15 ਸਤੰਬਰ ਨੂੰ ਪੰਜਾਬ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ; ਮੋਹਾਲੀ ’ਚ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ 15 ਸਤੰਬਰ ਨੂੰ ਪੰਜਾਬ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ; ਮੋਹਾਲੀ ’ਚ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ
Publish Date: Sun, 06 Sep 2026 03:53 PM (IST)
Updated Date: Sun, 06 Sep 2026 03:55 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ, ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਹੱਲ ਲਈ ਸਰਕਾਰ ਵੱਲੋਂ ਕੋਈ ਠੋਸ ਕਦਮ ਨਾ ਚੁੱਕੇ ਜਾਣ ਦੇ ਰੋਸ ਵਜੋਂ 15 ਸਤੰਬਰ ਨੂੰ ਪੰਜਾਬ ਭਰ ਦੇ ਸਾਰੇ ਸੇਵਾ ਕੇਂਦਰ ਮੁਕੰਮਲ ਤੌਰ ’ਤੇ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਯੂਨੀਅਨ ਦੇ ਸਮੂਹ ਮੁਲਾਜ਼ਮ ਫੇਜ਼-10, ਮੋਹਾਲੀ ਸਥਿਤ ਕਿਰਤ ਵਿਭਾਗ ਦੇ ਦਫ਼ਤਰ ਸਾਹਮਣੇ ਸੂਬਾ ਪੱਧਰੀ ਧਰਨਾ ਦੇਣਗੇ। ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਅਤੇ ਜਨਰਲ ਸਕੱਤਰ ਗੁਰਸੇਵਕ ਸਿੰਘ ਚਹਿਲ ਨੇ ਜਾਰੀ ਪ੍ਰੈੱਸ ਨੋਟ ਰਾਹੀਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਸਬੰਧੀ ਸਰਕਾਰ ਵੱਲੋਂ ਹੁਣ ਤੱਕ ਕੋਈ ਮੀਟਿੰਗ ਨਹੀਂ ਸੱਦੀ ਗਈ। ਇਸ ਕਾਰਨ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਪਹਿਲਾਂ ਹੀ ਸਰਕਾਰ ਅਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪੱਤਰ ਭੇਜ ਕੇ ਆਪਣੀਆਂ ਮੰਗਾਂ ਅਤੇ 15 ਸਤੰਬਰ ਦੇ ਸੰਘਰਸ਼ ਸਬੰਧੀ ਜਾਣੂ ਕਰਵਾਇਆ ਜਾ ਚੁੱਕਾ ਹੈ। ਆਗੂਆਂ ਨੇ ਕਿਹਾ ਕਿ 15 ਸਤੰਬਰ ਨੂੰ ਪੰਜਾਬ ਭਰ ਦੇ ਸੇਵਾ ਕੇਂਦਰਾਂ ਵਿੱਚ ਕੰਮਕਾਜ ਪੂਰੀ ਤਰ੍ਹਾਂ ਠੱਪ ਰਹੇਗਾ ਅਤੇ ਸਮੂਹ ਮੁਲਾਜ਼ਮ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਮੋਹਾਲੀ ਵਿਖੇ ਇਕੱਠੇ ਹੋਣਗੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਲਗਾਤਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਯੂਨੀਅਨ ਨੂੰ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ 15 ਸਤੰਬਰ ਦੇ ਧਰਨੇ ਦੌਰਾਨ ਸੰਘਰਸ਼ ਦੀ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।