ਕੋਟਸਮੀਰ ਦੇ ਅਗਾਂਹਵਧੂ ਕਿਸਾਨ ਅਮਰੀਕ ਸਿੰਘ ਨੇ ਰਾਊਂਡ ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾਈਆਂ ਕੋਟਸਮੀਰ ਦੇ ਅਗਾਂਹਵਧੂ ਕਿਸਾਨ ਅਮਰੀਕ ਸਿੰਘ ਨੇ ਰਾਊਂਡ ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾਈਆਂ
Publish Date: Thu, 22 Oct 2026 05:39 PM (IST)
Updated Date: Thu, 22 Oct 2026 05:39 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ: ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟਸਮੀਰ ਦੇ ਅਗਾਂਹਵਧੂ ਕਿਸਾਨ ਅਮਰੀਕ ਸਿੰਘ ਪੁੱਤਰ ਜਗੀਰ ਸਿੰਘ ਨੇ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਲਈ ਰਾਊਂਡ ਬੇਲਰ ਮਸ਼ੀਨ ਦੀ ਵਰਤੋਂ ਕਰਕੇ ਪਰਾਲੀ ਦੀਆਂ ਗੱਠਾਂ ਤਿਆਰ ਕੀਤੀਆਂ ਹਨ। ਉਨ੍ਹਾਂ ਦਾ ਇਹ ਉਪਰਾਲਾ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਅਤੇ ਵਾਤਾਵਰਨ ਦੀ ਸੁਰੱਖਿਆ ਵੱਲ ਇੱਕ ਸ਼ਲਾਘਾਯੋਗ ਕਦਮ ਹੈ। ਆਧੁਨਿਕ ਖੇਤੀ ਤਕਨੀਕ ਅਪਣਾ ਕੇ ਉਨ੍ਹਾਂ ਨੇ ਹੋਰਨਾਂ ਕਿਸਾਨਾਂ ਨੂੰ ਵੀ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਹੈ। ਰਾਊਂਡ ਬੇਲਰ ਮਸ਼ੀਨ ਦੀ ਮਦਦ ਨਾਲ ਪਰਾਲੀ ਨੂੰ ਇਕੱਠਾ ਕਰਕੇ ਗੱਠਾਂ ਵਿਚ ਬਦਲਿਆ ਜਾ ਸਕਦਾ ਹੈ, ਜਿਸ ਨਾਲ ਇਸ ਦੀ ਸੰਭਾਲ ਅਤੇ ਅਗਲੇਰੀ ਵਰਤੋਂ ਕਰਨੀ ਆਸਾਨ ਹੋ ਜਾਂਦੀ ਹੈ। ਇਸ ਤਕਨੀਕ ਨਾਲ ਪਰਾਲੀ ਨੂੰ ਖੇਤਾਂ ਵਿਚ ਅੱਗ ਲਗਾਉਣ ਦੀ ਲੋੜ ਘਟਦੀ ਹੈ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿੱਚ ਮਦਦ ਮਿਲਦੀ ਹੈ। ਪਰਾਲੀ ਨਾ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਜ਼ਮੀਨ ਵਿੱਚ ਮੌਜੂਦ ਮਿੱਤਰ ਕੀਟਾਂ ਦੀ ਸੁਰੱਖਿਆ ਵਿਚ ਵੀ ਸਹਾਇਤਾ ਮਿਲਦੀ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨ ਅਮਰੀਕ ਸਿੰਘ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਦੇ ਪ੍ਰਬੰਧਨ ਲਈ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਪ੍ਰਦੂਸ਼ਿਤ ਹੁੰਦੀ ਹੈ ਅਤੇ ਮਿੱਟੀ ਦੀ ਸਿਹਤ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਇਸ ਤੋਂ ਇਲਾਵਾ ਜ਼ਮੀਨ ਵਿੱਚ ਮੌਜੂਦ ਲਾਭਦਾਇਕ ਜੀਵ ਵੀ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਲੰਬੇ ਸਮੇਂ ਵਿੱਚ ਖੇਤੀਬਾੜੀ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਸਹਿਕਾਰੀ ਸਭਾਵਾਂ ਅਤੇ ਹੋਰ ਉਪਲਬਧ ਸਾਧਨਾਂ ਰਾਹੀਂ ਬੇਲਰ ਸਮੇਤ ਪਰਾਲੀ ਦੀ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਅਗਾਂਹਵਧੂ ਕਿਸਾਨਾਂ ਨੂੰ ਆਪਣੇ ਤਜਰਬੇ ਹੋਰਨਾਂ ਕਿਸਾਨਾਂ ਨਾਲ ਸਾਂਝੇ ਕਰਕੇ ਉਨ੍ਹਾਂ ਨੂੰ ਵੀ ਪਰਾਲੀ ਨਾ ਸਾੜਨ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਜੀਤ ਵਿਰਕ, ਡਾ. ਅਸਮਾਨਦੀਪ ਸਿੰਘ, ਟੈਕਨੀਕਲ ਅਸਿਸਟੈਂਟ ਸੁਖਦੀਪ ਸਿੰਘ ਜੂਨੀਅਰ ਅਤੇ ਅਮਨਦੀਪ ਕੌਰ ਵੀ ਹਾਜ਼ਰ ਸਨ।