ਅਕਾਲੀ ਦਲ ਨੇ ਤਲਵੰਡੀ ਸਾਬੋ ’ਚ ਆਮ ਆਦਮੀ ਪਾਰਟੀ ਨੂੰ ਦਿੱਤਾ ਵੱਡਾ ਸਿਆਸੀ ਝਟਕਾ ਅਕਾਲੀ ਦਲ ਨੇ ਤਲਵੰਡੀ ਸਾਬੋ ਵਿਚ ਆਮ ਆਦਮੀ ਪਾਰਟੀ ਨੂੰ ਦਿੱਤਾ ਵੱਡਾ ਸਿਆਸੀ ਝਟਕਾ
Publish Date: Mon, 16 Nov 2026 04:24 PM (IST)
Updated Date: Mon, 16 Nov 2026 04:27 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੀ ਸਿਆਸਤ ਵਿਚ ਉਸ ਸਮੇਂ ਨਵੀਂ ਹਲਚਲ ਪੈਦਾ ਹੋ ਗਈ, ਜਦੋਂ ਆਮ ਆਦਮੀ ਪਾਰਟੀ ਦੇ ਸਾਬਕਾ ਹਲਕਾ ਕੋਆਰਡੀਨੇਟਰ ਅਤੇ ਬਲਾਕ ਪ੍ਰਧਾਨ ਡਾ. ਰਾਜਵੀਰ ਸਿੰਘ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ। ਉਨ੍ਹਾਂ ਨੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੀ ਮੌਜੂਦਗੀ ਵਿਚ ਅਕਾਲੀ ਦਲ ਦਾ ਪੱਲਾ ਫੜਿਆ। ਡਾ. ਢਿੱਲੋਂ ਦੀ ਸ਼ਮੂਲੀਅਤ ਨੂੰ ਹਲਕੇ ਵਿਚ ਆਮ ਆਦਮੀ ਪਾਰਟੀ ਲਈ ਇਕ ਹੋਰ ਸਿਆਸੀ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਡਾ. ਰਾਜਵੀਰ ਸਿੰਘ ਢਿੱਲੋਂ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿਚ ਹਲਕਾ ਕੋਆਰਡੀਨੇਟਰ ਅਤੇ ਬਲਾਕ ਪ੍ਰਧਾਨ ਵਰਗੀਆਂ ਅਹਿਮ ਜ਼ਿੰਮੇਵਾਰੀਆਂ ਨਿਭਾਅ ਚੁੱਕੇ ਹਨ। ਉਨ੍ਹਾਂ ਨੇ 4 ਨਵੰਬਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ। ਉਸ ਸਮੇਂ ਉਨ੍ਹਾਂ ਵੱਲੋਂ ਹਲਕੇ ਦੀਆਂ ਸਮੱਸਿਆਵਾਂ, ਪਾਰਟੀ ਦੀ ਕਾਰਗੁਜ਼ਾਰੀ ਅਤੇ ਹਾਈਕਮਾਂਡ ਦੇ ਫ਼ੈਸਲਿਆਂ ਨੂੰ ਲੈ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਗਈ ਸੀ। ਹੁਣ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਹਲਕੇ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਚਰਚਾ ਸ਼ੁਰੂ ਹੋ ਗਈ ਹੈ। ਡਾ. ਰਾਜਵੀਰ ਸਿੰਘ ਢਿੱਲੋਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਵਾਉਣ ਮੌਕੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਰਵੀਪ੍ਰੀਤ ਸਿੰਘ ਸਿੱਧੂ ਦੀ ਮੌਜੂਦਗੀ ਨੂੰ ਵੀ ਸਿਆਸੀ ਤੌਰ ’ਤੇ ਅਹਿਮ ਮੰਨਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕੇ ਵਿੱਚ ਆਪਣੀ ਸਿਆਸੀ ਸਰਗਰਮੀ ਤੇਜ਼ ਕੀਤੀ ਜਾ ਰਹੀ ਹੈ ਅਤੇ ਨਵੇਂ ਆਗੂਆਂ ਦੀ ਸ਼ਮੂਲੀਅਤ ਨਾਲ ਪਾਰਟੀ ਆਪਣੇ ਜਥੇਬੰਦਕ ਆਧਾਰ ਨੂੰ ਹੋਰ ਮਜ਼ਬੂਤ ਕਰਨ ਵੱਲ ਕਦਮ ਵਧਾ ਰਹੀ ਹੈ। ਡਾ. ਰਾਜਵੀਰ ਸਿੰਘ ਢਿੱਲੋਂ ਦੇ ਅਕਾਲੀ ਦਲ ਵਿੱਚ ਆਉਣ ਨਾਲ ਪਾਰਟੀ ਨੂੰ ਹਲਕੇ ਵਿੱਚ ਨਵੀਂ ਸਿਆਸੀ ਤਾਕਤ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। ਹੁਣ ਦੇਖਣਾ ਹੋਵੇਗਾ ਕਿ ਉਨ੍ਹਾਂ ਦੀ ਸ਼ਮੂਲੀਅਤ ਆਉਣ ਵਾਲੇ ਸਮੇਂ ਵਿੱਚ ਤਲਵੰਡੀ ਸਾਬੋ ਦੇ ਸਿਆਸੀ ਸਮੀਕਰਨਾਂ ਨੂੰ ਕਿੰਨਾ ਪ੍ਰਭਾਵਿਤ ਕਰਦੀ ਹੈ। ਇਸ ਮੌਕੇ ਹਰਤਬਾਲ ਸਿੰਘ ਸੁੱਖੀ ਨਿੱਜੀ ਸਹਾਇਕ, ਰਸ਼ਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ ਸ਼ੇਖਪੁਰਾ, ਅਮਨਦੀਪ ਸਿੰਘ ਟਾਂਡੀਆਂ ਤੋਂ ਇਲਾਵਾ ਅਕਾਲੀ ਦਲ ਦੇ ਆਗੂ ਹਾਜ਼ਰ ਸਨ।