ਦੀਵਾਲੀ ਵਾਲੇ ਦਿਨ ਵੀ ਖੇਤਾਂ ਵਿਚ ਡਟੇ ਰਹੇ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ ਦੀਵਾਲੀ ਵਾਲੇ ਦਿਨ ਵੀ ਖੇਤਾਂ ਵਿਚ ਡਟੇ ਰਹੇ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ
Publish Date: Mon, 09 Nov 2026 05:39 PM (IST)
Updated Date: Tue, 10 Nov 2026 04:05 AM (IST)
ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ ਸਟਾਫ਼ ਰਿਪੋਰਟਰ, ਬਠਿੰਡਾ : ਦੀਵਾਲੀ ਦੇ ਤਿਉਹਾਰ ਮੌਕੇ ਜਿੱਥੇ ਲੋਕ ਆਪਣੇ ਪਰਿਵਾਰਾਂ ਨਾਲ ਖੁਸ਼ੀਆਂ ਸਾਂਝੀਆਂ ਕਰ ਰਹੇ ਸਨ, ਉੱਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੇ ਸਿਵਲ ਅਤੇ ਪੁਲਿਸ ਅਧਿਕਾਰੀ ਛੁੱਟੀ ਹੋਣ ਦੇ ਬਾਵਜੂਦ ਖੇਤਾਂ ਵਿੱਚ ਡਟੇ ਰਹੇ। ਉਨ੍ਹਾਂ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਇਸ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਹੇਲ ਕਾਸਿਮ ਮੀਰ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਦੀਵਾਲੀ ਵਾਲੇ ਦਿਨ ਵੀ ਪੂਰੀ ਤਨਦੇਹੀ ਨਾਲ ਨਿਭਾਈ ਗਈ ਡਿਊਟੀ ਦੀ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਕਿਸਾਨਾਂ ਦੀ ਵਿਸ਼ੇਸ਼ ਤੌਰ ਤੇ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਰਾਹੀਂ ਖੇਤਾਂ ਵਿੱਚ ਹੀ ਸੰਭਾਲ ਕੇ ਕਣਕ ਦੀ ਬਿਜਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕਿਸਾਨ ਪੂਰੇ ਜ਼ਿਲ੍ਹੇ ਲਈ ਪ੍ਰੇਰਨਾ ਸਰੋਤ ਹਨ। ਪੰਜਾਬ ਸਰਕਾਰ ਦਾ ਟੀਚਾ ਹਰ ਪਿੰਡ ਨੂੰ ਅੱਗ ਮੁਕਤ ਬਣਾਉਣਾ ਹੈ। ਪਰਾਲੀ ਨਾ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਣ ਘਟਣ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਸਿਹਤ ਵੀ ਬਰਕਰਾਰ ਰਹਿੰਦੀ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪਿੰਡ ਜੈ ਸਿੰਘ ਵਾਲਾ, ਰਾਏਕੇ ਖੁਰਦ, ਬੱਲੂਆਣਾ, ਗਹਿਰੀ ਬਾਰਾ ਸਿੰਘ, ਕੋਟਭਾਰਾ, ਬਗੇਹਰ ਮੁਹੱਬਤ ਸਿੰਘ, ਰਾਮਗੜ੍ਹ ਭੂੰਦੜ, ਮਾਨਸਾ ਕਲਾਂ ਅਤੇ ਬਾਲਿਆਂਵਾਲੀ ਸਮੇਤ ਕਈ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਕਿਸਾਨਾਂ ਨਾਲ ਖੇਤਾਂ ਵਿੱਚ ਪਰਾਲੀ ਪ੍ਰਬੰਧਨ ਅਤੇ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਕਿਸਾਨਾਂ ਨੇ ਵੀ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਸਬਸਿਡੀ ਤੇ ਮਿਲ ਰਹੀ ਆਧੁਨਿਕ ਮਸ਼ੀਨਰੀ ਨਾਲ ਪਰਾਲੀ ਦਾ ਪ੍ਰਬੰਧਨ ਆਸਾਨ ਹੋਇਆ ਹੈ। ਇਸ ਨਾਲ ਖੇਤੀ ਖਰਚੇ ਘਟਣ ਅਤੇ ਫ਼ਸਲ ਦੀ ਪੈਦਾਵਾਰ ਵਿੱਚ ਵਾਧਾ ਹੋਣ ਵਿੱਚ ਵੀ ਮਦਦ ਮਿਲ ਰਹੀ ਹੈ।