31 ਦਸੰਬਰ ਤੋਂ ਪਹਿਲਾਂ ਬਠਿੰਡਾ ਦੀਆਂ ਸਾਰੀਆਂ ਸੜਕਾਂ ਹੋਣਗੀਆਂ ਖੱਡਾ ਮੁਕਤ : ਮੇਅਰ ਪਦਮਜੀਤ ਸਿੰਘ ਮਹਿਤਾ 31 ਦਸੰਬਰ ਤੋਂ ਪਹਿਲਾਂ ਬਠਿੰਡਾ ਦੀਆਂ ਸਾਰੀਆਂ ਸੜਕਾਂ ਹੋਣਗੀਆਂ ਖੱਡਾ ਮੁਕਤ : ਮੇਅਰ ਪਦਮਜੀਤ ਸਿੰਘ ਮਹਿਤਾ
Publish Date: Sat, 14 Nov 2026 05:14 PM (IST)
Updated Date: Sat, 14 Nov 2026 05:15 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਸਰਕਾਰ ਦੇ ਵਿਕਾਸ ਵਿਜ਼ਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਮੁਹਿੰਮ ਤਹਿਤ ਬਠਿੰਡਾ ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਸ਼ਹਿਰ ਨੂੰ ਖੱਡਾ ਮੁਕਤ ਬਣਾਉਣ ਅਤੇ ਆਮ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਨਗਰ ਨਿਗਮ ਵੱਲੋਂ ਵੱਖ-ਵੱਖ ਵਾਰਡਾਂ ਵਿੱਚ ਪ੍ਰੀਮਿਕਸ ਪਾਉਣ ਦੇ ਕੰਮ ਸ਼ੁਰੂ ਕਰ ਦਿੱਤੇ ਗਏ ਹਨ। ਇਸੇ ਲੜੀ ਤਹਿਤ ਸ਼ੁੱਕਰਵਾਰ ਨੂੰ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 40 ਵਿਖੇ ਕੌਂਸਲਰ ਸੰਜੀਵ ਕੁਮਾਰ ਸੋਨੀ ਪ੍ਰਧਾਨ ਦੀ ਵਿਸ਼ੇਸ਼ ਮੌਜੂਦਗੀ ਵਿੱਚ ਸ਼ਹੀਦ ਸੰਦੀਪ ਸਿੰਘ ਵਾਲੀ ਗਲੀ ਨੰਬਰ 1, ਪਰਸਰਾਮ ਨਗਰ ਤੋਂ ਪ੍ਰੀਮਿਕਸ ਦੇ ਕੰਮ ਦਾ ਰਸਮੀ ਸ਼ੁਭ ਆਰੰਭ ਕਰਵਾਇਆ। ਇਸ ਉਦਘਾਟਨੀ ਸਮਾਰੋਹ ਦੌਰਾਨ ਨਗਰ ਨਿਗਮ ਦੇ ਜੇਈ ਪਵਨ ਕੁਮਾਰ, ਵਾਰਡ ਨੰਬਰ 50 ਦੇ ਕੌਂਸਲਰ ਸੁਖਦੇਵ ਸਿੰਘ, ਬਲਾਕ ਪ੍ਰਧਾਨ ਸੁਰਜੀਤ ਸਿੰਘ ਨਾਗੀ, ਬਲਾਕ ਪ੍ਰਧਾਨ ਮੋਹਿਤ ਗੋਇਲ, ਅਮਰਜੀਤ ਸਿੰਘ ਜੱਗ, ਭੁਪਿੰਦਰ ਸਿੰਘ ਪੱਪਾ, ਪੰਕਜ ਸ਼ਰਮਾ, ਵਿਕਾਸ ਕੌਸ਼ਲ, ਗੁਰਸੇਵਕ ਸਿੰਘ, ਸ਼ੁਭਮ ਗਰਗ, ਬਿੱਕਰ ਸਿੰਘ ਸਾਹਿਲ ਸਮੇਤ ਇਲਾਕੇ ਦੇ ਹੋਰ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਮਿਆਰੀ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਨਗਰ ਨਿਗਮ ਦੀ ਸਭ ਤੋਂ ਪਹਿਲੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਨੂੰ ਇੱਕ ਆਧੁਨਿਕ, ਸਾਫ਼-ਸੁਥਰੇ ਅਤੇ ਸੁੰਦਰ ਸ਼ਹਿਰ ਵਜੋਂ ਵਿਕਸਤ ਕਰਨ ਲਈ ਪੂਰੀ ਤਰ੍ਹਾਂ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਮੇਅਰ ਮਹਿਤਾ ਨੇ ਆਪਣਾ ਟੀਚਾ ਸਪੱਸ਼ਟ ਕਰਦਿਆਂ ਕਿਹਾ ਕਿ 31 ਦਸੰਬਰ ਤੋਂ ਪਹਿਲਾਂ ਬਠਿੰਡਾ ਸ਼ਹਿਰ ਦੀਆਂ ਸਾਰੀਆਂ ਪ੍ਰੀਮਿਕਸ ਵਾਲੀਆਂ ਸੜਕਾਂ ਨੂੰ ਪੂਰੀ ਤਰ੍ਹਾਂ ਖੱਡਾ ਮੁਕਤ ਕਰ ਦਿੱਤਾ ਜਾਵੇਗਾ। ਸ਼ਹਿਰ ਦੇ ਹਰੇਕ ਖੇਤਰ ਵਿੱਚ ਸੜਕਾਂ ਦੀ ਮੌਜੂਦਾ ਸਥਿਤੀ ਦਾ ਬਾਰੀਕੀ ਨਾਲ ਜਾਇਜ਼ਾ ਲੈ ਕੇ ਤਰਜੀਹ ਦੇ ਆਧਾਰ ’ਤੇ ਤੇਜ਼ੀ ਨਾਲ ਪ੍ਰੀਮਿਕਸ ਪਾਇਆ ਜਾ ਰਿਹਾ ਹੈ, ਤਾਂ ਜੋ ਰਾਹਗੀਰਾਂ ਅਤੇ ਸਥਾਨਕ ਲੋਕਾਂ ਨੂੰ ਆਵਾਜਾਈ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਜਾਂ ਹਾਦਸਿਆਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਲੋਕ-ਹਿਤੈਸ਼ੀ ਫੈਸਲੇ ਲਏ ਜਾ ਰਹੇ ਹਨ। ਮਾਨ ਸਰਕਾਰ ਦੇ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਸ਼ਹਿਰਾਂ ਦਾ ਯੋਜਨਾਬੱਧ ਅਤੇ ਆਧੁਨਿਕ ਵਿਕਾਸ ਬੇਹੱਦ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸੇ ਸੋਚ ਸਦਕਾ ਬਠਿੰਡਾ ਵਿੱਚ ਸੜਕਾਂ ਦੇ ਨਾਲ-ਨਾਲ ਪੀਣ ਵਾਲੇ ਪਾਣੀ, ਸੀਵਰੇਜ ਪ੍ਰਣਾਲੀ, ਸਫਾਈ ਵਿਵਸਥਾ ਅਤੇ ਹੋਰ ਜਨਤਕ ਸਹੂਲਤਾਂ ਨਾਲ ਸਬੰਧਤ ਪ੍ਰੋਜੈਕਟਾਂ ਨੂੰ ਪੂਰੀ ਗੰਭੀਰਤਾ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਮੇਅਰ ਮਹਿਤਾ ਨੇ ਜ਼ੋਰ ਦੇ ਕੇ ਕਿਹਾ ਕਿ ਚੰਗੀਆਂ ਅਤੇ ਸੁਰੱਖਿਅਤ ਸੜਕਾਂ ਕਿਸੇ ਵੀ ਅਗਾਂਹਵਧੂ ਸ਼ਹਿਰ ਦੀ ਪਛਾਣ ਹੁੰਦੀਆਂ ਹਨ। ਨਗਰ ਨਿਗਮ ਦਾ ਮਕਸਦ ਸਿਰਫ਼ ਖੱਡੇ ਭਰਨ ਤੱਕ ਸੀਮਤ ਨਹੀਂ, ਸਗੋਂ ਲੋੜ ਅਨੁਸਾਰ ਸੜਕਾਂ ’ਤੇ ਨਵਾਂ ਪ੍ਰੀਮਿਕਸ ਪਵਾ ਕੇ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਮਜ਼ਬੂਤ ਬਣਾਈ ਰੱਖਣਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਕੀਮਤ ’ਤੇ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਬਿਨਾਂ ਕਿਸੇ ਭੇਦਭਾਵ ਦੇ ਹਰ ਵਾਰਡ ਵਿੱਚ ਬਰਾਬਰ ਵਿਕਾਸ ਕਰਵਾਇਆ ਜਾਵੇਗਾ। ਅੰਤ ਵਿੱਚ ਵਾਰਡ ਨੰਬਰ 40 ਦੇ ਕੌਂਸਲਰ ਸੰਜੀਵ ਕੁਮਾਰ ਸੋਨੀ ਪ੍ਰਧਾਨ ਨੇ ਮੇਅਰ ਪਦਮਜੀਤ ਸਿੰਘ ਮਹਿਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪ੍ਰੀਮਿਕਸ ਕੰਮ ਦੇ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਸਮੱਸਿਆਵਾਂ ਦਾ ਸਥਾਈ ਹੱਲ ਹੋਵੇਗਾ।