ਪ੍ਰਾਰਥਨਾ ਸਭਾ ਦੇ ਨਾਂ ’ਤੇ ਧਰਮ ਪਰਿਵਰਤਨ ਦਾ ਦੋਸ਼ ਪ੍ਰਾਰਥਨਾ ਸਭਾ ਦੇ ਨਾਂ ’ਤੇ ਧਰਮ ਪਰਿਵਰਤਨ ਦਾ ਦੋਸ਼, ਨਿਹੰਗ ਸਿੰਘ ਜਥੇਬੰਦੀਆਂ ਨੇ ਪ੍ਰਸ਼ਾਸਨ ਨੂੰ ਦਿੱਤੀ ਚੇਤਾਵਨੀ
Publish Date: Fri, 23 Oct 2026 06:31 PM (IST)
Updated Date: Sat, 24 Oct 2026 04:01 AM (IST)
ਨਿਹੰਗ ਸਿੰਘ ਜਥੇਬੰਦੀਆਂ ਨੇ ਪ੍ਰਸ਼ਾਸਨ ਨੂੰ ਦਿੱਤੀ ਚੇਤਾਵਨੀ ਪ੍ਰਾਰਥਨਾ ਸਭਾ ਦੇ ਨਾਂ ’ਤੇ ਧਰਮ ਪਰਿਵਰਤਨ ਨਹੀਂ ਹੋਣ ਦੇਵਾਂਗੇ: ਨਿਹੰਗ ਸਿੰਘ ਜਥੇਬੰਦੀਆਂ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : 28 ਅਕਤੂਬਰ ਨੂੰ ਬਠਿੰਡਾ ਦੇ ਬੀਬੀ ਵਾਲਾ ਰੋਡ ਸਥਿਤ ਪੁੱਡਾ ਗਰਾਊਂਡ ਵਿਖੇ ਹੋਣ ਵਾਲੇ ਪ੍ਰਾਰਥਨਾ ਸਮਾਗਮ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਅੰਤਰਰਾਸ਼ਟਰੀ ਹਿੰਦੂ ਸਿੱਖ ਮਹਾਸਭਾ ਨੇ ਨਿਹੰਗ ਸਿੰਘ ਜਥੇਬੰਦੀਆਂ ਦੀ ਅਗਵਾਈ ਹੇਠ ਸਮਾਗਮ ਨੂੰ ਰੋਕਣ ਦੀ ਮੰਗ ਕਰਦਿਆਂ ਡਿਪਟੀ ਕਮਿਸ਼ਨਰ ਦੇ ਨਾਂ ਸਹਾਇਕ ਡਿਪਟੀ ਕਮਿਸ਼ਨਰ ਗੁਰਜਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਿਆ। ਮਹਾਸਭਾ ਦੇ ਜਨਰਲ ਸਕੱਤਰ ਸੁਖਪਾਲ ਸਿੰਘ ਸਰਾਂ ਨੇ ਦੋਸ਼ ਲਾਇਆ ਕਿ ਕੁਝ ਲੋਕ ਪ੍ਰਾਰਥਨਾ ਸਭਾਵਾਂ ਦੇ ਨਾਂ ’ਤੇ ਭੋਲੇ-ਭਾਲੇ ਹਿੰਦੂਆਂ ਅਤੇ ਸਿੱਖਾਂ ਨੂੰ ਗੁਮਰਾਹ ਕਰਕੇ ਧਰਮ ਪਰਿਵਰਤਨ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਾਦੂ-ਟੂਣੇ, ਭੂਤ-ਪ੍ਰੇਤ ਅਤੇ ਬਿਮਾਰੀਆਂ ਠੀਕ ਕਰਨ ਦੇ ਦਾਅਵਿਆਂ ਰਾਹੀਂ ਲੋਕਾਂ ਨੂੰ ਪ੍ਰਭਾਵਿਤ ਕਰਨਾ ਅਤੇ ਲਾਲਚ ਦੇ ਕੇ ਧਰਮ ਪਰਿਵਰਤਨ ਕਰਵਾਉਣਾ ਗੰਭੀਰ ਮਾਮਲਾ ਹੈ। ਸਰਾਂ ਨੇ ਸਮਾਗਮ ਲਈ ਸਰਕਾਰੀ ਜ਼ਮੀਨ ਮੁਹੱਈਆ ਕਰਵਾਏ ਜਾਣ ’ਤੇ ਵੀ ਸਵਾਲ ਉਠਾਉਂਦਿਆਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਜਾਂਚ ਕਰਕੇ ਢੁੱਕਵੀਂ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਧਰਮ ਪਰਿਵਰਤਨ ਸਬੰਧੀ ਲੱਗ ਰਹੇ ਦੋਸ਼ਾਂ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਿਆ ਜਾਣਾ ਚਾਹੀਦਾ ਹੈ। ਇਸ ਮੌਕੇ 96 ਕਰੋੜੀ ਜਥੇਦਾਰ ਸਰਬਜੀਤ ਸਿੰਘ ਬੁੱਢਾ ਦਲ ਦਮਦਮਾ ਸਾਹਿਬ ਅਤੇ ਬਾਬਾ ਬਲਮ ਸਿੰਘ ਸ੍ਰੀ ਦਸਮੇਸ਼ ਤਰਨਾ ਦਲ ਨੇ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਸਮਾਗਮ ਨੂੰ ਰੋਕਣ ਅਤੇ ਕਥਿਤ ਤੌਰ ’ਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਕਰਨ ਸਬੰਧੀ ਉਨ੍ਹਾਂ ਦੀ ਮੰਗ ’ਤੇ ਧਿਆਨ ਨਾ ਦਿੱਤਾ ਤਾਂ ਨਿਹੰਗ ਸਿੰਘ ਜਥੇਬੰਦੀਆਂ ਅਤੇ ਹੋਰ ਲੋਕ ਆਪਣੇ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਨੂੰ ਲੈ ਕੇ ਕੋਈ ਤਣਾਅਪੂਰਨ ਸਥਿਤੀ ਪੈਦਾ ਹੁੰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਮੇਂ ਸਿਰ ਕਾਰਵਾਈ ਕੀਤੀ ਜਾਵੇ। ਇਸ ਮੌਕੇ ਮਿੱਠੂ ਸਿੰਘ, ਪ੍ਰਧਾਨ ਗੁਰਦੁਆਰਾ ਸਿਵਲ ਲਾਈਨ, ਹਰਦੀਪ ਸਿੰਘ ਬਿੱਟੂ, ਜਨਰਲ ਸਕੱਤਰ ਗੁਰਦੁਆਰਾ ਸਿੰਘ ਸਭਾ, ਆਸ਼ੂਤੋਸ਼ ਤਿਵਾੜੀ, ਸੰਦੀਪ ਅਗਰਵਾਲ, ਨਿਤਿਨ ਗੋਇਲ, ਬਬੂਨਾ ਪ੍ਰਸਾਦ, ਅਜੈ ਗੋਇਲ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।