ਅਕਾਲੀ ਦਲ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ : ਮਲੂਕਾ ਅਕਾਲੀ ਦਲ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ-ਮਲੂਕਾ
Publish Date: Fri, 24 Jul 2026 06:48 PM (IST)
Updated Date: Sat, 25 Jul 2026 04:05 AM (IST)
2027 ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਕਰਨ ਦਾ ਸੱਦਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭਗਤਾ ਭਾਈਕਾ : ਸ਼੍ਰੋਮਣੀ ਅਕਾਲੀ ਦਲ ਇਕਾਈ ਭਗਤਾ ਭਾਈ ਦੀ ਇਕ ਅਹਿਮ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਵਿਖੇ ਹੋਈ। ਮੀਟਿੰਗ ਦੌਰਾਨ ਮੌਜੂਦਾ ਰਾਜਨੀਤਿਕ ਸਥਿਤੀ, ਸੰਗਠਨ ਦੀ ਮਜ਼ਬੂਤੀ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀ ਰਣਨੀਤੀ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਦੀ ਸਰਗਰਮ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਜੇਕਰ ਸਮੂਹ ਆਗੂ ਅਤੇ ਵਰਕਰ ਇੱਕਜੁੱਟ ਹੋ ਕੇ ਮਿਹਨਤ ਕਰਨਗੇ ਤਾਂ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਲ ਕਰ ਸਕਦਾ ਹੈ। ਇਸ ਮੌਕੇ ਮਲੂਕਾ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪਾਰਟੀ ਦੀ ਪਿੱਠ ਵਿਚ ਛੁਰਾ ਮਾਰ ਕੇ ਪਾਰਟੀ ਨਾਲ ਵਿਸ਼ਵਾਸਘਾਤ ਕੀਤਾ ਹੈ, ਉਨ੍ਹਾਂ ਲਈ ਸ਼੍ਰੋਮਣੀ ਅਕਾਲੀ ਦਲ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਅਜਿਹੇ ਵਿਅਕਤੀਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਜਾਂ ਪਹੁੰਚ ਨਾ ਕੀਤੀ ਜਾਵੇ ਅਤੇ ਪਾਰਟੀ ਦੇ ਅਨੁਸ਼ਾਸਨ ਅਤੇ ਸਿਧਾਂਤਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਮੀਟਿੰਗ ਦੌਰਾਨ ਆਗੂਆਂ ਨੇ ਇਹ ਵੀ ਅਹਿਦ ਕੀਤਾ ਕਿ ਪਾਰਟੀ ਦੇ ਸੁਨੇਹੇ ਨੂੰ ਹਰ ਪਿੰਡ, ਹਰ ਵਾਰਡ ਅਤੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ ਅਤੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਦੀਆਂ ਭਵਿੱਖੀ ਗਤੀਵਿਧੀਆਂ ਅਤੇ ਜਨ-ਸੰਪਰਕ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਗਗਨਦੀਪ ਸਿੰਘ ਗਰੇਵਾਲ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਭਗਤਾ, ਰਾਕੇਸ ਕੁਮਾਰ ਗੋਇਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਗਤਾ, ਜਗਮੋਹਨ ਲਾਲ ਭਗਤਾ ਸੀਨੀਅਰ ਅਕਾਲੀ ਆਗੂ, ਗੁਰਬਿੰਦਰ ਕੌਰ ਭਗਤਾ ਪ੍ਰਧਾਨ ਐੱਸਸੀ ਵਿੰਗ, ਕੁਲਦੀਪ ਕੌਰ ਬਰਾੜ, ਪਰਮਜੀਤ ਕੌਰ, ਦਰਸ਼ਨ ਸਿੰਘ ਭਾਈਕੇ, ਦਵਿੰਦਰ ਸਿੰਘ ਮਠਾੜੂ, ਸੁਖਮੰਦਰ ਸਿੰਘ ਅਕਾਲ ਵਾਲੇ, ਨਿਰਮਲ ਸਿੰਘ ਹੂੰਝਣ, ਬਲਵੀਰ ਸਿੰਘ ਡੀਲਕਸ ਵਾਲੇ, ਬਾਦਲ ਸਿੰਘ ਭਗਤਾ ਆਦਿ ਹਾਜ਼ਰ ਸਨ।