ਨਸ਼ਿਆਂ ਦੇ ਮੁੱਦੇ ’ਤੇ ਅਕਾਲੀ ਦਲ ਦਾ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਨਸ਼ਿਆਂ ਦੇ ਮੁੱਦੇ ’ਤੇ ਅਕਾਲੀ ਦਲ ਦਾ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ
Publish Date: Mon, 05 Oct 2026 04:03 PM (IST)
Updated Date: Mon, 05 Oct 2026 04:05 PM (IST)
ਧਰਮਪਾਲ ਸਿੰਘ, ਪੰਜਾਬੀ ਜਾਗਰਣ ਸੰਗਤ ਮੰਡੀ ਪੰਜਾਬ ਅੰਦਰ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ’ਤੇ ਮੁੜ ਤਿੱਖਾ ਹਮਲਾ ਬੋਲਿਆ ਹੈ। ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਕਾਰ ’ਤੇ ਨਸ਼ਿਆਂ ਦੇ ਵਧ ਰਹੇ ਮਾਮਲੇ ਨੂੰ ਰੋਕਣ ਵਿੱਚ ਅਸਫਲ ਰਹਿਣ ਦੇ ਦੋਸ਼ ਲਗਾਏ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਜਿਹੜੇ ਆਗੂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਨਸ਼ਿਆਂ ਨਾਲ ਜੋੜ ਕੇ ਬਦਨਾਮ ਕਰਦੇ ਰਹੇ, ਉਹ ਹੁਣ ਨਸ਼ਿਆਂ ਦੇ ਵਧ ਰਹੇ ਕਹਿਰ ’ਤੇ ਚੁੱਪ ਕਿਉਂ ਹਨ। ਬੀਬਾ ਬਾਦਲ ਨੇ ਦਾਅਵਾ ਕੀਤਾ ਕਿ ਪੰਜਾਬ ਦਾ ਕੋਈ ਪਿੰਡ ਜਾਂ ਸ਼ਹਿਰ ਅਜਿਹਾ ਨਹੀਂ ਜਿੱਥੇ ਨਸ਼ਾ ਵਿਕਣ ਦੀ ਸ਼ਿਕਾਇਤ ਨਾ ਹੋਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਕਈ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ ਅਤੇ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਹੋ ਰਹੀ ਹੈ। ਉਨ੍ਹਾਂ ਸਰਕਾਰ ਤੋਂ ਨਸ਼ਿਆਂ ਦੀ ਵਿਕਰੀ ’ਤੇ ਸਖ਼ਤੀ ਨਾਲ ਰੋਕ ਲਗਾਉਣ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਅਤੇ ਪਰਿਵਾਰਾਂ ਨੂੰ ਕਥਿਤ ਤੌਰ ’ਤੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਸੰਗਰੂਰ ਦੇ ਪਿੰਡ ਸ਼ੇਰੋਂ ਦੇ ਨੌਜਵਾਨ ਮੋਹਨਜੀਤ ਸਿੰਘ ਦਾ ਮਾਮਲਾ ਉਠਾਉਂਦਿਆਂ ਪੁਲਿਸ ਹਿਰਾਸਤ ਵਿੱਚ ਕਥਿਤ ਤਸ਼ੱਦਦ ਦੇ ਦੋਸ਼ ਲਗਾਏ। ਇਸ ਤੋਂ ਇਲਾਵਾ ਗੁਲਜ਼ਾਰ ਸਿੰਘ ਮਾਮਲੇ ਦਾ ਹਵਾਲਾ ਦਿੰਦਿਆਂ ਵੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ। ਕਾਂਗਰਸ ਵੀ ਨਿਸ਼ਾਨੇ ’ਤੇ ਬੀਬਾ ਬਾਦਲ ਨੇ ਕਾਂਗਰਸ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਹੜੇ ਆਗੂ ਲੋਕਾਂ ਦੇ ਮਸਲਿਆਂ ਦੀ ਬਜਾਏ ਆਪਸੀ ਕੁਰਸੀ ਦੀ ਲੜਾਈ ਵਿੱਚ ਉਲਝੇ ਹੋਏ ਹਨ, ਉਨ੍ਹਾਂ ਤੋਂ ਪੰਜਾਬ ਦੀ ਭਲਾਈ ਦੀ ਆਸ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਪੰਜਾਬ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ।