ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ਦੇ ਵਿਰੋਧ ’ਚ ਅਕਾਲੀ ਦਲ ਨੇ ਝਾੜੂ ਫੂਕੇ ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ਦੇ ਵਿਰੋਧ ਵਿਚ ਅਕਾਲੀ ਦਲ ਨੇ ਝਾੜੂ ਫੂਕੇ
Publish Date: Sun, 25 Oct 2026 04:34 PM (IST)
Updated Date: Sun, 25 Oct 2026 04:37 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਾਂ ਮੰਡੀ, ਪਰਵਿੰਦਰ ਸਿੰਘ ਝੋਟਾ ਹੱਤਿਆਕਾਂਡ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿਚ ਸਾੜ ਕੇ ਰੋਸ ਪ੍ਰਗਟਾਉਣ ਸਬੰਧੀ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਦਿੱਤੇ ਸੱਦੇ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਪਿੰਡ ਕੋਟਬਖਤੂ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਇਕੱਠੇ ਹੋ ਕੇ ਝਾੜੂ ਫੂਕੀਆ ਅਤੇ ਇਨਸਾਫ਼ ਦੀ ਮੰਗ ਉਠਾਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਧਰਨੇ ’ਤੇ ਬੈਠੇ ਝੋਟਾ ਦੇ ਪਰਿਵਾਰ ਅਤੇ ਉਨ੍ਹਾਂ ਦੇ ਸਮਰਥਕਾਂ ਨਾਲ ਇਕਜੁੱਟਤਾ ਪ੍ਰਗਟਾਈ। ਇਸ ਮੌਕੇ ਰਵਿਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਕਿਸੇ ਵੀ ਪਰਿਵਾਰ ਲਈ ਆਪਣੇ ਜੀਅ ਨੂੰ ਗੁਆਉਣ ਦਾ ਦੁੱਖ ਅਸਹਿਣਯੋਗ ਹੁੰਦਾ ਹੈ। ਅਜਿਹੇ ਵਿਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਅਤੇ ਮਾਮਲੇ ਦੀ ਨਿਰਪੱਖ ਜਾਂਚ ਯਕੀਨੀ ਬਣਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿਚ ਪਰਿਵਾਰ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਣਾ ਚਾਹੀਦਾ ਹੈ ਅਤੇ ਜਾਂਚ ਦੇ ਆਧਾਰ ’ਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਰਵੀਪ੍ਰੀਤ ਨੇ ਕਿਹਾ ਕਿ ਜਦੋਂ ਤੱਕ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣ ਸਬੰਧੀ ਤਸੱਲੀਬਖ਼ਸ਼ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਉਨ੍ਹਾਂ ਦੀ ਆਵਾਜ਼ ਨੂੰ ਅਣਗੌਲਿਆ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੁੱਖ ਦੀ ਇਸ ਘੜੀ ਵਿਚ ਪਰਿਵਾਰ ਦੇ ਨਾਲ ਖੜ੍ਹਾ ਹੈ ਅਤੇ ਇਨਸਾਫ਼ ਦੀ ਮੰਗ ਲਈ ਆਵਾਜ਼ ਉਠਾਉਂਦਾ ਰਹੇਗਾ। ਉਨ੍ਹਾਂ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ। ਪ੍ਰਦਰਸ਼ਨ ਵਿਚ ਸ਼ਾਮਲ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਵੀ ਪਰਿਵਾਰ ਦੀਆਂ ਮੰਗਾਂ ਦੀ ਹਮਾਇਤ ਕਰਦਿਆਂ ਇਨਸਾਫ਼ ਮਿਲਣ ਤੱਕ ਆਵਾਜ਼ ਬੁਲੰਦ ਰੱਖਣ ਦਾ ਅਹਿਦ ਪ੍ਰਗਟਾਇਆ।