2027 ’ਚ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ: ਅਮਨਦੀਪ ਬਾਲਿਆਂਵਾਲੀ 2027 ’ਚ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ: ਅਮਨਦੀਪ ਬਾਲਿਆਂਵਾਲੀ
Publish Date: Sun, 01 Nov 2026 05:41 PM (IST)
Updated Date: Sun, 01 Nov 2026 05:44 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਬਾਲਿਆਂਵਾਲੀ ਦੇ ਪ੍ਰਧਾਨ ਨੰਬਰਦਾਰ ਅਮਨਦੀਪ ਸਿੰਘ ਬਾਲਿਆਂਵਾਲੀ ਨੇ ਦਾਅਵਾ ਕੀਤਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪਹਿਲਾਂ ਸੱਤਾ ਵਿੱਚ ਰਹੀ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਨੇ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਵੋਟ ਪਾਉਣ ਦਾ ਮਨ ਬਣਾ ਲਿਆ ਹੈ ਅਤੇ ਸੂਬੇ ਦੀ ਬਿਹਤਰੀ ਲਈ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪਾਰਟੀ ਨੂੰ ਮੁੜ ਸੱਤਾ ਸੌਂਪਣ ਲਈ ਉਤਸ਼ਾਹਿਤ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਤੇ ਸਮੁੱਚੀ ਅਕਾਲੀ ਲੀਡਰਸ਼ਿਪ ਹੀ ਪੰਜਾਬ ਦੇ ਹਿੱਤਾਂ ਦੀ ਬਿਹਤਰ ਢੰਗ ਨਾਲ ਰਾਖੀ ਕਰ ਸਕਦੀ ਹੈ, ਜਿਸ ਦੀ ਗਵਾਹੀ ਪਿਛਲੇ ਸਮੇਂ ਦੌਰਾਨ ਅਕਾਲੀ ਸਰਕਾਰ ਵੇਲੇ ਹੋਏ ਵਿਕਾਸ ਕਾਰਜਾਂ ਤੋਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸੜਕਾਂ, ਬੁਨਿਆਦੀ ਢਾਂਚੇ, ਕਿਸਾਨੀ ਤੇ ਹੋਰ ਖੇਤਰਾਂ ਵਿਚ ਹੋਏ ਵੱਡੇ ਵਿਕਾਸ ਕਾਰਜਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦਾ ਅਹਿਮ ਯੋਗਦਾਨ ਰਿਹਾ ਹੈ। ਨੰਬਰਦਾਰ ਅਮਨਦੀਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਖੇਤਰੀ ਪਾਰਟੀ ਹੈ, ਜੋ ਹਮੇਸ਼ਾ ਪੰਜਾਬ, ਪੰਜਾਬੀਆਂ ਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਡਟ ਕੇ ਖੜ੍ਹੀ ਰਹੀ ਹੈ। ਉਨ੍ਹਾਂ ਕਿਹਾ ਕਿ ਦੂਜੀਆਂ ਪਾਰਟੀਆਂ ਦੀਆਂ ਸਰਕਾਰਾਂ ਨੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨ ਦੀ ਬਜਾਏ ਆਪਣੇ ਸਿਆਸੀ ਹਿੱਤਾਂ ਨੂੰ ਤਰਜੀਹ ਦਿੱਤੀ ਹੈ। ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ, ਜੋ ਸੂਬੇ ਦੀਆਂ ਸਮੱਸਿਆਵਾਂ ਨੂੰ ਸਮਝਦਿਆਂ ਲੋਕਾਂ ਦੀਆਂ ਲੋੜਾਂ ਅਨੁਸਾਰ ਫ਼ੈਸਲੇ ਲੈ ਸਕੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੇ ਸੂਬੇ ਵਿੱਚੋਂ ਗੁੰਡਾਗਰਦੀ ਅਤੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਦਮ ਚੁੱਕੇ ਜਾਣਗੇ। ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣਗੇ, ਤਾਂ ਜੋ ਉਨ੍ਹਾਂ ਨੂੰ ਰੋਜ਼ੀ-ਰੋਟੀ ਲਈ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਨਾ ਹੋਣਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨੀ ਨੂੰ ਬਚਾਉਣ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਠੋਸ ਖੇਤੀਬਾੜੀ ਨੀਤੀਆਂ ਲਿਆਂਦੀਆਂ ਜਾਣਗੀਆਂ। ਕਿਸਾਨਾਂ ਨੂੰ ਖੇਤੀ ਲਈ ਲੋੜੀਂਦੀਆਂ ਸਹੂਲਤਾਂ ਅਤੇ ਫ਼ਸਲਾਂ ਦਾ ਉਚਿਤ ਮੁੱਲ ਦਿਵਾਉਣ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਮਕਸਦ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਵਪਾਰ ਨੂੰ ਮਜ਼ਬੂਤ ਕਰਕੇ ਸੂਬੇ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੀਆਂ ਲੀਹਾਂ ਤੇ ਲਿਆਉਣਾ ਹੈ।