ ਬਣਾਉਣ ਉਪਰੰਤ ਕਣਕ ਦੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ।