ਕਿਸਾਨਾਂ ਨੂੰ ਵਿਗਿਆਨਕ ਖੇਤੀ ਤਕਨੀਕਾਂ, ਪਰਾਲੀ ਪ੍ਰਬੰਧਨ ਅਤੇ ਸਰਕਾਰੀ ਸਕੀਮਾਂ ਬਾਰੇ ਕੀਤਾ ਜਾਗਰੂਕ*
ਮਹਿਰਾਜ ਵਿਖੇ ਖੇਤੀਬਾੜੀ ਜਾਗਰੂਕਤਾ ਕੈਂਪ ਲਾਇਆ
Publish Date: Tue, 13 Oct 2026 04:11 PM (IST)
Updated Date: Tue, 13 Oct 2026 04:12 PM (IST)
ਜਸਪਾਲ ਪਾਲੀ, ਪੰਜਾਬੀ ਜਾਗਰਣ ਮਹਿਰਾਜ ਖੇਤੀਬਾੜੀ ਵਿਭਾਗ ਵੱਲੋਂ ਬਲਾਕ ਫੂਲ ਪਿੰਡ ਮਹਿਰਾਜ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਬਲਕਰਨ ਸਿੰਘ ਮਾਹਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਡਾ. ਯਾਦਵੀਰ ਕੌਰ ਨੇ ਕਣਕ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕਰਦਿਆਂ ਵੱਧ ਝਾੜ ਪ੍ਰਾਪਤ ਕਰਨ ਲਈ ਸਿਫ਼ਾਰਸ਼ਸ਼ੁਦਾ ਖੇਤੀ ਤਰੀਕੇ ਅਪਣਾਉਣ ’ਤੇ ਜ਼ੋਰ ਦਿੱਤਾ। ਡਾ. ਜਸਵਿੰਦਰ ਕੌਰ ਨੇ ਕੈਨੋਲਾ ਅਤੇ ਸਰ੍ਹੋਂ ਦੀ ਕਾਸ਼ਤ ਸਬੰਧੀ ਜਾਣਕਾਰੀ ਦਿੰਦਿਆਂ ਇਨ੍ਹਾਂ ਫ਼ਸਲਾਂ ਦੀ ਬਿਹਤਰ ਪੈਦਾਵਾਰ ਲਈ ਵਿਗਿਆਨਕ ਵਿਧੀਆਂ ਅਪਣਾਉਣ ਦੀ ਅਪੀਲ ਕੀਤੀ। ਡਾ. ਹਰਦੀਪ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਉਪਲਬਧ ਤਕਨੀਕਾਂ ਅਤੇ ਇਸ ਦੇ ਨਿਪਟਾਰੇ ਦੇ ਵੱਖ-ਵੱਖ ਵਿਕਲਪਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਡਾ. ਰਮਨਦੀਪ ਕੌਰ ਬਾਗਬਾਨੀ ਵਿਕਾਸ ਅਫ਼ਸਰ ਨੇ ਘਰੇਲੂ ਰਸੋਈ ਬਗੀਚੀ ਦੀ ਮਹੱਤਤਾ ਅਤੇ ਇਸ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ। ਡਾ. ਪ੍ਰਭਜੋਤ ਕੌਰ ਜ਼ਿਲ੍ਹਾ ਸਿਖਲਾਈ ਅਫ਼ਸਰ ਨੇ ਜਾਗਰੂਕਤਾ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਕਿਸਾਨਾਂ ਨੂੰ ਅਪੀਲ ਕੀਤੀ। ਇਸ ਮੌਕੇ ਅਗਾਂਹਵਧੂ ਕਿਸਾਨਾਂ ਤੋਂ ਇਲਾਵਾ ਆਲੇ-ਦੁਆਲੇ ਦੇ ਪਿੰਡਾਂ ਦੇ ਕਿਸਾਨ ਆਦਿ ਵੱਡੀ ਗਿਣਤੀ ’ਚ ਹਾਜ਼ਰ ਸਨ।