ਦਰਦਨਾਕ ਹਾਦਸਾ: ਅਮਰਨਾਥ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਖੜ੍ਹੇ ਟਰਾਲੇ ਨਾਲ ਟਕਰਾਈ, 3 ਦੀ ਮੌਤ
ਪੰਜਾਬ ਦੇ ਬਠਿੰਡਾ-ਡੱਬਵਾਲੀ ਕੌਮੀ ਮਾਰਗ ’ਤੇ ਬੁੱਧਵਾਰ ਤੜਕੇ ਅਮਰਨਾਥ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਇੱਕ ਮੈਟਾਡੋਰ ਪਿੰਡ ਜੋਧਪੁਰ ਰੋਮਾਣਾ ਨੇੜੇ ਸੜਕ ਕਿਨਾਰੇ ਖੜ੍ਹੇ ਇੱਕ ਟਰਾਲੇ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ਵਿੱਚ ਤਿੰਨ ਸ਼ਰਧਾਲੂਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿਨ੍ਹਾਂ ’ਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
Publish Date: Wed, 01 Jul 2026 07:59 AM (IST)
Updated Date: Wed, 01 Jul 2026 08:03 AM (IST)
ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ। ਪੰਜਾਬ ਦੇ ਬਠਿੰਡਾ-ਡੱਬਵਾਲੀ ਕੌਮੀ ਮਾਰਗ ’ਤੇ ਬੁੱਧਵਾਰ ਤੜਕੇ ਅਮਰਨਾਥ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਇੱਕ ਮੈਟਾਡੋਰ ਪਿੰਡ ਜੋਧਪੁਰ ਰੋਮਾਣਾ ਨੇੜੇ ਸੜਕ ਕਿਨਾਰੇ ਖੜ੍ਹੇ ਇੱਕ ਟਰਾਲੇ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ਵਿੱਚ ਤਿੰਨ ਸ਼ਰਧਾਲੂਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿਨ੍ਹਾਂ ’ਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਮੈਟਾਡੋਰ ’ਚ ਕਰੀਬ 12 ਸ਼ਰਧਾਲੂ ਸਵਾਰ ਸਨ, ਜੋ ਰਾਜਸਥਾਨ ਦੇ ਬਾੜਮੇਰ ਤੋਂ ਅਮਰਨਾਥ ਯਾਤਰਾ ਲਈ ਰਵਾਨਾ ਹੋਏ ਸਨ। ਇਹ ਹਾਦਸਾ ਸਵੇਰੇ ਕਰੀਬ 4 ਤੋਂ 5 ਵਜੇ ਦੇ ਦਰਮਿਆਨ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੈਟਾਡੋਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਕਈ ਯਾਤਰੀ ਵਾਹਨ ਅੰਦਰ ਹੀ ਫਸ ਗਏ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਸੰਗਤ ਦੀ ਪੁਲਿਸ ਅਤੇ ਸਹਾਰਾ ਜਨ ਸੇਵਾ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਬਾਹਰ ਕੱਢ ਕੇ ਬਠਿੰਡਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਗੰਭੀਰ ਜ਼ਖ਼ਮੀਆਂ ਨੂੰ ਬਿਹਤਰ ਇਲਾਜ ਲਈ ਏਮਜ਼ ਬਠਿੰਡਾ ਰੈਫਰ ਕੀਤਾ ਗਿਆ ਹੈ।
ਥਾਣਾ ਸੰਗਤ ਦੇ ਐੱਸ.ਐੱਚ.ਓ. ਜਗਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸ਼ੁਰੂਆਤੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਮੈਟਾਡੋਰ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾਈ ਸੀ। ਹਾਲਾਂਕਿ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਲੱਗੇਗਾ।
ਪੁਲਿਸ ਵੱਲੋਂ ਮ੍ਰਿਤਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੇ ਹਰ ਪੱਖ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੀ ਵਿਸਥਾਰਪੂਰਵਕ ਜਾਣਕਾਰੀ ਅਧਿਕਾਰਕ ਪੁਸ਼ਟੀ ਤੋਂ ਬਾਅਦ ਜਾਰੀ ਕੀਤੀ ਜਾਵੇਗੀ।