ਤਲਵੰਡੀ ਸਾਬੋ ’ਚ ਅਕਾਲੀ ਦਲ ਨੇ ਵਧਾਈਆਂ ਸਿਆਸੀ ਸਰਗਰਮੀਆਂ ਤਲਵੰਡੀ ਸਾਬੋ ’ਚ ਅਕਾਲੀ ਦਲ ਨੇ ਵਧਾਈਆਂ ਸਿਆਸੀ ਸਰਗਰਮੀਆਂ
Publish Date: Sat, 03 Oct 2026 05:16 PM (IST)
Updated Date: Sun, 04 Oct 2026 04:05 AM (IST)
ਰਵੀਪ੍ਰੀਤ ਸਿੰਘ ਸਿੱਧੂ ਵੱਲੋਂ ਮਿਰਜੇਆਣਾ ਤੇ ਗਹਿਲੇਵਾਲਾ ’ਚ ਵਰਕਰਾਂ ਨਾਲ ਮੀਟਿੰਗਾਂ, 2027 ਦੀਆਂ ਵਿਧਾਨ ਸਭਾ ਚੋਣਾਂ ਲਈ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਦੀ ਰਣਨੀਤੀ ’ਤੇ ਹੋਇਆ ਵਿਚਾਰ-ਵਟਾਂਦਰਾ ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਤਲਵੰਡੀ ਸਾਬੋ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਉਮੀਦਵਾਰ ਅਤੇ ਪਾਰਟੀ ਦੇ ਜਨਰਲ ਸਕੱਤਰ ਰਵੀਪ੍ਰੀਤ ਸਿੰਘ ਸਿੱਧੂ ਨੇ ਪਿੰਡ ਮਿਰਜੇਆਣਾ ਅਤੇ ਗਹਿਲੇਵਾਲਾ ਦਾ ਦੌਰਾ ਕਰਕੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ। ਮੀਟਿੰਗਾਂ ਦੌਰਾਨ ਪਿੰਡ ਪੱਧਰ ’ਤੇ ਪਾਰਟੀ ਜਥੇਬੰਦੀ ਨੂੰ ਸਰਗਰਮ ਕਰਨ, ਲੋਕਾਂ ਨਾਲ ਰਾਬਤਾ ਵਧਾਉਣ ਅਤੇ ਆਉਣ ਵਾਲੀਆਂ ਚੋਣਾਂ ਸਬੰਧੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਰਵੀਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਮੀਨੀ ਪੱਧਰ ’ਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਮੀਟਿੰਗਾਂ ਕਰਨ ਦਾ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਣਨਾ ਵੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦੀ ਭੂਮਿਕਾ ਅਹਿਮ ਹੈ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਧਿਆਨ ਵਿੱਚ ਰੱਖ ਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਬਾਰੇ ਬੋਲਦਿਆਂ ਰਵੀਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਦਾ ਕਾਰਜਕਾਲ ਅਗਲੇ ਪੜਾਅ ਵੱਲ ਵਧ ਰਿਹਾ ਹੈ ਅਤੇ ਲੋਕ ਸਰਕਾਰ ਤੋਂ ਪਿਛਲੇ ਸਮੇਂ ਦੌਰਾਨ ਕੀਤੇ ਕੰਮਾਂ ਦਾ ਹਿਸਾਬ ਮੰਗ ਰਹੇ ਹਨ। ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਕੀਤੇ ਦਾਅਵਿਆਂ ਅਤੇ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਵਿਚਕਾਰ ਅੰਤਰ ਬਾਰੇ ਸਰਕਾਰ ਤੋਂ ਜਵਾਬ ਮੰਗਿਆ। ਉਨ੍ਹਾਂ ਗਾਇਤਰੀ ਬਿਸ਼ਨੋਈ ਨਾਲ ਜੁੜੇ ਵਿਵਾਦ ਦਾ ਹਵਾਲਾ ਦਿੰਦਿਆਂ ਵੀ ਸਰਕਾਰ ’ਤੇ ਸਵਾਲ ਚੁੱਕੇ ਅਤੇ ਸਰਕਾਰੀ ਰਿਹਾਇਸ਼ ਦੀ ਵਰਤੋਂ ਸਬੰਧੀ ਮਾਮਲੇ ’ਤੇ ਸਪਸ਼ਟੀਕਰਨ ਦੀ ਗੱਲ ਕਹੀ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਪਿੰਡ ਪੱਧਰ ’ਤੇ ਵਰਕਰਾਂ ਨਾਲ ਮੀਟਿੰਗਾਂ ਜਾਰੀ ਰਹਿਣਗੀਆਂ। ਜ਼ਿਕਰਯੋਗ ਹੈ ਕਿ ਅਪ੍ਰੈਲ 2026 ਵਿੱਚ ਤਲਵੰਡੀ ਸਾਬੋ ਵਿਖੇ ਹੋਈ ਰੈਲੀ ਦੌਰਾਨ ਰਵੀਪ੍ਰੀਤ ਸਿੰਘ ਸਿੱਧੂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਸੀ। ਇਸ ਮੌਕੇ ਜਸਵਿੰਦਰ ਸਿੰਘ ਜੈਲਦਾਰ ਜਗਰਾਮ, ਹਰਤਬਾਲ ਸਿੰਘ ਸੁੱਖੀ, ਬੂਟਾ ਸਿੰਘ ਸਰਪੰਚ ਲਾਲੇਆਣਾ, ਨਿੰਮਾ ਬਰਾੜ, ਮਨਜੀਤ ਸਿੰਘ ਭਾਗੀਵਾਂਦਰ, ਅਮਨਦੀਪ ਸਿੰਘ ਟਾਂਡੀਆਂ, ਨਿੱਕਾ ਧਾਲੀਵਾਲ, ਬਬਲੂ ਸੰਧੂ ਅਤੇ ਰਸ਼ਵਿੰਦਰ ਸਿੰਘ ਸ਼ੇਖਪੁਰਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।