ਅਕਾਲ ਯੂਨੀਵਰਸਿਟੀ ਵਿਖੇ ਐਲੂਮਨਾਈ ਟਾਕ, 100 ਵਿਦਿਆਰਥੀਆਂ ਨੇ ਲਿਆ ਹਿੱਸਾ ਅਕਾਲ ਯੂਨੀਵਰਸਿਟੀ ਵਿਖੇ ਐਲੂਮਨਾਈ ਟਾਕ, 100 ਵਿਦਿਆਰਥੀਆਂ ਨੇ ਲਿਆ ਹਿੱਸਾ
Publish Date: Wed, 11 Nov 2026 05:38 PM (IST)
Updated Date: Wed, 11 Nov 2026 05:39 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ ਅਕਾਲ ਯੂਨੀਵਰਸਿਟੀ ਦੇ ਐਜੂਕੇਸ਼ਨ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਭਵਿੱਖ ਦੇ ਕਰੀਅਰ, ਉੱਚ ਸਿੱਖਿਆ ਤੇ ਪ੍ਰਤੀਯੋਗੀ ਪ੍ਰੀਖਿਆਵਾਂ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ‘ਐਲੂਮਨਾਈ ਟਾਕ’ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿੱਚ ਲਗਭਗ 100 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਬੀ.ਏ. ਬੀਐੱਡ ਤੋਂ ਬਾਅਦ ਕਰੀਅਰ ਦੇ ਵੱਖ-ਵੱਖ ਮੌਕਿਆਂ, ਅਧਿਆਪਨ, ਖੋਜ ਤੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਬਾਰੇ ਵਿਦਿਆਰਥੀਆਂ ਨੂੰ ਵਿਹਾਰਕ ਮਾਰਗਦਰਸ਼ਨ ਦੇਣਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਜਾਣ-ਪਛਾਣ ਸੈਸ਼ਨ ਨਾਲ ਹੋਈ। ਇਸ ਦੌਰਾਨ ਵਿਭਾਗ ਦੀਆਂ ਸਾਬਕਾ ਵਿਦਿਆਰਥਣਾਂ ਨਵਦੀਪ ਕੌਰ ਅਤੇ ਮਨਪ੍ਰੀਤ ਕੌਰ ਨੇ ਆਪਣੇ ਅਕਾਦਮਿਕ ਅਤੇ ਪੇਸ਼ੇਵਰ ਤਜਰਬੇ ਸਾਂਝੇ ਕੀਤੇ। ਸਮਾਗਮ ਦਾ ਸੰਚਾਲਨ ਐਜੂਕੇਸ਼ਨ ਵਿਭਾਗ ਦੀ ਮੁਖੀ ਅਤੇ ਐਸੋਸੀਏਟ ਪ੍ਰੋਫੈਸਰ ਡਾ. ਰਸ਼ਿਮ ਵਾਧਵਾ ਅਤੇ ਐਲੂਮਨਾਈ ਕੋਆਰਡੀਨੇਟਰ ਤੇ ਸਹਾਇਕ ਪ੍ਰੋਫੈਸਰ ਡਾ. ਸੈਫੁਲ ਆਲਮ ਨੇ ਕੀਤਾ। ਪਹਿਲੇ ਸੈਸ਼ਨ ਵਿੱਚ ਨਵਦੀਪ ਕੌਰ ਨੇ ਸੀ-ਟੈਟ, ਪੀ-ਟੈਟ ਸਮੇਤ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਪੁਰਾਣੇ ਪ੍ਰਸ਼ਨ ਪੱਤਰ ਹੱਲ ਕਰਨ, ਸਵੈ-ਅਧਿਐਨ ਲਈ ਨੋਟਸ ਤਿਆਰ ਕਰਨ, ਚੰਗੀਆਂ ਕਿਤਾਬਾਂ ਦੀ ਚੋਣ ਕਰਨ ਅਤੇ ਵਿਦਿਅਕ ਯੂ-ਟਿਊਬ ਚੈਨਲਾਂ ਦੀ ਸਹਾਇਤਾ ਲੈਣ ਦੀ ਸਲਾਹ ਦਿੱਤੀ। ਉਨ੍ਹਾਂ ਸਮੇਂ ਦੀ ਸਹੀ ਵਰਤੋਂ ਅਤੇ ਨਿਰੰਤਰ ਅਭਿਆਸ ’ਤੇ ਵੀ ਜ਼ੋਰ ਦਿੱਤਾ। ਦੂਜੇ ਸੈਸ਼ਨ ਵਿੱਚ ਮਨਪ੍ਰੀਤ ਕੌਰ ਨੇ ਅਕਾਦਮਿਕ ਅਤੇ ਪੇਸ਼ੇਵਰ ਤਰੱਕੀ ਲਈ ਨਿਰਧਾਰਿਤ ਪਾਠਕ੍ਰਮ ਅਨੁਸਾਰ ਪੜ੍ਹਾਈ ਕਰਨ ਅਤੇ ਐਨ.ਸੀ.ਈ.ਆਰ.ਟੀ. ਦੀਆਂ ਕਿਤਾਬਾਂ ਦਾ ਅਧਿਐਨ ਕਰਨ ਦੀ ਮਹੱਤਤਾ ਦੱਸੀ। ਉਨ੍ਹਾਂ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਲਗਨ ਨਾਲ ਆਪਣੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਵਾਲ-ਜਵਾਬ ਸੈਸ਼ਨ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਕਰੀਅਰ ਅਤੇ ਪ੍ਰੀਖਿਆਵਾਂ ਸਬੰਧੀ ਸਵਾਲ ਪੁੱਛੇ। ਅੰਤ ਵਿੱਚ ਡਾ. ਰਸ਼ਿਮ ਵਾਧਵਾ ਨੇ ਸਾਬਕਾ ਵਿਦਿਆਰਥਣਾਂ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ। ਪ੍ਰੋਗਰਾਮ ਵਿਦਿਆਰਥੀਆਂ ਲਈ ਪ੍ਰੇਰਨਾਦਾਇਕ ਅਤੇ ਜਾਣਕਾਰੀ ਭਰਪੂਰ ਸਾਬਤ ਹੋਇਆ।