ਬਠਿੰਡਾ ਦਿਹਾਤੀ ’ਚ ਮੁੜ ਸਰਗਰਮ ਹੋਣ ਲੱਗਾ ਅਕਾਲੀ ਦਲ ਬਠਿੰਡਾ ਦਿਹਾਤੀ ਵਿਚ ਮੁੜ ਸਰਗਰਮ ਹੋਣ ਲੱਗਾ ਅਕਾਲੀ ਦਲ, ਲੋਕਾਂ ਨਾਲ ਰਾਬਤਾ ਵਧਾਇਆ: ਗਹਿਰੀ ਬੁੱਟਰ
Publish Date: Fri, 20 Nov 2026 06:39 PM (IST)
Updated Date: Fri, 20 Nov 2026 06:40 PM (IST)
ਦਵਿੰਦਰ ਸਿੰਘ ਮਾਨ ,ਪੰਜਾਬੀ ਜਾਗਰਣ, ਕੋਟ ਫੱਤਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਬਠਿੰਡਾ ਦਿਹਾਤੀ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਜਸਕਰਨ ਸਿੰਘ ਗਹਿਰੀ ਬੁੱਟਰ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੁੰਦਾ ਜਾ ਰਿਹਾ ਹੈ। ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਹੋਣ ਕਾਰਨ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨਾਲ ਹੋ ਰਹੇ ਵਿਚਾਰ-ਵਟਾਂਦਰੇ ਦੌਰਾਨ ਸਰਕਾਰ ਪ੍ਰਤੀ ਨਾਰਾਜ਼ਗੀ ਸਾਹਮਣੇ ਆ ਰਹੀ ਹੈ। ਗਹਿਰੀ ਬੁੱਟਰ ਨੇ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਬਦਲਾਅ ਅਤੇ ਵਿਕਾਸ ਦੀ ਉਮੀਦ ਨਾਲ ਹੋਰਨਾਂ ਪਾਰਟੀਆਂ ਨਾਲ ਜੁੜੇ ਕਈ ਲੋਕ ਹੁਣ ਮੁੜ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਵਿੱਚ ਦਿਲਚਸਪੀ ਦਿਖਾ ਰਹੇ ਹਨ। ਪੁਰਾਣੇ ਪਾਰਟੀ ਵਰਕਰ ਵੀ ਸਰਗਰਮ ਹੋ ਕੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਹਲਕੇ ਦੇ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ। ਉਨ੍ਹਾਂ ਦਾ ਮਕਸਦ ਹਰ ਪਿੰਡ ਅਤੇ ਹਰ ਵਰਗ ਤੱਕ ਪਹੁੰਚ ਕਰਨਾ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਦੇ ਵਿਕਾਸ ਦੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਨੂੰ ਵੀ ਯਾਦ ਕੀਤਾ ਜਾਂਦਾ ਹੈ। ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਬਠਿੰਡਾ ਦੇ ਮੁੱਦਿਆਂ ਨੂੰ ਉਠਾਉਣ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਇਲਾਕੇ ਦੇ ਵਿਕਾਸ ਲਈ ਯਤਨਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਜਥੇਬੰਦ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਲਈ ਯਤਨ ਕੀਤੇ ਜਾ ਰਹੇ ਹਨ।